ਅਮਰਿੰਦਰ ਸਿੰਘ ਲੈ ਸਕਦੇ ਹਨ ਖੇਤੀ ਕਾਨੂੰਨਾਂ ਖਿਲਾਫ਼ ਕੋਈ ਵੱਡਾ ਫੈਸਲਾ
ਕੇਂਦਰੀ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਉਚੇਚਾ ਇਜਲਾਸ
ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਦਾ ਇਜਲਾਸ ਬਸ ਥੋੜ੍ਹੀ ਦੇਰ ‘ਚ ਹੋ ਹੋਣ ਜਾ ਰਿਹਾ ਹੈ। ਇਸ ਦੌਰਾਨ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਸਰਕਾਰ ਕੋਈ ਵੱਡਾ ਫੈਸਲਾ ਲੈ ਸਕਦੀ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਕੀਤੀਆਂ ਗਈਆਂ ਹਨ। ਅਮਰਿੰਦਰ ਸਿੰਘ ਪਿਛਲੇ ਕਈ ਦਿਨਾਂ ਤੋਂ ਇਨ੍ਹਾਂ ਖੇਤੀ ਕਾਨੂੰਨਾਂ ਖਿਲਾਫ਼ ਆਪਣੇ ਮੰਤਰੀਆਂ ਨਾਲ ਚਰਚਾ ਕਰ ਰਹੇ ਹਨ। ਮੁੱਖ ਮੰਤਰੀ ਚਾਹੁੰਦੇ ਹਨ ਕਿ ਇਨ੍ਹਾਂ ਖੇਤੀ ਕਾਨੂੰਨਾਂ ਦਾ ਪੰਜਾਬ ਦੇ ਕਿਸਾਨਾਂ ‘ਤੇ ਅਸਰ ਨਾ ਹੋਵੇ ਤੇ ਪਿਛਲੇ ਦਿਨੀਂ ਅਮਰਿੰਦਰ ਸਿੰਘ ਨੇ ਪੰਜਾਬ ‘ਚ ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਟਰੈਕਟਰ ਰੈਲੀਆਂ ਕਰਕੇ ਵਿਰੋਧ ਪ੍ਰਗਟਾਇਆ ਸੀ। ਪੰਜਾਬ ਦੇ ਮੁੱਖ ਮੰਤਰੀ ਕਿਸਾਨਾਂ ਦੇ ਹੱਕਾਂ ਲਈ ਕੋਈ ਜ਼ਰੂਰ ਵੱਡਾ ਐਲਾਨ ਕਰ ਸਕਦੇ ਹਨ।
ਜਿਕਰਯੋਗ ਹੈ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਨਵਾਂ ਕਾਨੂੰਨ ਬਣਾਉਣ ਲਈ ਸੱਦਿਆ ਗਿਆ ਉਚੇਚਾ ਇਜਲਾਸ ਇੱਕ ਦਿਨ ਦਾ ਹੋਣਾ ਸੀ ਪਰ ਹੁਣ ਇਸ ਵਿੱਚ ਵਾਧਾ ਕਰਦੇ ਹੋਏ ਦੋ ਰੋਜ਼ਾ ਕਰ ਦਿੱਤਾ ਗਿਆ ਹੈ। ਇਹ ਫੈਸਲਾ ਕਾਂਗਰਸ ਵਿਧਾਇਕ ਦਲ ਦੀ ਕੱਲ ਹੋਈ ਮੀਟਿੰਗ ‘ਚ ਚੰਡੀਗੜ੍ਹ ਵਿਖੇ ਲਿਆ ਗਿਆ ਹੈ, ਜਿਥੇ ਮੁੱਖ ਮੰਤਰੀ ਅਮਰਿੰਦਰ ਸਿੰਘ ਇਸ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਕਾਂਗਰਸੀ ਵਿਧਾਇਕਾਂ ਨਾਲ ਲੰਚ ‘ਤੇ ਮੀਟਿੰਗ ਕਰ ਰਹੇ ਸਨ। ਇਸ ਵਿਧਾਨ ਸਭਾ ਦੇ ਉਚੇਚੇ ਇਜਲਾਸ ਵਿੱਚ ਸੋਮਵਾਰ ਨੂੰ ਖੇਤੀਬਾੜੀ ਨਾਲ ਸਬੰਧਿਤ ਕਾਂਗਰਸ ਸਰਕਾਰ ਆਪਣਾ ਬਿੱਲ ਪੇਸ਼ ਕਰੇਗੀ, ਜਿਸ ਸਬੰਧੀ ਚਰਚਾ ਮੰਗਲਵਾਰ ਤੱਕ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਖੁਸ਼ ਕਰਨ ਲਈ ਸਰਕਾਰ ਵੱਲੋਂ ਕੁਝ ਹੋਰ ਬਿੱਲ ਵੀ ਪੇਸ਼ ਕੀਤੇ ਜਾ ਸਕਦੇ ਹਨ, ਜਿਹੜੇ ਕਿ ਕਿਸਾਨਾਂ ਨਾਲ ਸਬੰਧਿਤ ਹੋਣਗੇ। ਓਧਰ ਵਿਰੋਧੀ ਧਿਰਾਂ ਨੇ ਇੱਕ ਦਿਨ ਤੋਂ ਦੋ ਰੋਜ਼ਾ ਹੋਏ ਸੈਸ਼ਨ ਨੂੰ ਖਾਰਜ ਕਰਦੇ ਹੋਏ ਇਸ ਸੈਸ਼ਨ ਨੂੰ 7 ਰੋਜ਼ਾ ਕਰਨ ਦੀ ਮੁੜ ਮੰਗ ਕਰ ਦਿੱਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.