ਮੋਤੀ ਮਹਿਲ ਘੇਰਨ ਜਾਂਦੇ ਪੁਲਿਸ ਨੇ ਬੇਰੀਕੇਡ ਲਾਕੇ ਰੋਕੇ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਠੇਕਾ ਮੁਲਾਜ਼ਮ ਸੰਘਰਸ ਮੋਰਚਾ ਪੰਜਾਬ ਵੱਲੋਂ ਅੱਜ ਇੱਥੇ ਪੁੱਡਾ ਗਰਾਊਂਡ ਵਿਖੇ ਪਰਿਵਾਰਾਂ ਸਮੇਤ ਵਿਸ਼ਾਲ ਰੈਲੀ ਕਰਕੇ ਪੰਜਾਬ ਸਰਕਾਰ ਖਿਲਾਫ਼ ਹੱਲਾ ਬੋਲਿਆ ਗਿਆ। ਰੈਲੀ ਵਿੱਚ ਸਰਕਾਰ ਖਿਲਾਫ਼ ਤਕਰੀਕਾਂ ਕਰਨ ਤੋਂ ਬਾਅਦ ਸੈਕੜਿਆਂ ਦੀ ਗਿਣਤੀ ਵਿੱਚ ਠੇਕਾਂ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਮੋਤੀ ਮਹਿਲਾ ਵੱਲ ਰੁੱਖ ਕਰ ਲਿਆ,ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਭਾਜੜ ਮੱਚ ਗਈ। ਮੁਲਾਜ਼ਮਾਂ ਦੇ ਮਹਿਲਾ ਵੱਲ ਰੋਸ਼ ਮਾਰਚ ਨੂੰ ਦੇਖਿਆ ਵੱਡੀ ਗਿਣਤੀ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਮੋਤੀ ਮਹਿਲਾ ਨੂੰ ਸਖਤ ਸਰੁੱਖਿਆ ਪ੍ਰਬੰਧਾਂ ਹੇਠ ਪਹਿਰਾ ਦਿੱਤਾ ਹੋਇਆ ਸੀ।
ਰੈਲੀ ਵਿੱਚ ਸੰਬੋਧਨ ਕਰਦਿਆਂ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਵਰਿੰਦਰ ਸਿੰਘ ਮੋਮੀ, ਗੁਰਵਿੰਦਰ ਸਿੰਘ ਪੰਨੂ ਨੇ ਕਿਹਾ ਕਿ ਕੈਪਟਨ ਸਰਕਾਰ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਲੰਘੇ ਸਾਢੇ ਤਿੰਨ ਸਾਲਾਂ ਵਿੱਚ ਕਿਸੇ ਵੀ ਅਦਾਰੇ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ ਸਗੋਂ ਸਰਕਾਰ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕਰਨ ਵਾਲੇ ਪਾਸੇ ਤੁਰੀ ਹੋਈ ਹੈ।
ਆਗੂਆਂ ਨੇ ਕਿਹਾ ਕਿ ਮੋਰਚੇ ਦੇ ਬੈਨਰ ਹੇਠ ਕੀਤੇ ਲਗਾਤਾਰ ਸੰਘਰਸ਼ਾਂ ਦੀ ਬਦੌਲਤ ਅਕਾਲੀ-ਭਾਜਪਾ ਸਰਕਾਰ ਨੇ ਦੀ ਪੰਜਾਬ ਐਡਹਾਕ, ਕੰਟਰੈਕਟ, ਡੇਲੀਵੇਜ,ਟੈਂਪਰੇਰੀ,ਆਊਟਸੌਰਸਿੰਗ ਅਤੇ ਇੰਪਲਾਇਜ਼ ਵੈੱਲਫੇਅਰ ਐਕਟ 2016 ਬਣਾਇਆ ਸੀ ਪਰ ਕੈਪਟਨ ਸਰਕਾਰ ਇਸ ਐਕਟ ਨੂੰ ਲਾਗੂ ਕਰਨ ਤੋਂ ਲਗਾਤਾਰ ਟਾਲਾ ਵੱਟਣ ਦੇ ਨਾਲ-ਨਾਲ ਵੈੱਲਫੇਅਰ ਐਕਟ 2016′ ਨੂੰ ਤੋੜਕੇ ਐਕਟ ਵਿੱਚ ਸ਼ਾਮਿਲ ਵੱਡੀ ਗਿਣਤੀ ਦੀਆਂ ਕੈਟਾਗਿਰੀਆਂ ਜਿਵੇਂ ਕਿ ਆਉਟਸੋਰਸਿੰਗ, ਇਨਲਿਸਟਮੈਂਟ ਅਤੇ ਠੇਕਾ ਪ੍ਰਣਾਲੀ ਆਦਿ ਨੂੰ ਐਕਟ ਤੋਂ ਬਾਹਰ ਕਰਨ ਵਾਲੇ ਪਾਸੇ ਤੁਰੀ ਹੋਈ ਹੈ
ਜਦੋਂ ਕਿ ਸਮੂਹ ਸਰਕਾਰੀ ਵਿਭਾਗਾਂ ਵਿੱਚ ਠੇਕਾ ਪ੍ਰਣਾਲੀ ਤਹਿਤ ਵੱਡੀ ਗਿਣਤੀ ਵਿੱਚ ਠੇਕਾ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਹਨ। ਇਸ ਮੌਕੇ ਬਲਿਹਾਰ ਸਿੰਘ ਕਟਾਰੀਆ, ਰੇਸ਼ਮ ਸਿੰਘ ਗਿੱਲ, ਸ਼ੇਰ ਸਿੰਘ ਖੰਨਾ, ਜਗਜੀਤ ਸਿੰਘ ਭਦੌੜ ਅਤੇ ਰਿਸ਼ੀ ਸੋਨੀ ਰੋਪੜ ਨੇ ਮੰਗ ਕੀਤੀ ਕਿ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵੈੱਲਫੇਅਰ ਐਕਟ 2016 ਅਧੀਨ ਲਿਆਕੇ ਪੂਰੀਆਂ ਤਨਖਾਹਾਂ, ਭੱਤਿਆਂ ਤੇ ਪੈਂਨਸਨਰੀ ਲਾਭਾਂ ਸਮੇਤ ਰੈਗੂਲਰ ਕੀਤਾ ਜਾਵੇ ਅਤੇ ਬਾਹਰ ਰੱਖੀਆਂ ਕੈਟਾਗਿਰੀਆਂ ਨੂੰ ਐਕਟ ਵਿੱਚ ਸ਼ਾਮਿਲ ਕੀਤਾ ਜਾਵੇ। ਇਸ ਦੇ ਨਾਲ ਹੀ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਰੱਦ ਕੀਤੀਆਂ ਜਾਣ ਅਤੇ ਛਾਂਟੀ ਕੀਤੇ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ।
ਸਮੂਹ ਵਿਭਾਗਾਂ ਦੇ ਨਿੱਜੀਕਰਨ,ਪੰਚਾਇਤੀਕਰਨ ਅਤੇ ਪੁਨਰਗਠਨ ਦੀ ਨੀਤੀ ਰੱਦ ਕਰਨ ਕੀਤੀ ਜਾਵੇ ਅਤੇ ਵਿਭਾਗਾਂ ਦਾ ਸਰਕਾਰੀਕਰਨ ਕੀਤਾ ਜਾਵੇ। ਇਸ ਰੈਲੀ ਤੋਂ ਦੁਪਹਿਰ ਬਾਅਦ ਮੁਲਾਜ਼ਮਾਂ ਵੱਲੋਂ ਮੋਤੀ ਮਹਿਲਾ ਵੱਲ ਚਾਲੇ ਪਾ ਦਿੱਤੇ ਗਏ ਅਤੇ ਭਾਰੀ ਗਿਣਤੀ ਪੁਲਿਸ ਵੱਲੋਂ ਪੋਲੋਂ ਗਰਾਉਂਡ ਕੋਲ ਬੈਰੀਕੇਡ ਲਗਾਕੇ ਇਨ੍ਹਾਂ ਨੂੰ ਰੋਕ ਲਿਆ। ਸੈਕੜਿਆਂ ਵਿੱਚ ਦੀ ਗਿਣਤੀ ਵਿੱਚ ਮੁਲਾਜ਼ਮਾਂ ਵੱਲੋਂ ਉੱਥੇ ਹੀ ਧਰਨਾਂ ਸ਼ੁਰੂ ਕਰ ਦਿੱਤਾ। ਕਾਫ਼ੀ ਸਮਾਂ ਇੱਥੇ ਨਾਅਰੇਬਾਰੀ ਹੋਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਮੀਟਿੰਗ ਤੈਅ ਕਰਵਾਈ ਗਈ। ਇਸ ਰੈਲੀ ਨੂੰ ਕਾਫ਼ੀ ਭਰਾਤਰੀ ਜਥੇਬੰਦੀਆਂ ਵੱਲੋਂ ਵੀ ਸੰਬੋਧਨ ਕੀਤਾ ਗਿਆ।
15 ਦੀ ਮੰਤਰੀ ਨਾਲ ਮੀਟਿੰਗ ਤੈਅ
ਪੁਲਿਸ ਪ੍ਰਸ਼ਾਸਨ ਵੱਲੋਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨਾਲ 15 ਅਕਤੂਬਰ ਨੂੰ ਚੰਡੀਗੜ੍ਹ ਉਨ੍ਹਾਂ ਦੇ ਘਰ ਪੈਨਲ ਮੀਟਿੰਗ ਤੈਅ ਕਰਵਾਉਣ ਸਬੰਧੀ ਲਿਖਤੀ ਪੱਤਰ ਦਿੱਤਾ ਗਿਆ। ਪੱਤਰ ਮੁਤਾਬਿਕ ਇਸ ਮੀਟਿੰਗ ਵਿੱਚ ਨੁੰਮਾਇੰਦਿਆ ਦੀ ਗਿਣਤੀ ਪੰਜ ਤੋਂ ਵੱਧ ਨਾ ਹੋਵੇ। ਆਗੂਆਂ ਨੇ ਕਿਹਾ ਕਿ ਜੇਕਰ 15 ਦੀ ਮੀਟਿੰਗ ਵਿੱਚ ਮੰਗਾਂ ਸਬੰਧੀ ਕੋਈ ਹੱਲ ਨਾ ਨਿਕਲਿਆ ਤਾ ਸੰਘਰਸ ਹੋਰ ਤੇਜ਼ ਕੀਤਾ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.