ਭਗਵੰਤ ਮਾਨ ਨੇ ਪੰਜਾਬ ਪੁਲਿਸ ਵਿੱਚ ਭਰਤੀ ਹੋਏ 4358 ਸਿਪਾਹੀਆਂ ਨੂੰ ਸੌਂਪੇ ਨਿਯੁਕਤੀ ਪੱਤਰ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਆਮ ਆਦਮੀ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲਣ ਦੇ ਮਹਿਜ਼ ਪੰਜ ਮਹੀਨਿਆਂ ਵਿੱਚ ਹੀ 17,313 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ ਹਨ। ਇੱਥੇ ਪੰਜਾਬ ਪੁਲਿਸ ਵਿੱਚ ਨਵ-ਨਿਯੁਕਤ 4358 ਸਿਪਾਹੀਆਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਾਰੀ ਭਰਤੀ ਪ੍ਰਕਿਰਿਆ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਇਸ ਸਾਰੀ ਭਰਤੀ ਮੁਹਿੰਮ ਦੌਰਾਨ ਸਿਰਫ਼ ਮੈਰਿਟ ਹੀ ਇਕੋ-ਇਕ ਮਾਪਦੰਡ ਸੀ।
ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੁਲਿਸ ਵਿਭਾਗ ਵਿੱਚ ਖ਼ਾਲੀ ਪਈਆਂ 5739 ਹੋਰ ਆਸਾਮੀਆਂ ਉਤੇ ਭਰਤੀ ਜਲਦੀ ਸ਼ੁਰੂ ਕੀਤੀ ਜਾਵੇਗੀ। ਨਵੇਂ ਭਰਤੀ ਹੋਏ ਸਾਰੇ ਜਵਾਨਾਂ ਨੂੰ ਪੰਜਾਬ ਵਿੱਚੋਂ ਅਪਰਾਧ ਤੇ ਅਪਰਾਧੀਆਂ ਦਾ ਖ਼ਾਤਮਾ ਕਰਨ ਲਈ ਆਪਣੀ ਮੁਹਾਰਤ ਨੂੰ ਲਗਾਤਾਰ ਨਿਖਾਰਦੇ ਰਹਿਣ ਲਈ ਆਖਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਇਹ ਉਨ੍ਹਾਂ ਲਈ ਬੇਹੱਦ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਨਵੇਂ ਭਰਤੀ ਹੋਏ ਜਵਾਨ ਉੱਚ ਵਿੱਦਿਆ ਹਾਸਲ ਹਨ, ਜਿਹੜੇ ਤਕਨੀਕੀ ਗਿਆਨ ਨਾਲ ਭਰਪੂਰ ਹਨ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਅਜੋਕੇ ਤਕਨੀਕੀ ਯੁੱਗ ਵਿੱਚ ਅਪਰਾਧ ਤੇ ਅਪਰਾਧੀਆਂ ਨਾਲ ਸਿੱਝਣ ਲਈ ਇਨ੍ਹਾਂ ਜਵਾਨਾਂ ਦੀ ਉੱਚ ਵਿੱਦਿਆ ਕਾਫ਼ੀ ਮੱਦਦਗਾਰ ਸਾਬਤ ਹੋ ਸਕਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ