ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਲਈ ਫ਼ਰੀਦਕੋਟ ਜ਼ਿਲ੍ਹੇ ਦੇ ਮੁਲਾਜ਼ਮਾਂ ਦਾ ਕਾਫ਼ਲਾ ਰਵਾਨਾ

ਮਾਮਲਾ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਅਤੇ ਮੁਲਾਜ਼ਮਾਂ ਦੀਆਂ ਹੋਰ ਸਾਂਝੀਆਂ ਮੰਗਾਂ ਪੰਜਾਬ ਦੇ ਬਜਟ ਵਿੱਚ ਨਜ਼ਰ ਅੰਦਾਜ਼ ਕਰਨ ਦਾ

ਫ਼ਰੀਦਕੋਟ (ਸੁਭਾਸ਼ ਸ਼ਰਮਾ)। ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਸਬੰਧਤ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ, ਚੰਡੀਗੜ੍ਹ ਦੇ ਸੱਦੇ ’ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਤੇ ਮੁਲਾਜ਼ਮਾਂ ਦੀਆਂ ਹੋਰ ਸਾਂਝੀਆਂ ਮੰਗਾਂ ਸਬੰਧੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਦੇ ਬਜ਼ਟ ਵਿੱਚ ਧਾਰਨ ਕੀਤੀ ਚੁੱਪ ਦੇ ਖਿਲਾਫ਼ ਰੋਸ ਪ੍ਰਗਟ ਕਰਨ ਲਈ ਅੱਜ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਵਿੱਚ ਸ਼ਾਮਲ ਹੋਣ ਲਈ ਫ਼ਰੀਦਕੋਟ ਜ਼ਿਲ੍ਹੇ ਦੇ ਮੁਲਾਜ਼ਮ ਰਵਾਨਾ ਹੋਏ।

ਇਸ ਕਾਫ਼ਲੇ ਦੀ ਅਗਵਾਈ ਮੁਲਾਜ਼ਮ ਆਗੂ ਕੁਲਦੀਪ ਸਿੰਘ ਸਹਿਦੇਵ, ਬੇਅੰਤ ਸਿੰਘ ਮੌੜ, ਧਰਮਿੰਦਰ ਸਿੰਘ, ਨਿਰਮਲ ਸਿੰਘ, ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਨਛੱਤਰ ਸਿੰਘ ਭਾਣਾ ਅਤੇ ਜਨਰਲ ਸਕੱਤਰ ਹਰਵਿੰਦਰ ਸ਼ਰਮਾ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਸਲਾਹਕਾਰ ਪ੍ਰੇਮ ਚਾਵਲਾ ਜ਼ਿਲ੍ਹਾ ਜਨਰਲ ਸਕੱਤਰ ਸੁਖਚੈਨ ਸਿੰਘ ਰਾਮਸਰ, ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲਾ ਫ਼ਰੀਦਕੋਟ ਦੇ ਆਗੂ ਸੋਮ ਨਾਥ ਅਰੋੜਾ, ਗੁਰਚਰਨ ਸਿੰਘ ਮਾਨ, ਰਮੇਸ਼ ਢੈਪਈ ਤੇ ਸੰਤੋਸ਼ ਕੁਮਾਰੀ ਚਾਵਲਾ ਆਦਿ ਸ਼ਾਮਲ ਸਨ। ਮੁਲਾਜ਼ਮਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਕੀਤੇ ਗਏ ਹੋਰ ਵਾਅਦੇ ਤੁਰੰਤ ਪੂਰੇ ਕੀਤੇ ਜਾਣ।

ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਦੌਰਾਨ ਪੰਜਾਬ ਦੇ ਮੁਲਾਜ਼ਮ ਪਿਛਲੀਆਂ ਸਰਕਾਰਾਂ ਵਾਂਗ ਇਸ ਸਰਕਾਰ ਦੇ ਖਿਲਾਫ ਵੀ ਸੰਘਰਸ਼ਾਂ ਦੀ ਰੂਪ ਰੇਖਾ ਤਿੱਖੀ ਕਰਨ ਲਈ ਮਜਬੂਰ ਹੋਣਗੇ।¿;

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ