ਗ੍ਰਹਿ ਵਿਭਾਗ ਨੇ ਪੰਜਾਬ ਦੇ ਡੀਜੀਪੀ ਦੀ ਸਿਫ਼ਾਰਸ਼ ’ਤੇ ਕੀਤੀ ਕਾਰਵਾਈ
ਚੰਡੀਗੜ, (ਅਸ਼ਵਨੀ ਚਾਵਲਾ)। ਅਕਾਲੀ-ਭਾਜਪਾ ਸਰਕਾਰ ਦੌਰਾਨ ਕੋਟਕਪੁਰਾ ਵਿਖੇ ਹੋਏ ਗੋਲੀਕਾਂਡ ਵਿੱਚ ਪੰਜਾਬ ਸਰਕਾਰ ਨੇ ਦੋ ਆਈ.ਪੀ.ਐਸ. ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਪੰਜਾਬ ਦੇ ਡੀਜੀਪੀ ਵਲੋਂ ਇਨਾਂ ਅਧਿਕਾਰੀਆਂ ਨੂੰ ਮੁਅੱਤਲ ਕਰਨ ਲਈ ਸਿਫ਼ਾਰਸ਼ ਕੀਤੀ ਗਈ ਸੀ, ਜਿਸ ਨੂੰ ਕਿ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਮੰਨਦੇ ਹੋਏ ਆਦੇਸ਼ ਜਾਰੀ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਕੋਟਕਪੂਰਾ ਵਿਖੇ ਅਕਤੂਬਰ 2015 ਵਿੱਚ ਧਰਨੇ ਦੌਰਾਨ ਪੁਲਿਸ ਵਲੋਂ ਲਾਠੀ ਚਾਰਜ ਕਰਨ ਦੇ ਨਾਲ ਗੋਲੀ ਚੱਲਣ ਦੀ ਘਟਨਾ ਵੀ ਵਾਪਰੀ ਸੀ।
ਜਿਸ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਕਰਨ ਲਈ ਸਪੈਸ਼ਲ ਜਾਂਚ ਟੀਮ ਅਤੇ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ। ਕਾਂਗਰਸ ਨੇ ਸੱਤਾ ਵਿੱਚ ਆਉਣ ਤੋਂ ਬਾਅਦ 10 ਸਤੰਬਰ 2018 ਨੂੰ ਇੱਕ ਹੋਰ ਸਪੈਸ਼ਲ ਜਾਂਚ ਟੀਮ ਦਾ ਗਠਨ ਕੀਤਾ ਸੀ, ਜਿਸ ਵਲੋਂ ਸਾਰੇ ਮਾਮਲੇ ਦੀ ਜਾਂਚ ਕਰਦੇ ਹੋਏ ਕੋਟਕਪੁਰਾ ਗੋਲੀ ਕਾਂਡ ਵਿੱਚ ਥਾਣਾ ਸਿਟੀ ਕੋਟਕਪੁਰਾ ਵਿਖੇ ਪੁਲਿਸ ਅਧਿਕਾਰੀਆਂ ਦੇ ਖ਼ਿਲਾਫ਼ ਹੀ ਮਾਮਲਾ ਦਰਜ਼ ਕੀਤਾ ਗਿਆ ਸੀ ਅਤੇ ਕਈ ਪੁਲਿਸ ਅਧਿਕਾਰੀਆਂ ਦੇ ਖ਼ਿਲਾਫ਼ ਚਾਰਜਸੀਟ ਅਦਾਲਤ ਵਿੱਚ ਦਾਖਲ ਕੀਤੀ ਗਈ ਸੀ।
ਇਸੇ ਕੇਸ ਨੂੰ ਆਧਾਰ ਬਣਾਉਂਦੇ ਹੋਏ ਡੀ.ਜੀ.ਪੀ. ਵਲੋਂ ਆਈ.ਪੀ.ਐਸ. ਅਧਿਕਾਰੀ ਬਲਜੀਤ ਸਿੰਘ ਅਤੇ ਪਰਮਜੀਤ ਸਿੰਘ ਪੰਨੂੂੰ ਨੂੰ ਮੁਅੱਤਲ ਕਰਨ ਦੀ ਸਿਫ਼ਾਰਸ਼ ਗ੍ਰਹਿ ਵਿਭਾਗ ਨੂੰ ਕੀਤੀ ਗਈ ਸੀ। ਡੀ.ਜੀ.ਪੀ. ਦੀ ਸਿਫ਼ਾਰਸ਼ ’ਤੇ ਪੰਜਾਬ ਦੇ ਗ੍ਰਹਿ ਵਿਭਾਗ ਨੇ ਇਨਾਂ ਦੋਹੇ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.