ਮੀਟਿੰਗ ‘ਚ ਖੇਤੀ ਕਾਨੂੰਨਾਂ ਬਾਰੇ ਵਿਸਥਾਰ ਚਰਚਾ
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂਆਂ ਨੇ ਵੀਰਵਾਰ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁੱਖ ਮੰਤਰੀ ਨਿਵਾਸ ‘ਤੇ ਮੁਲਾਕਾਤ ਕਰਕੇ ਖੇਤੀ ਬਾਰੇ ਕਾਨੂੰਨਾਂ ‘ਤੇ ਵਿਸਥਾਰ ਨਾਲ ਚਰਚਾ ਹੋਈ। ਬੈਠਕ ‘ਚ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਵਿਧਾਇਕ), ਯੂਥ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ, ਵਿਧਾਇਕ ਅਮਨ ਅਰੋੜਾ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਮੌਜੂਦ ਸਨ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ ਨੇ ‘ਆਪ’ ਪੰਜਾਬ ਦੀ ਸਾਰੀ ਲੀਡਰਸ਼ਿਪ ਨੂੰ ਹਦਾਇਤ ਕੀਤੀ ਹੈ ਕਿ ਉਹ ਕਿਸਾਨਾਂ ਦਾ ਡਟ ਕੇ ਸਾਥ ਦੇਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਉਨਾਂ ਦੀਆਂ ਸਾਰੀਆਂ ਫ਼ਸਲਾਂ ਲਈ ਘੱਟੋ-ਘੱਟ ਸਮੱਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਰੰਟੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਗੱਲ ਦਾ ਕੋਈ ਫ਼ਰਕ ਨਹੀਂ ਪੈਂਦਾ ਕਿ ਐਮਐਸਪੀ ਕੌਣ ਦੇਵੇਗਾ? ਕਿਸਾਨਾਂ ਨੂੰ ਐਮਐਸਪੀ ਉੱਤੇ ਖ਼ਰੀਦ ਦੀ ਕਾਨੂੰਨੀ ਗਰੰਟੀ ਜ਼ਰੂਰੀ ਹੈ।
ਕੇਜਰੀਵਾਲ ਨੇ ਕਿਹਾ ਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਐਮਐਸਪੀ ‘ਤੇ ਕਾਨੂੰਨੀ ਗਰੰਟੀ ਨਹੀਂ ਦਿੰਦੇ ਤਾਂ ਇਹ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਦੇਣੀ ਚਾਹੀਦੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕ ਲਈ ਆਖ਼ਰੀ ਦਮ ਤੱਕ ਲੜਾਈ ਲੜੇਗੀ ਅਤੇ ਕਿਸਾਨਾਂ ਨੂੰ ਉਨਾਂ ਦੀਆਂ ਫ਼ਸਲਾਂ ਦੀ ਐਮਐਸਪੀ ‘ਤੇ ਖ਼ਰੀਦ ਦੀ ਕਾਨੂੰਨੀ ਗਰੰਟੀ ਦਿਵਾ ਕੇ ਦਮ ਲਵੇਗੀ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ‘ਆਪ’ ਲੀਡਰਸ਼ਿਪ ਨੂੰ ਨਿਰਦੇਸ਼ ਦਿੱਤੇ ਕਿ ਉਹ ਕਿਸਾਨਾਂ ਨੂੰ ਐਮ.ਐਸ.ਪੀ ਦੀ ਕਾਨੂੰਨੀ ਗਰੰਟੀ ਦਿਵਾਉਣ ਲਈ ਪੂਰੇ ਪੰਜਾਬ ‘ਚ ਮੁਹਿੰਮ ਚਲਾਉਣ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.