ਖਨੌਰੀ ਬਾਰਡਰ ‘ਤੇ ਦਰਜ਼ਨਾਂ ਕਿਸਾਨ ਟਰਾਲੀਆਂ ਲੈ ਕੇ ਪੁੱਜੇ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਖੇਤੀ ਕਾਨੂੰਨਾਂ ਕਰਕੇ ਕੇਂਦਰ ਸਰਕਾਰ ਵਿਰੁੱਧ ਉੱਠੇ ਕਿਸਾਨੀ ਰੋਹ ਤੋਂ ਬਾਅਦ ਹੁਣ ਹਰਿਆਣਾ ਸਰਕਾਰ ਖਿਲਾਫ਼ ਵੀ ਪੰਜਾਬ ਦੇ ਕਿਸਾਨਾਂ ‘ਚ ਰੋਸ ਪੈਦਾ ਹੋ ਗਿਆ ਹੈ। ਹਰਿਆਣਾ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ‘ਚ ਦਾਖਲ ਹੋਣ ਤੋਂ ਪਹਿਲਾਂ ਹੀ ਆਪਣੇ ਬਾਰਡਰਾਂ ‘ਤੇ ਰੋਕਣ ਦੀਆਂ ਕੋਸ਼ਿਸਾਂ ਸ਼ੁਰੂ ਕਰ ਦਿੱਤੀਆਂ ਹਨ। ਇੱਧਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਾਰਕੁੰਨ ਦਰਜ਼ਨਾਂ ਟਰਾਲੀਆਂ ਲੈ ਕੇ ਖਨੌਰੀ ਬਾਰਡਰ ‘ਤੇ ਪੁੱਜ ਗਏ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਕੋਰੋਨਾ ਦੇ ਬਹਾਨੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਲਈ ਅੜਿੱਕੇ ਨਾ ਲਾਵੇ।
ਜਾਣਕਾਰੀ ਅਨੁਸਾਰ 26, 27 ਦੇ ਦਿੱਲੀ ਚੱਲੋ ਅੰਦੋਲਨ ਲਈ ਪੰਜਾਬ ਅੰਦਰੋਂ ਲੱਖਾਂ ਦੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ ਕੀਤਾ ਜਾਣਾ ਹੈ। ਇੱਥੋਂ ਤੱਕ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨ ਤਾਂ 50 ਤੋਂ ਜਿਆਦਾ ਟਰਾਲੀਆਂ ਲੈ ਕੇ ਖਨੌਰੀ ਬਾਰਡਰ ‘ਤੇ ਪੁੱਜ ਗਏ ਹਨ। ਹਰਿਆਣਾ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਦੀ ਆਮਦ ਨੂੰ ਦੇਖਦਿਆਂ ਹਰਿਆਣਾ ਅੰਦਰ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਭਾਜਪਾ ਦੀ ਖੱਟੜ ਸਰਕਾਰ ਵੱਲੋਂ ਹਰਿਆਣਾ ਅੰਦਰ ਕਈ ਕਿਸਾਨ ਕਾਰਕੁੰਨਾਂ ਨੂੰ ਘਰਾਂ ‘ਚੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਪੰਜਾਬ ਦੇ ਕਿਸਾਨ ਹਰਿਆਣਾ ‘ਚ ਸੰਭੂ, ਖਨੌਰੀ, ਪਹੇਵਾ ਆਦਿ ਥਾਵਾਂ ਤੋਂ ਹਰਿਆਣਾ ‘ਚ ਦਾਖਲ ਹੋਕੇ ਦਿੱਲੀ ਜਾਣ ਦੀ ਤਿਆਰੀ ਵਿੱਚ ਹਨ। ਪੰਜਾਬ ਦੇ ਲੱਖਾਂ ਕਿਸਾਨਾਂ ਦੇ ਇਕੱਠ ਨੂੰ ਦੇਖਦਿਆਂ ਕੇਂਦਰ ਸਰਕਾਰ ਵੱਲੋਂ ਹਰਿਆਣਾ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਕਹਿ ਦਿੱਤਾ ਗਿਆ ਹੈ, ਜਿਸ ਕਾਰਨ ਹਰਿਆਣਾ ਵੱਲੋਂ ਪੰਜਾਬ ਨਾਲ ਲੱਗਦੇ ਬਾਰਡਰਾਂ ਵਾਲੇ ਰਸਤਿਆਂ ਨੂੰ ਰੋਕਣ ਦੀ ਤਿਆਰੀ ਵਿੱਢ ਦਿੱਤੀ ਗਈ ਹੈ।
ਸੰਗਰੂਰ ਦੇ ਖਨੌਰੀ ਬਾਰਡਰ ‘ਤੇ ਪੁੱਜੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜਸਵਿੰਦਰ ਸਿੰਘ ਬਰਾਸ ਨੇ ਦੱਸਿਆ ਕਿ ਉਨ੍ਹਾਂ ਦੀਆਂ ਕਮਰੇਨੁਮਾ 50 ਤੋਂ ਵੱਧ ਟਰਾਲੀਆਂ ਰਾਸ਼ਣ ਆਦਿ ਲੈ ਕੇ ਪੰਜਾਬ ਦੇ ਬਾਰਡਰ ‘ਤੇ ਪੁੱਜ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹਰਿਆਣਾ ਵਾਲੇ ਪਾਸਿਓ ਅਧਿਕਾਰੀਆਂ ਵੱਲੋਂ ਕਿਹਾ ਜਾ ਰਿਹਾ ਹੈ, ਕਿ ਉਨ੍ਹਾਂ ਨੂੰ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਪਟਿਆਲਾ ਦੇ ਉਗਰਾਹਾਂ ਜਥੇਬੰਦੀ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਮਨਜੀਤ ਸਿੰਘ ਨਿਆਲ ਨੇ ਦੱਸਿਆ ਕਿ ਸੰਗਰੂਰ, ਮਾਨਸਾ, ਪਟਿਆਲਾ, ਲੁਧਿਆਣਾ ਅਤੇ ਬਰਨਾਲਾ ਜ਼ਿਲ੍ਹੇ ਦੇ ਕਿਸਾਨ ਖਨੌਰੀ ਬਾਰਡਰ ਰਾਹੀਂ ਹੀ ਦਾਖਲ ਹੋਣਗੇ ਜਦਕਿ ਬਾਕੀ ਜ਼ਿਲ੍ਹੇ ਡੱਬਵਾਲੀ ਰਸਤੇ ਰਾਹੀਂ ਰਵਾਨਾ ਹੋਣਗੇ। ਉਨ੍ਹਾਂ ਕਿਹਾ ਕਿ ਖੱਟੜ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਮਸਲੇ ਵਿੱਚ ਨਾ ਪਵੇ, ਕਿਉਂਕਿ ਇਸ ਨਾਲ ਖੱਟੜ ਸਰਕਾਰ ਨੂੰ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪੈ ਸਕਦਾ ਹੈ।
ਇਸ ਤੋਂ ਇਲਾਵਾ ਹੋਰ ਜਥੇਬੰਦੀਆਂ ਵੱਲੋਂ ਸੰਭੂ ਬਾਰਡਰ ਸਮੇਤ ਪਟਿਆਲਾ ਜ਼ਿਲ੍ਹੇ ਦੇ ਹਰਿਆਣਾ ਨਾਲ ਹੋਰਨਾਂ ਰਸਤਿਆਂ ਰਾਹੀਂ ਦਾਖਲ ਹੋਣ ਦੀ ਵਿਉਂਤਬੰਦੀ ਹੈ। ਹਰਿਆਣਾ ਰਾਜ ਦੇ ਅੰਬਾਲਾ ਦੇ ਪਿੰਡ ਜਲਵੇੜਾ ਦੇ ਕਿਸਾਨ ਨਵਦੀਪ ਅਤੇ ਗੋਰਵ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਵੱਲੋਂ ਲਾਏ ਬੈਰੀਕੇਟ ਤੋੜ ਕੇ ਦਾਖਲ ਕਰਵਾਉਣਗੇ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਖੱਟੜ ਸਰਕਾਰ ਪੰਜਾਬ ਅਤੇ ਹਰਿਆਣਾ ਦੇ ਸਾਂਝੇ ਸੰਘਰਸ਼ ਤੋਂ ਡਰੀ ਹੋਈ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਅਤੇ ਪੰਜਾਬ ਦੇ ਕਿਸਾਨ ਇਕੱਠੇ ਦਿੱਲੀ ਪੁੱਜਣਗੇ।
ਖੱਟੜ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਨਾ ਰੋਕੇ: ਜਗਮੋਹਨ ਸਿੰਘ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਦਾ ਕਹਿਣਾ ਹੈ ਕਿ ਖੱਟੜ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਵਿੱਚ ਅੜਿੱਕਾ ਨਾ ਬਣੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਦਿੱਲੀ ਅੰਦੋਲਨ ਨੂੰ ਦੇਖਦਿਆਂ ਕੋਰੋਨਾ ਦਾ ਬਹਾਨਾ ਲਾਕੇ ਹਰਿਆਣਾ ਅਤੇ ਕੇਂਦਰ ਸਰਕਾਰ ਵੱਲੋਂ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ।
ਉਨ੍ਹਾਂ ਖੱਟੜ ਸਰਕਾਰ ਵੱਲੋਂ ਹਰਿਆਣਾ ਦੇ ਕਿਸਾਨ ਆਗੂਆਂ ਦੀ ਕੀਤੀ ਗ੍ਰਿਫਤਾਰੀ ਦੀ ਨਿਖੇਧੀ ਕਰਦਿਆਂ ਆਖਿਆ ਕਿ ਹਰਿਆਣਾ ਕਿਸਾਨਾਂ ਦੇ ਝਮੇਲੇ ਵਿੱਚ ਨਾ ਪਵੇ, ਉਨ੍ਹਾਂ ਦੀ ਸਿੱਧੀ ਟੱਕਰ ਕੇਂਦਰ ਸਰਕਾਰ ਨਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਹਰ ਹਾਲ ਵਿੱਚ ਦਿੱਲੀ ਨੂੰ ਵੱਖ ਵੱਖ ਰਸਤਿਆਂ ਰਾਹੀਂ ਘੇਰਨਗੇ। ਉਨ੍ਹਾਂ ਹੋਰ ਕਿਹਾ ਕਿ ਇੱਕ ਪਾਸੇ 3 ਦਸੰਬਰ ਨੂੰ ਗੱਲਬਾਤ ਦਾ ਸੱਦਾ ਦਿੱਤਾ ਜਾ ਰਿਹਾ ਹੈ ਜਦਕਿ ਦੂਜੇ ਪਾਸੇ ਦਿੱਲੀ ਕੂਚ ਤੋਂ ਰੋਕਣ ਲਈ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.