ਕਣਕ ਦੇ ਬੀਜ ਦੀ ਸਬਸਿਡੀ ਨੀਤੀ ਨੂੰ ਮਨਜ਼ੂਰੀ, ਕਿਸਾਨਾਂ ਨੂੰ ਹੋਏਗਾ ਫਾਇਦਾ

ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਪਹਿਲ

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹਾੜੀ ਸੀਜ਼ਨ ਦੌਰਾਨ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ‘ਤੇ ਕਣਕ ਦਾ ਪ੍ਰਮਾਣਿਤ ਬੀਜ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਦੀ ਕਣਕ ਦੇ ਬੀਜ ਸਬੰਧੀ ਸਬਸਿਡੀ ਨੀਤੀ-2020-21 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨੀਤੀ ਤਹਿਤ ਕਿਸਾਨਾਂ ਨੂੰ 18.50 ਕਰੋੜ ਰੁਪਏ ਦੀ ਸਬਸਿਡੀ ਦੇ ਨਾਲ ਕੁੱਲ 1.85 ਲੱਖ ਕੁਇੰਟਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਇਆ ਜਾਵੇਗਾ ਜਿਸ ਨਾਲ ਸਿੱਧੇ ਤੌਰ ‘ਤੇ  ਲਗਭਗ 2.5 ਲੱਖ ਕਿਸਾਨਾਂ ਨੂੰ  ਲਾਭ ਮਿਲੇਗਾ।

ਮੁੱਖ ਮੰਤਰੀ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਸਬਸਿਡੀ ਵਾਲਾ ਬੀਜ ਮੁਹੱਈਆ ਕਰਵਾਉਣ ਨੂੰ ਪਹਿਲ ਦਿੱਤੀ ਜਾਵੇ। ਉਨਾਂ ਕਿਹਾ ਕਿ ਸਬਸਿਡੀ ਸਿਰਫ ਯੋਗ ਕਿਸਾਨਾਂ ਨੂੰ ਦਿੱਤੀ ਜਾਵੇ ਅਤੇ ਸਬਸਿਡੀ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇ। ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 1 ਨਵੰਬਰ ਤੋਂ ਆਪਣੇ ਖੇਤਰਾਂ ਵਿਚਲੇ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ‘ਚ ਅਰਜ਼ੀਆਂ ਜਮਾਂ ਕਰਵਾ ਸਕਦੇ ਹਨ।

ਇਸ ਦੌਰਾਨ ਵਧੀਕ ਮੁੱਖ ਸਕੱਤਰ (ਵਿਕਾਸ) ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਦੱਸਿਆ ਸਬਸਿਡੀ ਬੀਜਾਂ ਦੀ ਕੁੱਲ ਕੀਮਤ ਦੇ 50 ਫੀਸਦੀ ਦੇ ਬਰਾਬਰ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਯੋਗ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟਰਾਂਸਫਰ ਕੀਤੀ ਜਾਵੇਗੀ ਅਤੇ ਕਣਕ ਦੇ ਬੀਜ ‘ਤੇ ਸਬਸਿਡੀ ਵੱਧ ਤੋਂ ਵੱਧ 5 ਏਕੜ ਰਕਬੇ ਲਈ ਦਿੱਤੀ ਜਾਵੇਗੀ। ਗੌਰਤਲਬ ਹੈ ਕਿ ਹਾੜੀ ਸੀਜ਼ਨ 2020-21 ਦੌਰਾਨ ਸੂਬੇ ਦੇ ਲਗਭਗ 35 ਲੱਖ ਹੈਕਟੇਅਰ ਰਕਬੇ ਵਿਚ ਕਣਕ ਦੀ ਕਾਸ਼ਤ ਹੋਣ ਦੀ ਉਮੀਦ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.