(ਜਸਵੀਰ ਸਿੰਘ ਗਹਿਲ) ਲੁਧਿਆਣਾ। Raja Warring: ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਤਾਜ਼ਾ ਨੀਤੀਗਤ ਫੈਸਲਿਆਂ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਦੀ ਨਿਖੇਧੀ ਕੀਤੀ ਹੈ ਅਤੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਬਿਜਲੀ ਦੇ ਵਾਧੇ ਨੂੰ ਪੰਜਾਬੀਆਂ ਨਾਲ ਧੋਖਾ ਕਰਾਰ ਦਿੱਤਾ।
ਇਹ ਵੀ ਪੜ੍ਹੋ: Buddha Dariya Ludhiana: ਬੁੱਢੇ ਦਰਿਆ ਦੇ ਮੁੱਦੇ ’ਤੇ ਵਿਧਾਇਕ ਪਰਾਸ਼ਰ ਵੱਲੋਂ ਵਿਧਾਇਕ ਗੋਗੀ ’ਤੇ ਜ਼ੁਬਾਨੀ ਹਮਲਾ
ਰਾਜਾ ਵੜਿੰਗ (Raja Warring) ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਬਿਜਲੀ ਦਰਾਂ ਵਿੱਚ 3 ਰੁਪਏ ਪ੍ਰਤੀ ਯੂਨਿਟ ਦਾ ਵਾਧਾ ਕਰਨ ਦਾ ਫੈਸਲਾ ਅੱਤਿਆਚਾਰ ਤੋਂ ਘੱਟ ਨਹੀਂ ਹੈ। ਜਦੋਂ ਕਿ ਸਰਕਾਰ ਬਿਜਲੀ ਦੇ ਪਹਿਲੇ 300 ਯੂਨਿਟ ਮੁਫ਼ਤ ਪ੍ਰਦਾਨ ਕਰਨ ਬਾਰੇ ਸ਼ੇਖੀ ਮਾਰਦੀ ਰਹਿੰਦੀ ਹੈ, ਵਾਧੂ ਖਪਤ ਲਈ ਇਹ ਭਾਰੀ ਵਾਧਾ ਘਰਾਂ ’ਤੇ ਕਾਫ਼ੀ ਵਿੱਤੀ ਬੋਝ ਪੈਦਾ ਕਰਦਾ ਹੈ। ਉਨ੍ਹਾਂ ਵਾਧੇ ਦੇ ਆਮ ਨਾਗਰਿਕਾਂ ਦੇ ਰੋਜ਼ਾਨਾ ਜੀਵਨ ’ਤੇ ਪੈਣ ਵਾਲੇ ਪ੍ਰਭਾਵਾਂ ’ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਦੱਸਿਆ ਕਿ ਪੈਟਰੋਲ ਵਿੱਚ 61 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਵਿੱਚ 92 ਪੈਸੇ ਪ੍ਰਤੀ ਲੀਟਰ ਦੇ ਵਾਧੇ ਨਾਲ ਜ਼ਰੂਰੀ ਵਸਤਾਂ ਅਤੇ ਸੇਵਾਵਾਂ ਦੀਆਂ ਕੀਮਤਾਂ ’ਤੇ ਮਾੜਾ ਪ੍ਰਭਾਵ ਪਵੇਗਾ।
ਰਾਜਾ ਵੜਿੰਗ ਨੇ ਜ਼ੋਰ ਦੇ ਕੇ ਕਿਹਾ ਕਿ ਹਾਲ ਹੀ ਦੀਆਂ ਕੀਮਤਾਂ ਵਿੱਚ ਵਾਧਾ ਸਿਰਫ਼ ਆਰਥਿਕ ਮੁੱਦਾ ਨਹੀਂ ਹੈ, ਸਗੋਂ ਪੰਜਾਬ ਦੇ ਲੋਕਾਂ ਲਈ ਜਿਉਂਦੇ ਰਹਿਣ ਦਾ ਮਸਲਾ ਹੈ। ਇਸ ਲਈ ਸਰਕਾਰ ਇਸ ਵਾਧੇ ਨੂੰ ਤੁਰੰਤ ਵਾਪਸ ਲਵੇ ਅਤੇ ਪਹਿਲਾਂ ਹੀ ਆਰਥਿਕ ਚੁਣੌਤੀਆਂ ਦੇ ਬੋਝ ਹੇਠ ਦੱਬੇ ਰਾਜ ਨੂੰ ਚਲਾਉਣ ਲਈ ਆਪਣੀ ਪਹੁੰਚ ’ਤੇ ਮੁੜ ਵਿਚਾਰ ਕਰੇ। Raja Warring