ਸਾਂਝੇ ਫਰੰਟ ਵੱਲੋਂ 9 ਦੀ ਮੁਹਾਲੀ ਰੈਲੀ ਮੁਲਤਵੀ

8 ਨੂੰ ਭਾਰਤ ਬੰਦ ਦਾ ਸਮਰਥਨ ਅਤੇ 9 ਨੂੰ ਮੁਲਾਜ਼ਮ-ਪੈਨਸ਼ਨਰ ਦਿੱਲੀ ਵੱਲ ਕਰਨਗੇ ਕੂਚ

ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਸੂਬੇ ਅਤੇ ਚੰਡੀਗੜ੍ਹ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜੱਥੇਬੰਦੀਆਂ ਵਲੋਂ ਉਸਾਰੇ ਗਏ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ ਕਿਸਾਨ ਜੱਥੇਬੰਦੀਆਂ ਵਲੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੀਤੇ ਜਾ ਸੰਘਰਸ਼ ਦਾ ਹਿੱਸਾ ਬਣਦਿਆਂ 9 ਦਸੰਬਰ ਨੂੰ ਮੁਹਾਲੀ ਵਿਖੇ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੈਲੀ ਨੂੰ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਹੈ।

ਕਿਸਾਨ ਜੱਥੇਬੰਦੀਆਂ ਵਲੋਂ 8 ਦਸੰਬਰ ਨੂੰ ਕੀਤੇ ਗਏ ਭਾਰਤ ਬੰਦ ਦਾ ਸਮਰਥਨ ਕਰਦਿਆਂ ਉਸ ਦਿਨ ਸੂਬੇ ਅੰਦਰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਭਰਵੀਂ ਸ਼ਮੂਲੀਅਤ ਕਰਨ ਅਤੇ 9 ਦਸੰਬਰ ਨੂੰ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਗਿਆ ਹੈ। ਪੰੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੂਬਾ ਕਨਵੀਨਰ  ਸੁਖਚੈਨ ਸਿੰਘ ਖਹਿਰਾ, ਸੱਜਣ ਸਿੰਘ, ਸਤੀਸ਼ ਰਾਣਾ, ਮੇਘ ਸਿੰਘ ਸਿੱਧੂ, ਕਰਮ ਸਿੰਘ ਧਨੋਆ, ਠਾਕੁਰ ਸਿੰਘ, ਬਖਸ਼ੀਸ਼ ਸਿੰਘ, ਪ੍ਰੇਮ ਸਾਗਰ ਸ਼ਰਮਾ, ਅਵਿਨਾਸ਼ ਚੰਦਰ ਸ਼ਰਮਾ ਨੇ ਸਿੰਘੂ ਬਾਰਡਰ ਵਿਖੇ ਕਿਸਾਨ ਜੱਥੇਬੰਦੀਆਂ ਵਲੋਂ ਲਗਾਏ ਗਏ ਪੱਕੇ ਮੋਰਚੇ ਵਿੱਚ ਸ਼ਮੂਲੀਅਤ ਕਰਨ ਲਈ ਸੂਬੇ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 9 ਦਸੰਬਰ ਨੂੰ ਸਵੇਰੇ 8 ਵਲੇ ਸ਼ੰਭੂ ਬਾਰਡਰ ਤੇ ਇਕੱਤਰ ਹੋਣ ਦੀ ਅਪੀਲ ਕੀਤੀ ਹੈ।

ਆਗੂਆਂ ਨੇ ਕਿਹਾ ਕਿ ਸਾਂਝੇ ਫਰੰਟ ਵਲੋਂ ਕਿਸਾਨ ਮੋਰਚੇ ਵਿੱਚ ਸਮੇਂ ਸਮੇਂ ਤੇ ਜੱਥੇ ਭੇਜੇ ਜਾਣਗੇ ਅਤੇ ਪਹਿਲਾ ਜੱਥਾ ਅੱਜ 6 ਦਸੰਬਰ ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਤੋਂ ਕੂਚ ਕਰ ਰਿਹਾ ਹੈ ਅਤੇ ਸੂਬੇ ਦੇ ਬਾਕੀ ਮੁਲਾਜ਼ਮ-ਪੈਨਸ਼ਨਰ 9 ਦਸੰਬਰ ਨੂੰ ਦਿੱਲੀ ਜਾਣਗੇ।

ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਵਲੋਂ ਮੋਦੀ ਸਰਕਾਰ ਵਿਰੁੱਧ ਕੀਤਾ ਜਾ ਰਿਹਾ  ਸੰਘਰਸ਼ ਹੁਣ ਪੂਰੇ ਦੇਸ਼ ਦਾ ਹੀ ਨਹੀਂ ਬਲਕਿ ਅੰਤਰਰਾਸ਼ਟਰੀ ਪੱਧਰ ਦਾ ਬਣ ਗਿਆ ਹੈ ਅਤੇ ਸਮੁੱਚੀ ਦੁਨੀਆਂ ਅੰਦਰ ਮੋਦੀ ਵਲੋਂ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣ ਕੇ ਦੇਸ਼ ਦੇ ਲੋਕਤੰਤਰ ਨੂੰ ਤਬਾਅ ਕਰਨ ਦੇ ਮਨਸੂਬੇ ਜਗ-ਜ਼ਾਹਰ ਹੋ ਗਏ ਹਨ। ਆਗੂਆਂ ਨੇ ਕਿਹਾ ਕਿ ਮੋਦੀ ਅਤੇ ਅਮਿਤ ਸ਼ਾਹ ਵਲੋਂ ਲੋਕ ਸਭਾ ਅਤੇ ਵਿਧਾਨ ਸਭਾ ਦੀ ਮਰਿਆਦਾ ਨੂੰ ਛਿੱਕੇ ਟੰਗ ਕੇ ਹਿਟਲਰਸ਼ਾਹੀ ਢੰਗ ਨਾਲ ਬਿੱਲ ਪਾਸ ਕਰਵਾਏ ਗਏ ਹਨ। ਆਗੂਆਂ ਨੇ ਸੂਬੇ ਅਤੇ ਚੰਡੀਗੜ੍ਹ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਿਤੀ 9 ਦਸੰਬਰ ਨੂੰ ਸ਼ੰਭੂ ਬਾਰਡਰ ਤੇ ਇਕੱਤਰ ਹੋਣ ਦੀ ਅਪੀਲ ਕੀਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.