ਕੈਬਨਿਟ ਮੰਤਰੀ ਨੇ ਸੂਬਾ ਪੱਧਰੀ ਚੈਂਪਿਅਨਸ਼ਿਪ ’ਚ ਭਾਗ ਲੈ ਰਹੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜਾਈ
ਸੰਗਰੂਰ, (ਨਰੇਸ਼ ਕੁਮਾਰ) ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਸਥਾਨਕ ‘ਵਾਰ ਹੀਰੋਜ਼ ਸਟੇਡੀਅਮ’ ਵਿੱਚ ਚੱਲ ਰਹੀ 95ਵੀਂ ਜੂਨੀਅਰ ਓਪਨ ਪੰਜਾਬ ਅਥਲੈਟਿਕਸ ਚੈਂਪੀਅਨਸ਼ਿਪ ਸੰਗਰੂਰ-2021 ਵਿੱਚ ਹਿੱਸਾ ਲੈ ਰਹੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਲਈ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਖੇਡਾਂ ਦੇ ਖੇਤਰ ’ਚ ਮੋਹਰੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਖਿਡਾਰੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਹ ਚੈਂਪੀਅਨਸ਼ਿਪ 13 ਜਨਵਰੀ ਨੂੰ ਸ਼ੁਰੂ ਹੋਈ ਸੀ ਅਤੇ 17 ਜਨਵਰੀ ਨੂੰ ਆਖ਼ਰੀ ਮੁਕਾਬਲੇ ਕਰਵਾਏ ਜਾਣਗੇ। ਇਸ ਚੈਂਪਿਅਨਸ਼ਿਪ ਵਿੱਚ ਵੱਡੀ ਗਿਣਤੀ ’ਚ ਸੂਬਾ ਭਰ ਦੇ ਖਿਡਾਰੀਆਂ ਨੇ ਭਾਗ ਲਿਆ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਵਾਰ ਹੀਰੋਜ਼ ਸਟੇਡੀਅਮ ਨੂੰ ਜ਼ਿਲ੍ਹੇ ਦੀ ਸ਼ਾਨ ਬਣਾਉਣ ਲਈ ਲਗਾਤਾਰ ਕੰਮ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਖੇਡਾਂ ਲਈ ਵੱਖਰੇ ਕੰਪਲੈਕਸ ਤਿਆਰ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੰਥੈਟਿਕ ਟਰੈਕ ਬਣਾਉਣ ਤੋਂ ਇਲਾਵਾ ਸਟੇਡੀਅਮ ’ਚ ਲੋੜੀਂਦੀਆਂ ਸੁਵਿਧਾਵਾਂ ਲਈ ਸਮੇਂ-ਸਮੇਂ ’ਤੇ ਉਨ੍ਹਾਂ ਵੱਲੋਂ ਗ੍ਰਾਂਟ ਜਾਰੀ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਭਵਿੱਖ ’ਚ ਖੇਡ ਸਟੇਡੀਅਮ ਵਿੱਚ ਸੂਰਜੀ ਊਰਜਾ ਨਾਲ ਬਿਜਲੀ ਪੈਦਾ ਕਰਨ ਵਾਲਾ ਸੋਲਰ ਪ੍ਰੋਜੈਕਟ ਲਗਵਾਉਣ ਦੀ ਵੀ ਯੋਜਨਾ ਬਣਾਈ ਜਾ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਡੀ.ਐਸ.ਓ ਰਣਬੀਰ ਸਿੰਘ ਭੰਗੂ, ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਸੰਗਰੂਰ ਸੰਜੇ ਕੁਮਾਰ ਮੰਗਵਾਲ, ਉਪ-ਪ੍ਰਧਾਨ ਰਸ਼ਵਿੰਦਰ ਸਿੰਘ ਮਾਨ, ਸੰਯੁਕਤ ਸਕੱਤਰ ਰੇਸ਼ਮ ਸਿੰਘ ਨੰਬਰਦਾਰ, ਕਰਮਜੀਤ ਸਿੰਘ ਕਰਮੀ ਅਤੇ ਡੀ.ਐਸ.ਪੀ. ਪੁਸ਼ਵਿੰਦਰ ਸਿੰਘ ਵੀ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.