ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਡਾਇਰੈਕਟਰ ਸਿਹਤ ਵਿਭਾਗ ਨੂੰ ਕੀਤਾ ਤਲਬ

ਡਾਇਰੈਕਟਰ ਨੂੰ 26 ਨਵੰਬਰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਕੀਤੇ ਹੁਕਮ

ਬਠਿੰਡਾ, (ਸੁਖਜੀਤ ਮਾਨ) ਬਠਿੰਡਾ ਦੇ ਸਿਵਲ ਹਸਪਤਾਲ ‘ਚ ਸਥਿਤ ਬਲੱਡ ਬੈਂਕ ਵੱਲੋਂ ਲਗਾਤਾਰ ਵਰਤੀ ਜਾ ਰਹੀ ਅਣਗਹਿਲੀ ਦਾ ਮਾਮਲਾ ਹੁਣ ਉੱਚ ਪੱਧਰ ਤੱਕ ਪਹੁੰਚ ਗਿਆ ਹੈ ਥੈਲੇਸੀਮੀਆ ਪੀੜਤ ਬੱਚਿਆਂ ਨੂੰ ਐਚਆਈਵੀ ਪਾਜ਼ਿਟਿਵ ਖੂਨ ਚੜ੍ਹ੍ਹਾਉਣ ਦੇ ਮਾਮਲੇ ‘ਚ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਸਖਤ ਨੋਟਿਸ ਲੈਂਦਿਆਂ ਸਿਹਤ ਵਿਭਾਗ ਦੇ ਡਾਇਰੈਕਟਰ ਨੂੰ ਤਲਬ ਕੀਤਾ ਹੈ ਕਮਿਸ਼ਨ ਨੇ ਡਾਇਰੈਕਟਰ ਨੂੰ 26 ਨਵੰਬਰ ਨੂੰ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਰਿਪੋਰਟ ਦੇਣ ਦੇ ਹੁਕਮ ਕੀਤੇ ਹਨ

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਰਾਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ‘ਚ ਇੱਕ ਹੋਰ 11 ਸਾਲ ਦੇ ਮਾਸੂਮ ਬੱਚੇ, ਜੋ ਥੈਲੇਸੀਮੀਆ ਪੀੜ੍ਹਤ ਹੈ ਨੂੰ ਐੱਚਆਈਵੀ ਪਾਜ਼ਿਟਿਵ ਖੂਨ ਚੜ੍ਹਾਉਣ ਦਾ ਮਾਮਲਾ ਆਇਆ ਹੈ ਜਦੋਂਕਿ ਇਸ ਤੋਂ ਪਹਿਲਾਂ ਵੀ 8 ਸਾਲ ਦੇ ਬੱਚੇ ਨੂੰ ਐਚਆਈਵੀ ਪਾਜ਼ਿਟਿਵ ਖੂਨ ਚੜ੍ਹਾਇਆ ਗਿਆ ਸੀ

ਜਿਸ ਸਬੰਧੀ ਜ਼ਿੰਮੇਵਾਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਲਈ ਸਿਹਤ ਵਿਭਾਗ ਨੂੰ ਪੱਤਰ ਲਿਖਿਆ ਗਿਆ ਸੀ ਤਾਂ ਜੋ ਨਿਰਪੱਖ ਜਾਂਚ ਹੋ ਸਕੇ ਤਾਜਾ ਮਾਮਲੇ ਸਬੰਧੀ ਚੇਅਰਮੈਨ ਨੇ ਦੱਸਿਆ ਕਿ 19 ਨਵੰਬਰ ਨੂੰ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਅਧਿਕਾਰੀ ਨੂੰ ਸਮੇਤ ਰਿਪੋਰਟ ਕਮਿਸ਼ਨ ਵਿਖੇ ਹਾਜ਼ਰ ਹੋਣ ਲਈ ਕਿਹਾ ਗਿਆ ਸੀ ਇਸ ਆਧਾਰ ‘ਤੇ ਡਿਪਟੀ ਕਮਿਸ਼ਨਰ ਵੱਲੋਂ ਡਾ. ਗੁਰਮੇਲ ਸਿੰਘ ਜੋ ਕਿ ਇਸ ਮਾਮਲੇ ਦੀ ਪੜ੍ਹਤਾਲੀਆ ਕਮੇਟੀ ਦੇ ਮੈਂਬਰ ਹਨ ਵੱਲੋਂ ਹਾਜ਼ਰ ਹੋ ਕੇ ਰਿਪੋਰਟ ਪੇਸ਼ ਕੀਤੀ ਗਈ ਹਾਜ਼ਰ ਹੋਏ ਡਾਕਟਰ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਮਾਮਲਿਆਂ ਸਬੰਧੀ ਪੜਤਾਲ ਰਿਪੋਰਟਾਂ ਪਹਿਲਾਂ ਹੀ ਅਗਲੀ ਕਾਰਵਾਈ ਲਈ ਭੇਜੀਆਂ ਜਾ ਚੁੱਕੀਆਂ ਹਨ

ਚੇਅਰਮੈਨ ਰਾਜਿੰਦਰ ਸਿੰਘ ਮੁਤਾਬਿਕ ਬਲੱਡ ਬੈਂਕ ਵੱਲੋਂ ਲਗਾਤਾਰ ਇੱਕ ਤੋਂ ਬਾਅਦ ਇੱਕ ਬੱਚੇ ਨੂੰ ਐਚਆਈਵੀ ਪਾਜ਼ਿਟਿਵ ਖੂਨ ਲਾਉਣਾ ਬਹੁਤ ਹੀ ਗੰਭੀਰ ਮਾਮਲਾ ਹੈ ਇਸ ਲਈ ਉਨ੍ਹਾਂ ਨੇ ਸਿਵਲ ਸਰਜਨ ਬਠਿੰਡਾ ਵੱਲੋਂ ਭੇਜੀਆਂ ਰਿਪੋਰਟਾਂ ਦੇ ਆਧਾਰ ‘ਤੇ ਸਿਹਤ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਸਬੰਧੀ 26 ਨਵੰਬਰ ਨੂੰ ਸਵੇਰੇ 11 ਵਜੇ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਰਿਪੋਰਟ ਦੇਣ ਲਈ ਕਿਹਾ ਹੈ ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਬਠਿੰਡਾ ਦਿਹਾਤੀ ਤੋਂ ਆਪ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਸੀ

ਹਰਸਿਮਰਤ ਕੌਰ ਬਾਦਲ ਨੇ ਕੀਤੀ ਉੱਚ ਪੱਧਰੀ ਜਾਂਚ ਦੀ ਮੰਗ

ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਸਿਵਲ ਹਸਪਤਾਲ ਦੇ ਬਲੱਡ ਬੈਂਕ ‘ਚ ਮੈਨੇਜਮੈਂਟ ਦੀ ਅਣਗਹਿਲੀ ਦੀ ਉਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਅਣਗਹਿਲੀ ਤਹਿਤ ਕਈ ਹਫਤਿਆਂ ਤੱਕ ਮਰੀਜ਼ਾਂ ਨੂੰ ਐਚ ਆਈ ਵੀ ਪਾਜ਼ਿਟਿਵ ਖੂਨ ਚੜ੍ਹਾਇਆ ਜਾਂਦਾ ਰਿਹਾ। ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਮਲੇ ਵਿਚ ਫੌਰੀ ਕਾਰਵਾਈ ਨਾ ਕਰਨ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਉਹ ਮਾਮਲੇ ਦੀ ਜਾਂਚ ਤੇ ਬਠਿੰਡਾ ਸਿਵਲ ਹਸਪਤਾਲ ਮੈਨੇਜਮੈਂਟ ਵੱਲੋਂ ਇਸ ਅਣਹਿਲੀ ਦੀ ਫੌਜਦਾਰੀ ਕਾਰਵਾਈ ਲਈ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕਰਦੀ ਹੈ।

ਥੈਲੇਸੀਮੀਆ ਵੈਲਫੇਅਰ ਸੁਸਾਇਟੀ ਨੇ ਐਸਐਸਪੀ ਨੂੰ ਦਿੱਤਾ ਮੰਗ ਪੱਤਰ

ਥੈਲੇਸੀਮੀਆ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਨੇ ਪੀੜ੍ਹਤ ਬੱਚੇ ਦੀ ਮਾਂ ਤੇ ਰਿਸ਼ਤੇਦਾਰਾਂ ਸਮੇਤ ਐਸਐਸਪੀ ਬਠਿੰਡਾ ਨੂੰ ਮਿਲ ਕੇ ਮੰਗ ਪੱਤਰ ਸੌਂਪਿਆ ਹੈ ਉਨ੍ਹਾਂ ਪੱਤਰ ਰਾਹੀਂ ਮੰਗ ਕੀਤੀ ਕਿ ਪੀੜ੍ਹਤ ਬੱਚੇ ਨੂੰ ਇਨਸਾਫ ਦਿੱਤਾ ਜਾਵੇ ਤੇ ਅਣਗਹਿਲੀ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.