3 ਕਰੋੜ ਪੰਜਾਬੀਆਂ ਦਾ ਇਲਾਜ ਕਰ ਚੁੱਕੇ ਹਨ ਆਮ ਆਦਮੀ ਕਲੀਨਿਕ: ਭਗਵੰਤ ਸਿੰਘ ਮਾਨ

Government

ਚੰਡੀਗੜ੍ਹ। ‘ਸਿਹਤਮੰਦ ਪੰਜਾਬ’ ਦੇ ਮਿਸ਼ਨ ਦੀ ਸਫਲਤਾ ਵਿੱਚ ਹੁਣ ਤੱਕ 3 ਕਰੋੜ ਦੇ ਲਗਭਗ ਪੰਜਾਬੀਆਂ ਦਾ ਇਲਾਜ ਆਮ ਆਦਮੀ ਕਲੀਨਿਕ ਵਿੱਚ ਕੀਤਾ ਜਾ ਚੁੱਕਿਆ ਹੈ ਅਤੇ ਰੋਜ਼ਾਨਾ ਹੀ 58 ਹਜ਼ਾਰ 900 ਦੇ ਲਗਭਗ ਮਰੀਜ਼ਾ ਦਾ ਇਲਾਜ ਆਮ ਆਦਮੀ ਕਲੀਨਿਕ ਵਿੱਚ ਕੀਤਾ ਜਾ ਰਿਹਾ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਇਨ੍ਹਾਂ ਆਮ ਆਦਮੀ ਕਲੀਨਿਕ ਵਿੱਚ ਆਉਣ ਵਾਲੇ ਕਿਸੇ ਵੀ ਮਰੀਜ਼ ਤੋਂ ਕੋਈ ਵੀ ਪੈਸਾ ਨਹੀਂ ਲਿਆ ਜਾ ਰਿਹਾ ਹੈ। ਸਾਰੇ ਮਰੀਜਾਂ ਦਾ ਇਲਾਜ ਮੁਫ਼ਤ ਵਿੱਚ ਕਰਨ ਦੇ ਨਾਲ-ਨਾਲ ਜਿਥੇ 80 ਤਰ੍ਹਾਂ ਦੀਆਂ ਮੁਫ਼ਤ ਦਵਾਈਆਂ ਦਿੱੱਤੀ ਜਾ ਰਹੀਆਂ ਹਨ ਤਾਂ ਉਥੇ ਹੀ 38 ਤਰ੍ਹਾਂ ਦੇ ਟੈਸਟ ਬਿਲਕੁਲ ਹੀ ਮੁਫ਼ਤ ਕੀਤੇ ਜਾ ਰਹੇ ਹਨ। ਇਹ ਖ਼ੁਲਾਸਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਹੈ।

ਸਿਹਤ ਖੇਤਰ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਭਰ ਵਿੱਚ 881 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ ਜਿਨ੍ਹਾਂ ਨੇ ਸੂਬੇ ਵਿੱਚ ਸਿਹਤ ਸੰਭਾਲ ਖੇਤਰ ਦੇ ਵਿੱਚ ਕ੍ਰਾਂਤੀ ਲਿਆਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਗਾਰੰਟੀ ਨੂੰ ਸਫਲਤਾ ਨਾਲ ਪੂਰਾ ਕੀਤਾ ਜਾ ਰਿਹਾ ਹੈ ਤਾਂ ਕਿ ਕੋਈ ਵੀ ਪੰਜਾਬੀ ਇਲਾਜ ਕਰਵਾਉਣ ਤੋਂ ਵਾਂਝਾ ਨਾ ਰਹੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ ਸੰਭਾਲ ਕਿਸੇ ਵੀ ਖੁਸ਼ਹਾਲ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ ਅਤੇ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਬਿਹਤਰ ਮੈਡੀਕਲ ਸਿੱਖਿਆ ਪ੍ਰਣਾਲੀ ਇਹ ਯਕੀਨੀ ਬਣਾਉਂਦੀ ਹੈ ਕਿ ਅਸੀਂ ਨਾ ਸਿਰਫ਼ ਹੁਨਰਮੰਦ ਡਾਕਟਰ ਪੈਦਾ ਕਰੀਏ, ਸਗੋਂ ਇੱਕ ਮਜ਼ਬੂਤ ਸਿਹਤ ਸੰਭਾਲ ਵਾਤਾਵਰਣ ਪ੍ਰਣਾਲੀ ਵੀ ਸਿਰਜੀਏ ਤਾਂ ਜੋ ਲੋਕਾਂ ਦੀਆਂ ਜਰੂਰਤਾਂ ਨੂੰ ਪੂਰਾ ਕਰ ਸਕੀਏ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੈਡੀਕਲ ਕਾਲਜ ਸਥਾਪਤ ਕਰ ਰਹੀ ਹੈ ਤਾਂ ਕਿ ਸਾਡੇ ਬੱਚੇ ਇੱਥੇ ਹੀ ਡਾਕਟਰੀ ਸਿੱਖਿਆ ਹਾਸਲ ਕਰਕੇ ਲੋਕਾਂ ਦੀ ਸੇਵਾ ਕਰ ਸਕਣ।

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਮੋਹਾਲੀ ਜ਼ਿਲ੍ਹੇ ਵਿੱਚ ਇਹ ਦੂਜਾ ਮੈਡੀਕਲ ਕਾਲਜ ਹੋਵੇਗਾ ਜਦਕਿ ਇਸ ਤੋਂ ਪਹਿਲਾਂ ਮੋਹਾਲੀ ਵਿਖੇ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇਸੰਜ਼ ਸਥਾਪਤ ਕੀਤਾ ਗਿਆ ਹੈ। ਮੈਡੀਕਲ ਕਾਲਜ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੀਂਹ ਪੱਥਰ ਰੱਖਣ ਨਾਲ ਅਸੀਂ ਸਿਰਫ਼ ਇਹ ਇਮਾਰਤ ਨਹੀਂ ਬਣਾ ਰਹੇ ਸਗੋਂ ਅਸੀਂ ‘ਸਿਹਤਮੰਦ ਪੰਜਾਬ’ ਲਈ ਇਕ ਹੋਰ ਮੀਲ ਪੱਥਰ ਕਾਇਮ ਕਰ ਰਹੇ ਹਾਂ। ਇਸ ਮੈਡੀਕਲ ਸੰਸਥਾ ਦੇ ਬਣਨ ਨਾਲ ਜਿੱਥੇ ਇਲਾਕੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਹਾਸਲ ਹੋਣਗੀਆਂ, ਉਥੇ ਹੀ ਐਮ.ਬੀ.ਬੀ.ਐਸ. ਦੀਆਂ ਸੀਟਾਂ ਵਧਣ ਨਾਲ ਸਾਡੇ ਬੱਚੇ ਮੈਡੀਕਲ ਦੀ ਸਿੱਖਿਆ ਹਾਸਲ ਕਰ ਸਕਣਗੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ ‘ਤੇ ਰਨਵੇਅ ਹਵਾਈ ਜਹਾਜ਼ ਨੂੰ ਸਹੀ ਢੰਗ ਨਾਲ ਉਡਾਣ ਭਰਨ ਲਈ ਸਹਾਈ ਹੁੰਦਾ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਨੇ ਜੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here