ਫ਼ਰਾਰ ਅਧਿਕਾਰੀ ਨੂੰ ਗ੍ਰਿਫਤਾਰ ਕਰਨ ਲਈ ਸੀਬੀਆਈ ਅਤੇ ਇੰਟਰਪੋਲ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਲਈ ਲਿਖੀ ਚਿੱਠੀ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਵਿਰੁੱਧ ਉਸਦੀ ਆਮਦਨ ਦੇ ਜਨਤਕ ਸਰੋਤਾਂ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਦੇ ਨਾਲ ਹੀ ਵਿਜੀਲੈਂਸ ਬਿਊਰੋ ਵੱਲੋਂ ਫ਼ਰਾਰ ਸਿੰਗਲਾ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਸੀਬੀਆਈ ਅਤੇ ਇੰਟਰਪੋਲ ਨਵੀਂ ਦਿੱਲੀ ਨੂੰ ਪੱਤਰ ਵੀ ਭੇਜਿਆ ਗਿਆ ਹੈ। (Case OF Bribery)
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਿੱਚ ਕਰੋੜਾਂ ਰੁਪਏ ਦੇ ਟੈਂਡਰ ਅਲਾਟਮੈਂਟ ਘਪਲੇ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਐੱਫਆਈਆਰ ਨੰ. 11 ਮਿਤੀ 16 ਅਗਸਤ 2022 ਦੀ ਪੜਤਾਲ ਉਪਰੰਤ ਇਹ ਸਾਹਮਣੇ ਆਇਆ ਹੈ ਕਿ ਉਪਰੋਕਤ ਮੁੱਖ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ, ਜੋ ਕਿ ਵਿਭਾਗੀ ਵਿਜੀਲੈਂਸ ਸੈੱਲ ਦਾ ਚੇਅਰਮੈਨ ਵੀ ਸੀ, ਨੇ ਆਪਣੀ ਤਾਇਨਾਤੀ ਦੌਰਾਨ ਰਿਸ਼ਵਤ ਦੀ ਵੱਡੀ ਰਕਮ ਇਕੱਠੀ ਕੀਤੀ ਅਤੇ ਕਈ ਜਾਇਦਾਦਾਂ
ਬਣਾਈਆਂ ਹਨ। ਉਨਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਮੁਲਜ਼ਮ ਨੇ ਆਪਣੇ ਅਤੇ ਆਪਣੀ ਪਤਨੀ ਰਚਨਾ ਸਿੰਗਲਾ ਦੇ ਨਾਂਅ ’ਤੇ ਜਾਇਦਾਦਾਂ ਬਣਾਈਆਂ ਅਤੇ ਇਹ ਜਾਇਦਾਦਾਂ ਉਸ ਦੀ ਕੁੱਲ ਆਮਦਨ ਦੇ ਜਨਤਕ ਸਰੋਤਾਂ ਤੋਂ 1.36,56,005 ਰੁਪਏ ਵੱਧ ਹਨ ਜੋ ਕਿ 58.97 ਫ਼ੀਸਦ ਵਾਧਾ ਬਣਦਾ ਹੈ। (Case OF Bribery)
ਬੁਲਾਰੇ ਨੇ ਅੱਗੇ ਕਿਹਾ ਕਿ ਮਿਤੀ 01 ਅਪਰੈਲ 2011 ਤੋਂ ਮਿਤੀ 31 ਜੁਲਾਈ 2022 ਤੱਕ ਦੀ ਚੈਕਿੰਗ ਮਿਆਦ ਦੌਰਾਨ ਪਾਇਆ ਗਿਆ ਕਿ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸਦੀ ਪਤਨੀ ਨੇ 5 ਕੀਮਤੀ ਜਾਇਦਾਦਾਂ ਖਰੀਦੀਆਂ ਅਤੇ ਇਹਨਾਂ ‘ਤੇ 3,68,15,757 ਰੁਪਏ ਦੀ ਰਕਮ ਖਰਚ ਕੀਤੀ ਜਦੋਂ ਕਿ ਉਨਾਂ ਦੀ ਅਸਲ ਆਮਦਨ ਸਿਰਫ਼ 2,31,59,752 ਰੁਪਏ ਸੀ।
ਰਾਕੇਸ਼ ਕੁਮਾਰ ਸਿੰਗਲਾ ਦੀ ਭਾਰਤ ਭੂਸ਼ਣ ਆਸ਼ੂ ਨਾਲ ਬਹੁਤ ਨੇੜਤਾ ਸੀ (Case OF Bribery)
ਵਿਜੀਲੈਂਸ ਜਾਂਚ ਦੇ ਆਧਾਰ ’ਤੇ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸਦੀ ਪਤਨੀ ਰਚਨਾ ਸਿੰਗਲਾ ਵਿਰੁੱਧ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਬੀ), 13(2) ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਅਧੀਨ ਵਿਜੀਲੈਂਸ ਬਿਉਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਰਾਕੇਸ਼ ਕੁਮਾਰ ਸਿੰਗਲਾ ਦੀ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਬਹੁਤ ਨੇੜਤਾ ਸੀ ਅਤੇ ਉਸ ਨੇ ਠੇਕੇ ਅਲਾਟ ਕਰਾਉਣ ਲਈ ਤੇਲੂ ਰਾਮ ਠੇਕੇਦਾਰ ਤੋਂ 30 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਉਪਰੋਕਤ ਮੁਲਜ਼ਮ ਐਫ.ਆਈ.ਆਰ. ਨੰਬਰ 11/2022 ਵਿੱਚ ਵੀ ਸ਼ਾਮਲ ਹੈ ਅਤੇ ਉਸ ਨੇ ਤੇਲੂ ਰਾਮ ਤੋਂ 20 ਲੱਖ ਰੁਪਏ ਉਸਦੀ ਫਰਮ ਨੂੰ ਟੈਂਡਰ ਅਲਾਟ ਕਰਵਾਉਣ ਲਈ ਰਿਸ਼ਵਤ ਵਜੋਂ ਲਏ ਸੀ।
ਉਨਾਂ ਅੱਗੇ ਦੱਸਿਆ ਕਿ ਰਾਕੇਸ਼ ਕੁਮਾਰ ਸਿੰਗਲਾ ਉਪਰੋਕਤ ਕੇਸ ਵਿੱਚ ਲੋੜੀਂਦਾ ਹੈ ਅਤੇ ਵਿਜੀਲੈਂਸ ਬਿਊਰੋ ਦੀ ਪਹਿਲਕਦਮੀ ’ਤੇ ਉਸ ਨੂੰ ਲੁਧਿਆਣਾ ਦੀ ਅਦਾਲਤ ਵੱਲੋਂ 3 ਦਸੰਬਰ 2022 ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਉਕਤ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਉਸਦੇ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਗਈ ਹੈ ਅਤੇ 27 ਮਾਰਚ 2023 ਨੂੰ ਸੀ.ਬੀ.ਆਈ. ਅਤੇ ਇੰਟਰਪੋਲ, ਨਵੀਂ ਦਿੱਲੀ ਨੂੰ ਇਸ ਬਾਰੇ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ