ਪੰਜਾਬ ਦੇ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਦੇਣ ਲਈ 100 ਨਵੇਂ ਆਮ ਆਦਮੀ ਕਲੀਨਿਕ ਬਣ ਕੇ ਤਿਆਰ: ਸਿਹਤ ਮੰਤਰੀ
(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬੇ ਪ੍ਰਤੀ ਅਗਾਂਹਵਧੂ ਸੋਚ ਨੂੰ ਮੁੱਖ ਰੱਖਦੇ ਹੋਏ ਫੈਸਲਾ ਕੀਤਾ ਗਿਆ ਹੈ ਕਿ ਹਰੇਕ ਸਾਲ ਸ. ਮਾਨ ਦੇ ਜਨਮ ਦਿਨ ਨੂੰ ਖੂਨਦਾਨ ਦਿਵਸ ਵਜੋਂ ਮਨਾਇਆ ਜਾਵੇਗਾ ਅਤੇ ਵੱਡੀ ਪੱਧਰ ‘ਤੇ ਖੂਨਦਾਨ ਕੈਂਪ ਲਗਾਏ ਜਾਣਗੇ ਤਾਂ ਜੋ ਲੋੜਵੰਦਾਂ ਨੂੰ ਵੱਧ ਤੋਂ ਵੱਧ ਰਾਹਤ ਮਿਲ ਸਕੇ। ਇਹ ਐਲਾਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਨੇ ਬੱਚਤ ਭਵਨ ਵਿਖੇ ਮੁੱਖ ਮੰਤਰੀ ਪੰਜਾਬ ਦੇ ਜਨਮ ਦਿਨ ਮੌਕੇ ਲਗਾਏ ਗਏ ਵਿਸ਼ਾਲ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। (Happy Birthday Bhagwant Mann)
ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਦੇ ਜਨਮ ਦਿਨ ਮੌਕੇ ਨਾਭਾ ਆਪ ਯੂਨਿਟ ਵੱਲੋ ਵਿਸ਼ਾਲ ਖੂਨਦਾਨ ਕੈਂਪ ਲਗਾਇਆ
ਉਨ੍ਹਾਂ ਕਿਹਾ ਕਿ ਪਾਰਟੀ ਪੱਧਰ ’ਤੇ ਲਏ ਗਏ ਇਸ ਫੈਸਲੇ ਅਨੁਸਾਰ ਅੱਜ ਪੰਜਾਬ ਭਰ ਵਿੱਚ 138 ਖੂਨਦਾਨ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਅੰਦਰ ਹਰੇਕ 10 ਦਿਨ ਲਈ 7-8 ਹਜ਼ਾਰ ਯੂਨਿਟ ਖੂਨ ਦੀ ਲੋੜ ਪੈਂਦੀ ਹੈ ਜਦੋਂ ਕਿ ਪੰਜਾਬ ਅੰਦਰ ਖੂਨਦਾਨੀ ਬਹੁਤ ਜਿਆਦਾ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਖੂਨਦਾਨੀਆਂ ਦੀ ਇੱਕ ਵੱਖਰੀ ਲਿਸਟ ਬਣਾ ਕੇ ਸੂਬਾ ਪੱਧਰ ਤੇ ਵਟਸਐਪ ਗਰੁੱਪ ਵੀ ਤਿਆਰ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਵਿਅਕਤੀ ਖੂਨ ਦੀ ਲੋੜ ਪੈਣ ਤੇ ਉਨ੍ਹਾਂ ਨਾਲ ਸੰਪਰਕ ਕਰ ਸਕੇ।
ਪੰਜਾਬ ਅੰਦਰ 70 ਲੱਖ ਲੋਕਾਂ ਦੇ ਸਿਹਤ ਬੀਮਾ ਕਾਰਡ ਬਣੇ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਸਬੰਧੀ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਅੰਦਰ 70 ਲੱਖ ਲੋਕਾਂ ਦੇ ਸਿਹਤ ਬੀਮਾ ਕਾਰਡ ਬਣੇ ਹੋਏ ਹਨ ਜਦੋਂ ਕਿ ਅਜੇ 90 ਲੱਖ ਨਵੇਂ ਕਾਰਡ ਹੋਰ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਜਿਹੜੇ ਪਰਿਵਾਰਾਂ ਦੇ ਆਟਾ ਦਾਲ ਸਕੀਮ ਦੇ ਨੀਲੇ ਰਾਸ਼ਨ ਕਾਰਡ ਬਣੇ ਹੋਏ ਹਨ, ਪੱਤਰਕਾਰ, ਜੇ ਫਾਰਮ ਵਾਲੇ ਕਿਸਾਨ, ਰਜਿਸਟਰਡ ਕਾਮੇ ਜਾਂ ਰਜਿਸਟਰਡ ਆੜਤੀਏ, ਟਰੇਡਰਜ, ਸੁਤੰਤਰਤਾ ਸੈਨਾਨੀ ਆਦਿ ਇਹ ਕਾਰਡ ਬਣਵਾ ਸਕਦੇ ਹਨ। (Happy Birthday Bhagwant Mann)
ਹਸਪਤਾਲਾਂ ਅੰਦਰ ਡਾਕਟਰਾਂ ਦੀ ਘਾਟ ਸਬੰਧੀ ਸਿਹਤ ਮੰਤਰੀ ਨੇ ਦੱਸਿਆ ਕਿ ਸਿਹਤ ਵਿਭਾਗ ਕੋਲ ਹੁਣ 272 ਵੱਖ-ਵੱਖ ਬਿਮਾਰੀਆਂ ਦੇ ਮਾਹਰ ਡਾਕਟਰ ਆ ਗਏ ਹਨ ਅਤੇ ਮੈਡੀਕਲ ਕਾਲਜਾਂ ਵਿੱਚ ਵੱਖ-ਵੱਖ ਕੋਰਸ ਕਰਨ ਵਾਲੇ 300 ਹੋਰ ਡਾਕਟਰਾਂ ਨੂੰ ਇਸ ਸਾਲ ਰੋਜ਼ਗਾਰ ਦਿੱਤਾ ਗਿਆ ਹੈ। ਇਸ ਮੌਕੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਅਤੇ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦਾ ਵਿਕਾਸ ਕਰਨ ਅਤੇ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਸ ਸੰਜੀਦਗੀ ਨਾਲ ਕੰਮ ਕਰ ਰਹੇ ਹਨ ਉਹ ਬੇਮਿਸਾਲ ਹੈ।