ਰੋਹ ‘ਚ ਆਏ ਕਿਸਾਨਾਂ ਨੇ ਕਾਫ਼ਲਾ ਆਉਣ ਤੋਂ ਪਹਿਲਾਂ ਰੋਕਾਂ ਨੂੰ ਤੋੜਿਆ
ਖਨੌਰੀ (ਬਲਕਾਰ ਸਿੰਘ) ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨਾਂ ਵੱਲੋਂ ਪਿਛਲੇ ਪੰਦਰਾਂ ਦਿਨਾਂ ਤੋਂ ਦੇਸ਼ ਦੀ ਕੌਮੀ ਰਾਜਧਾਨੀ ਦਿੱਲੀ ਦੀਆਂ ਹੱਦਾਂ ਮੱਲੀਆਂ ਹੋਈਆਂ ਹਨ ਖੇਤੀ ਕਾਨੂੰਨਾਂ ਦੇ ਮਾਮਲੇ ਨੂੰ ਲੈ ਕੇ ਕੋਈ ਹੱਲ ਨਾ ਨਿਕਲਣ ਦੇ ਰੋਸ ਵਜੋਂ ਪੰਜਾਬ ਦੇ ਕਿਸਾਨਾਂ ਦੀਆਂ ਦਿੱਲੀ ਵੱਲ ਵਹੀਰਾਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ ਕਿਸਾਨਾਂ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਣ ਦੇ ਦਿੱਤੇ ਸੱਦੇ ਮਗਰੋਂ ਪੰਜਾਬ ਤੋਂ ਦਿੱਲੀ ਜਾਣ ਵਾਲੇ ਕਿਸਾਨਾਂ ਦੀ ਗਿਣਤੀ ਵਧਣ ਲੱਗੀ ਹੈ
ਇਸੇ ਦੌਰਾਨ ਮਾਝਾ ਸੰਘਰਸ਼ ਕਮੇਟੀ ਵੱਲੋਂ ਵੀ ਕਿਸਾਨਾਂ ਦਾ ਵੱਡਾ ਜਥਾ ਸ਼ੁੱਕਰਵਾਰ ਨੂੰ ਦਿੱਲੀ ਵੱਲ ਕੂਚ ਕੀਤਾ ਕਿਸਾਨਾਂ ਦੇ ਵਧਦੇ ਜੋਸ਼ ਨੂੰ ਠੱਲ੍ਹਣ ਦੇ ਮਕਸਦ ਨਾਲ ਹਰਿਆਣਾ ਸਰਕਾਰ ਵੱਲੋਂ ਬੀਤੀ ਰਾਤ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਵੱਡੇ-ਵੱਡੇ ਪੱਥਰ ਸੁੱਟ ਕੇ ਰੋਕਾਂ ਲਗਾ ਦਿੱਤੀਆਂ ਗਈਆਂ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਇਸ ਦਾ ਪਤਾ ਲੱਗਦਿਆਂ ਹੀ ਕਾਫ਼ਲੇ ਦੇ ਆਉਣ ਤੋਂ ਪਹਿਲਾਂ ਆਸ ਪਾਸ ਦੇ ਪਿੰਡਾਂ ਦੇ ਕਿਸਾਨਾਂ ਨੇ ਹੀ ਪੁਲਿਸ ਵੱਲੋਂ ਲਾਈਆਂ ਗਈਆਂ ਰੋਕਾਂ ਨੂੰ ਤੋੜ ਦਿੱਤਾ ਇਸ ਦੌਰਾਨ ਇਕੱਤਰ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਕੇਂਦਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ
ਜਾਣਕਾਰੀ ਅਨੁਸਾਰ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ‘ਤੇ ਪੰਜਾਬ-ਹਰਿਆਣਾ ਸੀਮਾ ‘ਤੇ ਪੈਂਦੇ ਪਿੰਡ ਦਾਤਾ ਸਿੰਘ ਵਾਲਾ ਵਿਖੇ ਹਰਿਆਣਾ ਦੇ ਜੀਂਦ ਜ਼ਿਲ੍ਹੇ ਦੀ ਪੁਲਿਸ ਵੱਲੋਂ ਰਾਤੋ-ਰਾਤ ਵੱਡੇ-ਵੱਡੇ ਪੱਥਰ ਸੁੱਟ ਕੇ ਰੋਕਾਂ ਲਾ ਦਿੱਤੀਆਂ ਗਈਆਂ ਤਾਂ ਕਿ ਮਾਝਾ ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਦਿੱਲੀ ਨੂੰ ਚੱਲੇ ਕਾਫਲੇ ਨੂੰ ਰੋਕਿਆ ਜਾ ਸਕੇ ਪਰ ਇਸ ਦੀ ਭਿਣਕ ਪੈਂਦਿਆਂ ਹੀ ਸਰਹੱਦ ਨਾਲ ਲਗਦੇ ਪੰਜਾਬ ਅਤੇ ਹਰਿਆਣਾ ਦੇ ਪਿੰਡਾਂ ਦੇ ਵੱਡੀ ਗਿਣਤੀ ਵਿਚ ਕਿਸਾਨ ਇਕੱਤਰ ਹੋ ਗਏ ਅਤੇ ਦੇਖਦਿਆਂ ਹੀ ਦੇਖਦਿਆਂ ਉਨ੍ਹਾਂ ਪੁਲੀਸ ਵੱਲੋਂ ਰੱਖੇ ਗਏ ਵੱਡੇ ਵੱਡੇ ਪੱਥਰਾਂ ਨੂੰ ਰੋੜ੍ਹ ਕੇ ਸੜਕ ਦੇ ਨਾਲ ਲੱਗਦੇ ਖਤਾਨਾਂ ਵਿੱਚ ਸੁੱਟ ਦਿੱਤਾ
ਕਿਸਾਨਾਂ ਨੇ ਕੇਂਦਰ ਦੇ ਇਸ਼ਾਰੇ ਉੱਤੇ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਕਿਸਾਨਾਂ ਦੇ ਕਾਫ਼ਲਿਆਂ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਨੂੰ ਸਰਕਾਰੀ ਜਬਰ ਤਹਿਤ ਰੋਕਿਆ ਜਾ ਰਿਹਾ ਹੈ ਜਦੋਂ ਕਿ ਦੂਜੇ ਪਾਸੇ ਹਰਿਆਣਾ ਦੇ ਜ਼ਿਲ੍ਹਾ ਜੀਂਦ ਦੇ ਥਾਣਾ ਗੜ੍ਹੀ ਦੇ ਮੁਖੀ ਨੇ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ ਤਹਿਤ ਟੋਲ ਪਲਾਜ਼ਿਆਂ ‘ਤੇ ਹੋਣ ਵਾਲੀ ਭੀੜ ਨੂੰ ਰੋਕਣ ਲਈ ਉੱਚ ਅਧਿਕਾਰੀਆਂ ਤੋਂ ਮਿਲੀਆਂ ਹਦਾਇਤਾਂ ਅਨੁਸਾਰ ਵਨਵੇ ਟ੍ਰੈਫਿਕ ਬਹਾਲ ਰੱਖਣ ਦੇ ਮਕਸਦ ਨਾਲ ਉਕਤ ਰੋਕ ਲਾਈ ਗਈ ਹੈ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.