ਦੇਸ਼ ਭਰ ਦੇ ਕਿਸਾਨ ਹੋਏ ਇੱਕਜੁਟ, ਹੁਣ ‘ਦਿੱਲੀ ਚੱਲੋ’ ਅੰਦੋਲਨ ਦੀ ਸ਼ੁਰੂਆਤ

5 ਨਵੰਬਰ ਨੂੰ ਦੇਸ਼ ਭਰ ਵਿੱਚ ਕੀਤਾ ਜਾਵੇਗਾ 4 ਵਜੇ ਤੱਕ ਚੱਕਾ ਜਾਮ

ਚੰਡੀਗੜ, (ਅਸ਼ਵਨੀ ਚਾਵਲਾ)। ਕੇਂਦਰ ਸਰਕਾਰ ਦੇ ਤਿੰਨ ਕਾਨੂੰਨਾਂ ਖ਼ਿਲਾਫ਼ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਇੱਕਜੁਟ ਹੋ ਗਈਆਂ ਹਨ ਅਤੇ ਹੁਣ ਦੇਸ਼ ਭਰ ਵਿੱਚ ਇਸ ਅੰਦੋਲਨ ਨੂੰ ਚਲਾਉਣ ਲਈ ਸਾਂਝੇ ਤੌਰ ‘ਤੇ ਫੈਸਲਾ ਲਿਆ ਜਾਵੇਗਾ। ਦਿੱਲੀ ਵਿਖੇ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਝੰਡੇ ਹੇਠ 500 ਤੋਂ ਜਿਆਦਾ ਕਿਸਾਨ ਜਥੇਬੰਦੀਆਂ ਨੇ ਮੀਟਿੰਗ ਕਰਦੇ ਹੋਏ ‘ਦਿੱਲੀ ਚੱਲੋ’ ਅੰਦੋਲਨ ਦਾ ਐਲਾਨ ਕਰ ਦਿੱਤਾ ਹੈ। ਜਿਸ ਤਹਿਤ ਅਗਲੇ ਮਹੀਨੇ 27 ਅਤੇ 28 ਨਵੰਬਰ ਨੂੰ ਦਿੱਲੀ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨਗੇ। ਇਸ ਅੰਦੋਲਨ ਵਿੱਚ ਭਾਗ ਲੈਣ ਲਈ ਕਿਸਾਨ ਆਗੂ ਇੱਕ ਹਫ਼ਤਾ ਪਹਿਲਾਂ ਤੋਂ ਕਿਸਾਨਾਂ ਨੂੰ ਦਿੱਲੀ ਰਵਾਨਾ ਕਰਨ ਦੀ ਕਾਰਵਾਈ ਸ਼ੁਰੂ ਕਰ ਦੇਣਗੇ ਤਾਂ ਕਿ ਦਿੱਲੀ ਵਿਖੇ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾ ਸਕੇ।

ਇਸ ਨਾਲ ਹੀ 5 ਨਵੰਬਰ ਨੂੰ ਦੇਸ਼ ਭਰ ਵਿੱਚ ਚੱਕਾ ਜਾਮ ਕੀਤਾ ਜਾਵੇਗਾ, ਇਹ ਚੱਕਾ ਜਾਮ ਸਵੇਰੇ 12 ਵਜੇ ਸ਼ੁਰੂ ਹੁੰਦੇ ਹੋਏ 4 ਵਜੇ ਤੱਕ ਚੱਲੇਗਾ। ਇਸ 4 ਘੰਟੇ ਦੇ ਚੱਕਾ ਜਾਮ ਵਿੱਚ ਦੇਸ਼ ਭਰ ਵਿੱਚ ਆਵਾਜਾਈ ਨੂੰ ਰੋਕਦੇ ਹੋਏ ਕੇਂਦਰ ਸਰਕਾਰ ਨੂੰ ਸਖ਼ਤ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਦਿੱਲੀ ਵਿਖੇ ਹੋਈ ਮੀਟਿੰਗ ਵਿੱਚ ਇੱਕ ਸਾਂਝੀ ਕਮੇਟੀ ਦਾ ਗਠਨ ਵੀ ਕਰ ਦਿੱਤਾ ਗਿਆ ਹੈ, ਜਿਸ ਵਿੱਚ ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਸਿੰਘ, ਰਾਜੂ ਸੈਂਟੀ ਅਤੇ ਯੋਗਿੰਦਰ ਯਾਦਵ ਸਣੇ ਵੀ.ਐਮ. ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਦੇਸ਼ ਪੱਧਰੀ ਅੰਦੋਲਨ ਦੀ ਰਣਨੀਤੀ ਤਿਆਰ ਕਰੇਗੀ।

ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਵਰਕਿੰਗ ਗਰੁੱਪ ਦੇ ਮੈਂਬਰ ਜਗਮੋਹਨ ਸਿੰਘ ਨੇ ਦੱਸਿਆ ਕਿ ਦੇਸ਼ ਭਰ ਦੀਆਂ 250 ਤੋਂ ਜਿਆਦਾ ਕਿਸਾਨ ਜਥੇਬੰਦੀਆਂ ਪਹਿਲਾਂ ਹੀ ਇੱਕ ਜੁਟ ਸਨ, ਜਦੋਂ ਕਿ ਹੁਣ ਇਹ ਗਿਣਤੀ ਵੱਧ ਕੇ 500 ਤੋਂ ਜਿਆਦਾ ਹੋ ਗਈ ਹੈ ਅਤੇ ਇਨ੍ਹਾਂ ਵਿੱਚ 20 ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਸ਼ਾਮਲ ਹਨ। ਜਗਮੋਹਨ ਸਿੰਘ ਨੇ ਦੱਸਿਆ ਕਿ ਦਿੱਲੀ ਚੱਲੋ ਅੰਦੋਲਨ ਦੇ ਨਾਲ ਹੀ ਕਿਸਾਨਾਂ ਦੇ ਅੰਦੋਲਨ ਨੂੰ ਹੋਰ ਸਖ਼ਤ ਕੀਤਾ ਜਾਵੇਗਾ।

ਪੰਜਾਬ ਵਿੱਚ ਮਾਲ ਗੱਡੀਆਂ ਨੂੰ ਰੋਕਣ ਬਾਰੇ ਜਗਮੋਹਨ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਹੁਣ ਜਾਣਬੁੱਝ ਕੇ ਕਿਸਾਨਾਂ ਖ਼ਿਲਾਫ਼ ਆਮ ਲੋਕਾਂ ਨੂੰ ਭੜਕਾਉਣ ਦੀ ਕੋਸ਼ਸ਼ ਕੀਤੀ ਜਾ ਰਹੀ ਹੈ। ਕਿਸਾਨਾਂ ਵੱਲੋਂ ਮਾਲ ਗੱਡੀਆਂ ਨੂੰ ਪਹਿਲਾਂ ਤੋਂ ਹੀ ਹਰੀ ਝੰਡੀ ਦੇ ਦਿੱਤੀ ਗਈ ਹੈ ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਨੂੰ ਰੋਕਣਾ ਇਹ ਸਾਬਤ ਕਰਦਾ ਹੈ ਕਿ ਇਸ ਨਾਲ ਪ੍ਰਭਾਵਿਤ ਹੋਣ ਵਾਲੇ ਲੋਕ ਅਤੇ ਉਦਯੋਗਪਤੀ ਕਿਸਾਨਾਂ ਖ਼ਿਲਾਫ਼ ਹੋ ਜਾਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਮਨਸ਼ਾ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਹ ਮੁੜ ਤੋਂ ਕਹਿ ਰਹੇ ਹਨ ਕਿ ਰੇਲਵੇ ਲਾਈਨ ਨੂੰ ਮਾਲ ਗੱਡੀਆਂ ਲਈ ਖ਼ਾਲੀ ਕਰ ਦਿੱਤਾ ਗਿਆ ਹੈ ਅਤੇ ਕਿਤੇ ਵੀ ਨਹੀਂ ਰੋਕਿਆ ਜਾ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.