ਦਿੱਲੀ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਵਾਲੇ ਨੋਟੀਫਿਕੇਸ਼ਨ ‘ਤੇ ਜਤਾਈ ਹੈਰਾਨੀ
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਕਿਸਾਨੀ ਪ੍ਰਦਰਸ਼ਨ ਬਾਰੇ ਦੋਗਲੇ ਰਵੱਈਏ ‘ਤੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਸੰਕਟ ਦੌਰਾਨ ਖਤਰਨਾਕ ਖੇਤੀ ਕਾਨੂੰਨਾਂ ਨੂੰ ਸ਼ਰਮਨਾਕ ਤਰੀਕੇ ਨਾਲ ਲਾਗੂ ਕਰਨ ਦੀ ਕਾਰਵਾਈ ਨੇ ਆਪ ਵੱਲੋਂ ਕਿਸਾਨਾਂ ਨਾਲ ਖੜ੍ਹੇ ਹੋਣ ਦੇ ਦਾਅਵਿਆਂ ਤੋਂ ਪਰਦਾ ਚੁੱਕ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇੱਕ ਪਾਸੇ ਆਮ ਆਦਮੀ ਪਾਰਟੀ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਨ ਦਾ ਦਾਅਵਾ ਕਰ ਰਹੀ ਹੈ
ਜਦੋਂ ਕਿ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ 23 ਨਵੰਬਰ, 2020 ਨੂੰ ਗਜ਼ਟ ਨੋਟੀਫਿਕੇਸ਼ਨ ਜਾਰੀ ਕਰਕੇ ਬੇਰਹਿਮੀ ਨਾਲ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਲਾਗੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਾਰਟੀ ਸਪੱਸ਼ਟ ਤੌਰ ‘ਤੇ ਆਪਣੇ ਚੋਣ ਏਜੰਡੇ ਨੂੰ ਅੱਗੇ ਵਧਾਉਣ ਲਈ ਰਾਜਸੀ ਚਾਲਾਂ ਖੇਡ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਇਨ੍ਹਾਂ ਦਿਨਾਂ ਵਿੱਚ ਆਪ ਕਿਸਾਨਾਂ ਦੇ ਹਿੱਤਾਂ ਖਿਲਾਫ ਭੁਗਤ ਰਹੀ ਸੀ।
ਉਨ੍ਹਾਂ ਇਸ ਗੱਲ ‘ਤੇ ਹੈਰਾਨੀ ਜ਼ਾਹਰ ਕੀਤੀ ਕਿ ਜਦੋਂ ਕਿਸਾਨ ‘ਦਿੱਲੀ ਚੱਲੋ’ ਦੀ ਤਿਆਰੀ ਕਰ ਰਹੇ ਸਨ ਤਾਂ ਕੇਜਰੀਵਾਲ ਸਰਕਾਰ ਨੇ ਇਸ ਸਮੇਂ ਦੌਰਾਨ ਨੋਟੀਫਿਕੇਸ਼ਨ ਜਾਰੀ ਕਰਕੇ ਕੌਮੀ ਰਾਜਧਾਨੀ ਵਿੱਚ ਅੰਨਦਾਤਾ ਦੀ ਮੌਤ ਦੇ ਵਾਰੰਟਾਂ ਉਤੇ ਦਸਤਖਤ ਕਰ ਦਿੱਤੇ। ਕੈਪਟਨ ਅਮਰਿੰਦਰ ਸਿੰਘ ਨੇ ਆਪ ‘ਤੇ ਹਰ ਵੇਲੇ ਕਿਸਾਨ ਯੂਨੀਅਨਾਂ ਦੀ ਹਮਾਇਤ ਦਾ ਖੇਖਣ ਕਰਕੇ ਉਨ੍ਹਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਉਣ ਲਈ ਭੰਡਦੇ ਹੋਏ ਪੁੱਛਿਆ, ”ਕੀ ਤੁਹਾਨੂੰ ਸ਼ਰਮ-ਹਯਾ ਹੈ?”
ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਪਾਰਟੀ ਸਿਰਫ ਰਾਜਸੀ ਡਰਾਮੇ ਕਰਨ ਵਿੱਚ ਲੱਗੀ ਹੋਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਪਹਿਲਾਂ ਉਹ ਕੇਂਦਰੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਪੰਜਾਬ ਦੀ ਤਰਜ਼ ‘ਤੇ ਦਿੱਲੀ ਵਿਧਾਨ ਸਭਾ ਵਿੱਚ ਕੋਈ ਸੋਧ ਬਿੱਲ ਪਾਸ ਕਰਨ ਵਿੱਚ ਫੇਲ੍ਹ ਹੋਏ। ਹੁਣ ਉਹ ਇਸ ਗੱਲ ਉਤੇ ਉਤਰ ਆਏ ਹਨ ਕਿ ਦਿੱਲੀ ਵਿੱਚ ਖੇਤੀਬਾੜੀ ਕਾਨੂੰਨ ਅਧਿਕਾਰਤ ਤੌਰ ‘ਤੇ ਨੋਟੀਫਾਈ ਕਰ ਦਿੱਤੇ ਜਿੱਥੇ ਆਪ ਸੱਤਾ ਵਿੱਚ ਹੈ। ਪਾਰਟੀ ਦੀ ਅਸਲ ਨੀਅਤ ਅਤੇ ਵਿਚਾਰਧਾਰਾ ਪਰਦਾਫਾਸ਼ ਹੋ ਗਈ।”
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.