Punjab News: ਪੰਜਾਬ ’ਚ ਹਜ਼ਾਰ ਕਿਲੋਮੀਟਰ ਪੇਂਡੂ ਸੜਕਾਂ ਬਣਾਉਣ ਦਾ ਰਾਹ ਪੱਧਰਾ, ਟੈਂਡਰ ਜਾਰੀ

Punjab-News
Punjab News: ਪੰਜਾਬ ’ਚ ਹਜ਼ਾਰ ਕਿਲੋਮੀਟਰ ਪੇਂਡੂ ਸੜਕਾਂ ਬਣਾਉਣ ਦਾ ਰਾਹ ਪੱਧਰਾ, ਟੈਂਡਰ ਜਾਰੀ

ਪੰਜ ਸਾਲ ਦੇ ਰੱਖ-ਰਖਾਅ ਦੀ ਸ਼ਰਤ ਨਾਲ ਠੇਕੇਦਾਰ ਦੀ ਜਵਾਬਦੇਹੀ ਕੀਤੀ ਤੈਅ

Punjab News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਪਾਸ ਹੋਣ ਦੇ ਕੁਝ ਦਿਨਾਂ ਦੇ ਅੰਦਰ-ਅੰਦਰ ‘ਬਦਲਦਾ ਪੰਜਾਬ’ ਬਜਟ ਵਿੱਚ ਉਲੀਕੀਆਂ ਰਣਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਪੇਂਡੂ ਵਿਕਾਸ ਲਈ ਮਹੱਤਵਪੂਰਨ ਕਦਮ ਚੁੱਕਦਿਆਂ 1000 ਕਿਲੋਮੀਟਰ ਲੰਬੀਆਂ ਸੜਕਾਂ ਨੂੰ ਮਜ਼ਬੂਤ ਕਰਨ ਲਈ ਟੈਂਡਰ ਜਾਰੀ ਕੀਤੇ ਹਨ। Punjab News

ਇਹ ਵੀ ਪੜ੍ਹੋ: Drug Free Punjab: ਬਿਨਾਂ ਲਾਇਸੰਸ ਦੇ ਚੱਲ ਰਿਹਾ ਗੈਰ-ਕਾਨੂੰਨੀ ਨਸ਼ਾ ਛੁਡਾਊ ਸੈਟਰ ਕੀਤਾ ਸੀਲ

ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਲਾਸਾ ਕੀਤਾ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ ਫਰੀਦਕੋਟ, ਸ਼ਹੀਦ ਭਗਤ ਸਿੰਘ ਨਗਰ, ਪਠਾਨਕੋਟ ਅਤੇ ਬਰਨਾਲਾ ਜ਼ਿਲ੍ਹਿਆਂ ਦੀਆਂ ਪੇਂਡੂ ਸੜਕਾਂ ਨੂੰ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਨੂੰ 10 ਮੀਟਰ ਚੌੜਾਈ ਵਿੱਚ ਤਿਆਰ ਕੀਤਾ ਜਾਵੇਗਾ ਤਾਂ ਜੋ ਬਿਹਤਰ ਸੰਪਰਕ ਸਥਾਪਤ ਕਰਦਿਆਂ ਰਾਜ ਭਰ ਅੰਦਰ ਆਵਾਜਾਈ ਵਿੱਚ ਸੁਧਾਰ ਕੀਤਾ ਜਾ ਸਕੇ।

ਗੁਣਵੱਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਤੀਜੀ-ਧਿਰ ਵੱਲੋਂ ਕੀਤਾ ਜਾਵੇਗਾ ਆਡਿਟ

ਇਸ ਮੌਕੇ ਇੱਕ ਅਹਿਮ ਬਦਲਾਅ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਠੇਕੇਦਾਰਾਂ ਦੀ ਜਵਾਬਦੇਹੀ ਵੀ ਵਧਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਠੇਕੇਦਾਰ ਬਣਾਈਆਂ ਗਈਆਂ ਸੜਕਾਂ ’ਤੇ ਸਿਰਫ ਇੱਕ ਸਾਲ ਦੀ ਵਾਰੰਟੀ ਲਈ ਜਵਾਬਦੇਹ ਸੀ ਪਰ ਹੁਣ ਪੰਜ ਸਾਲਾਂ ਦੀ ਮਿਆਦ ਲਈ ਸੜਕਾਂ ਦੇ ਰੱਖ-ਰਖਾਅ ਅਤੇ ਸਾਂਭ-ਸੰਭਾਲ ਦੀ ਜਿੰਮੇਵਾਰੀ ਸਬੰਧਤ ਠੇਕੇਦਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਇੱਕ ਤੀਜੀ ਧਿਰ ਵੱਲੋਂ ਇੰਨ੍ਹਾਂ ਕੰਮਾਂ ਦਾ ਆਡਿਟ ਕੀਤਾ ਜਾਵੇਗਾ ਅਤੇ ਕਿਸੇ ਵੀ ਗੜਬੜ ਦੇ ਨਤੀਜੇ ਵਜੋਂ ਫੰਡਾਂ ਦੀ ਰਿਕਵਰੀ ਕਰਨ ਦੇ ਨਾਲ-ਨਾਲ ਉਸ ਠੇਕੇਦਾਰ ਨੂੰ ਕਾਲੀ ਸੂਚੀ ਵਿੱਚ ਸ਼ਾਮਿਲ ਕੀਤਾ ਜਾਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਕਿਸੇ ਤਰ੍ਹਾਂ ਦੀ ਗੜਬੜੀ ਲਈ ਇਨ੍ਹਾਂ ਪ੍ਰੋਜੈਕਟਾਂ ਦੀ ਨਿਗਰਾਨੀ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਦੀ ਵੀ ਜਵਾਬਦੇਹੀ ਤੈਅ ਕੀਤੀ ਜਾਵੇਗੀ। Punjab News

ਵਿੱਤੀ ਸਾਲ 2025-26 ਵਿੱਚ ਰਿਕਾਰਡ ਤੋੜ 18,944 ਕਿਲੋਮੀਟਰ ਪੇਂਡੂ ਸੜਕਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ

ਉਨ੍ਹਾਂ ਕਿਹਾ ਕਿ ਰਿਕਾਰਡ ਤੋੜ 18,944 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਨਿਰਮਾਣ ਜਾਂ ਅਪਗ੍ਰੇਡ ਕੀਤਾ ਜਾਵੇਗਾ ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਤ ਕਰੇਗਾ।ਪਿਛਲੀਆਂ ਸਰਕਾਰਾਂ ਵੱਲੋਂ ਆਪਣੇ ਕਾਰਜਕਾਲ ਦੇ ਆਖ਼ਰੀ ਸਾਲ ਵਿੱਚ ਹੀ ਅਜਿਹੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਨ ਦੀ ਆਲੋਚਨਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਭਰੋਸਾ ਦਿਵਾਇਆ ਕਿ ਮੌਜੂਦਾ ਸਰਕਾਰ ਜਲਦੀ ਨਤੀਜੇ ਦੇਣ ਪ੍ਰਤੀ ਸਮਰਪਿਤ ਹੈ। ਵਰਨਣਯੋਗ ਹੈ ਕਿ ‘ਬਦਲਦਾ ਪੰਜਾਬ’ ਬਜਟ ਵਿੱਚ ਵਿੱਤੀ ਸਾਲ 2025-26 ਲਈ ਪੰਜਾਬ ਮੰਡੀ ਬੋਰਡ ਦੁਆਰਾ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਅਤੇ ਅਪਗ੍ਰੇਡੇਸ਼ਨ ਲਈ 2,873 ਕਰੋੜ ਰੁਪਏ ਅਲਾਟ ਕੀਤੇ ਗਏ ਹਨ। Punjab News