ਪਰਨੀਤ ਕੌਰ ਹਸਪਤਾਲ ‘ਚ ਜੇਰੇ ਇਲਾਜ ਪੀੜਤ ਦਾ ਹਾਲ-ਚਾਲ ਪੁੱਛਣ ਗਏ
ਪਟਿਆਲਾ, ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼
ਪਿਛਲੀਂ ਦਿਨੀਂ ਥਾਣਾ ਸਨੌਰ ਵਿੱਚ ਕੁੱਝ ਨੌਜਵਾਨਾਂ ਨਾਲ ਦੁਰਵਿਵਹਾਰ ਦੀ ਵਾਪਰੀ ਘਟਨਾ ਦੇ ਰਜਿੰਦਰਾ ਹਸਪਤਾਲ ਵਿੱਚ ਜੇਰੇ ਇਲਾਜ ਨੌਜਵਾਨ ਦਾ ਅੱਜ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ਼੍ਰੀਮਤੀ ਪਰਨੀਤ ਕੌਰ ਹਾਲ-ਚਾਲ ਪੁੱਛਣ ਗਏ ਉਨ੍ਹਾਂ ਪੀੜਤਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨ ਮੁਤਾਬਿਕ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਨੂੰ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਸ਼੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਸਨੌਰ ਥਾਣੇ ਦਾ ਇਹ ਮਾਮਲਾ ਸਾਹਮਣੇ ਆਉਣ ‘ਤੇ ਐਸ.ਐਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਤੁਰੰਤ ਕਾਰਵਾਈ ਕਰਦਿਆਂ ਸਹਾਇਕ ਥਾਣੇਦਾਰ ਨੂੰ ਮੁਅੱਤਲ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਕੱਲ ਇਸ ਘਟਨਾ ਦੇ ਮੈਜਿਸਟਰੀਅਲ ਜਾਂਚ ਦੇ ਹੁਕਮ ਵੀ ਦਿੱਤੇ ਹਨ ਅਤੇ ਜਾਂਚ ਰਿਪੋਰਟ ਆਉਣ ‘ਤੇ ਦੋਸ਼ੀਆਂ ਵਿਰੁੱਧ ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀ ਪਾਏ ਗਏ ਵਿਅਕਤੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪੀੜਤਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ। ਉਨ੍ਹਾਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਇਸ ਮਾਮਲੇ ਵਿੱਚ ਜਲਦ ਤੋਂ ਜਲਦ ਕਾਰਵਾਈ ਕਰਕੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣ ਲਈ ਕਿਹਾ।
ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਕਾਂਗਰਸ ਦੇ ਹਲਕਾ ਸਨੌਰ ਦੇ ਇੰਚਾਰਜ ਹਰਿੰਦਰ ਪਾਲ ਸਿੰਘ ਹੈਰੀਮਾਨ, ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ, ਐਸ.ਐਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ, ਐਸ.ਪੀ. ਸਿਟੀ ਕੇਸਰ ਸਿੰਘ, ਮੈਡੀਕਲ ਸੁਪਰਡੈਂਟ ਡਾ. ਬੀ.ਐਸ. ਬਰਾੜ, ਬਲਾਕ ਕਾਂਗਰਸ ਪ੍ਰਧਾਨ ਅਸ਼ਵਨੀ ਬੱਤਾ, ਅਮਨ ਰਣਜੀਤ ਸਿੰਘ ਨੈਣਾਂ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।