ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨਗੇ ਆਮ ਆਦਮੀ ਕਲੀਨਿਕ : ਉਗੋਕੇ

 ਵਿਧਾਇਕ ਵੱਲੋਂ ਪਿੰਡ ਉਗੋਕੇ ’ਚ ਆਮ ਆਦਮੀ ਕਲੀਨਿਕ ਦਾ ਉਦਘਾਟਨ

(ਕਾਲ਼ਾ ਸਰਮਾ) ਭਦੌੜ। ਦੇਸ਼ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪਿੰਡ ਉਗੋਕੇ ਵਿਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪਿੰਡ ਪੱਧਰ ਉਪਰ ਦੇਣ ਦੇ ਉਦੇਸ਼ ਨਾਲ ਸੂਬੇ ਵਿਚ ਪਹਿਲੇ ਪੜਾਅ ਵਿੱਚ 75 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਜੋ ਕਿ ਪੰਜਾਬ ਸਰਕਾਰ ਦੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨਗੇ। ਉਨਾਂ ਕਿਹਾ ਕਿ ਸਥਾਨਕ ਪੱਧਰ ’ਤੇ ਅਜਿਹੇ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਮੁਫ਼ਤ ਮਿਲਣਗੀਆਂ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਫ਼ਤ ਬਿਜਲੀ ਦੇ ਵਾਅਦੇ ਤੋਂ ਬਾਅਦ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਵੱਡਾ ਵਾਅਦਾ ਪੂਰਾ ਕੀਤਾ ਗਿਆ ਹੈ।

ਆਮ ਆਦਮੀ ਕਲੀਨਿਕਾਂ ’ਚ ਲੋੜਵੰਦ ਮਰੀਜ਼ਾਂ ਦਾ ਮੈਡੀਕਲ ਸਟਾਫ ਵੱਲੋਂ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ 75 ਤਰ੍ਹਾਂ ਦੀਆਂ ਮੁਫ਼ਤ ਦਵਾਈਆਂ ਤੇ 41 ਤਰ੍ਹਾਂ ਦੇ ਲੈਬੋਰੇਟਰੀ ਟੈਸਟ ਕੀਤੇ ਜਾਣਗੇ। ਇਸ ਤੋਂ ਇਲਾਵਾ ਇੰਨਾਂ ਕਲੀਨਿਕਾਂ ’ਚ ਓ.ਪੀ.ਡੀ. ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ ਵੀ ਮਿਲਣਗੀਆਂ। ਉਨਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਦਾ ਸਮਾਂ ਫਿਲਹਾਲ ਗਰਮੀਆਂ ਵਿਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਅਤੇ ਸਰਦੀਆਂ ਵਿਚ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ।

ਇਸ ਮੌਕੇ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ, ਐਸਡੀਐਮ ਗੋਪਾਲ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਨਵਜੋਤਪਾਲ ਸਿੰਘ ਭੁੱਲਰ, ਨਾਇਬ ਤਹਿਸੀਲਦਾਰ ਹਮੀਸ਼ ਕੁਮਾਰ, ਡੀਐਸਪੀ ਰਵਿੰਦਰ ਸਿੰਘ, ਮੈਡੀਕਲ ਅਫਸਰ ਡਾ. ਗੁਰਸਾਗਰਦੀਪ ਸਿੰਘ ਸਿੱਧੂ, ਸਰਪੰਚ ਪ੍ਰਗਟ ਸਿੰਘ, ਕੌਂਸਲਰ ਹਰਦੀਪ ਸਿੰਘ, ਜਗਦੇਵ ਸਿੰਘ, ਬਲਵਿੰਦਰ ਰਾਮ, ਪਰਜਿੰਦਰ ਕੌਰ, ਮੰਗਤ ਸਿੰਘ, ਮਨੀਸਾ ਰਾਣੀ ਤੇ ਪਿੰਡ ਵਾਸੀ ਮੌਜੂਦ ਸਨ। ਇਸ ਮੌਕੇ ਮੰਚ ਸੰਚਾਲਨ ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ ਵੱਲੋਂ ਕੀਤਾ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ