ਸਰਕਾਰੀ ਹੋਵੇ ਜਾਂ ਫਿਰ ਹੋਵੇ ਪ੍ਰਾਇਵੇਟ, ਕਿਸੇ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ | Punjab News
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਵਿੱਚ ਹੁਣ ਤੋਂ ਬਾਅਦ ਸਰਕਾਰੀ ਅਤੇ ਪ੍ਰਾਈਵੇਟ ਬੱਸ ਵਿੱਚ ਕਿਸੇ ਵੀ ਸਵਾਰੀ ਨੂੰ ਖੱਜਲ-ਖੁਆਰ ਕੀਤਾ ਗਿਆ ਤਾਂ ਉਸ ਸਰਕਾਰੀ ਜਾਂ ਫਿਰ ਗੈਰ ਸਰਕਾਰੀ ਬੱਸ ਦੇ ਡਰਾਈਵਰ ਤੇ ਕੰਡਕਟਰ ਦੇ ਨਾਲ ਹੀ ਬੱਸ ਕੰਪਨੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਇਹ ਸਖ਼ਤ ਤਾੜਨਾ ਵੀਰਵਾਰ ਨੂੰ ਜਾਰੀ ਕਰਦੇ ਹੋਏ ਉੱਚ ਅਧਿਕਾਰੀਆਂ ਨੂੰ ਚੈਕਿੰਗ ਕਰਨ ਲਈ ਵੀ ਕਿਹਾ ਹੈ। Punjab News
ਇਹ ਵੀ ਪੜ੍ਹੋ: ਭਾਰੀ ਮੀਂਹ ਨਾਲ ਕਿਤੇ ਰਾਹਤ, ਕਿਤੇ ਆਫਤ
ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਬੇ ’ਚ ਵੱਖ-ਵੱਖ ਥਾਵਾਂ ਦੇ ਦੌਰਿਆ ਦੌਰਾਨ ਅਤੇ ਦਫ਼ਤਰੀ ਫ਼ੋਨ ’ਤੇ ਈ-ਮੇਲ ਰਾਹੀਂ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਵੱਲੋਂ ਬੱਸਾਂ ਵਿੱਚ ਸਫ਼ਰ ਕਰਨ ਵਾਲੀਆਂ ਸਵਾਰੀਆਂ ਨਾਲ ਮਾੜਾ ਵਿਹਾਰ ਕੀਤਾ ਜਾ ਰਿਹਾ ਹੈ। ਇਹ ਵੀ ਸੁਣਨ ਨੂੰ ਮਿਲਿਆ ਹੈ ਕਿ ਕਈ ਵਾਰ ਤਾਂ ਸਵਾਰੀਆਂ ਨਾਲ ਝਗੜਾ ਵੀ ਕੀਤਾ ਜਾਂਦਾ ਹੈ ਜਿਸ ਸਬੰਧੀ ਆਏ ਦਿਨ ਸੋਸ਼ਲ ਮੀਡੀਆ ’ਤੇ ਵੀਡੀਓਜ਼ ਵੀ ਵਾਇਰਲ ਹੁੰਦੀਆਂ ਹਨ।
ਵਿਭਾਗੀ ਅਧਿਕਾਰੀਆਂ ਨੂੰ ਨਿਰੰਤਰ ਚੈਕਿੰਗ ਵਧਾਉਣ ਅਤੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਤੇ ਪ੍ਰਬੰਧਕਾਂ ਨੂੰ ਸਵਾਰੀਆਂ ਨਾਲ ਉਚਿਤ ਵਿਹਾਰ ਯਕੀਨੀ ਬਣਾਉਣ ਦੀ ਹਦਾਇਤ
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਇਹ ਵੀ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ ਕਿ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਦੇ ਡਰਾਈਵਰਾਂ/ਕੰਡਕਟਰਾਂ ਵੱਲੋਂ ਕਈ ਸਟਾਪਜ਼ ’ਤੇ ਬੱਸਾਂ ਵੀ ਨਹੀਂ ਰੋਕੀਆਂ ਜਾਂਦੀਆਂ ਅਤੇ ਸਵਾਰੀਆਂ ਨੂੰ ਬਣਦੇ ਸਟਾਪਜ਼ ਤੋਂ ਅੱਗੇ ਜਾਂ ਪਿੱਛੇ ਉਤਾਰ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਬੱਸ ਮੁਲਾਜ਼ਮਾਂ ਦੇ ਇਸ ਤਰ੍ਹਾਂ ਦੇ ਵਤੀਰੇ ਕਾਰਨ ਆਮ ਪਬਲਿਕ ਵਿੱਚ ਟਰਾਂਸਪੋਰਟ ਵਿਭਾਗ ਦੇ ਅਕਸ ’ਤੇ ਬੁਰਾ ਪ੍ਰਭਾਵ ਪੈ ਰਿਹਾ ਹੈ। ਲਾਲਜੀਤ ਸਿੰਘ ਭੁੱਲਰ ਨੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਰੰਤਰ ਚੈਕਿੰਗ ਵਧਾਉਣ ਅਤੇ ਵਿਭਾਗੀ ਪੱਧਰ ’ਤੇ ਸਰਕਾਰੀ ਬੱਸਾਂ ਦੇ ਡਰਾਈਵਰਾਂ/ਕੰਡਕਟਰਾਂ ਨੂੰ ਤੁਰੰਤ ਖੇਤਰੀ ਦਫ਼ਤਰਾਂ ਰਾਹੀਂ ਸਵਾਰੀਆਂ ਨਾਲ ਉਚਿਤ ਵਿਹਾਰ ਕਰਨਾ ਯਕੀਨੀ ਬਣਾਉਣ। Punjab News
ਡਰਾਈਵਰਾਂ ਤੇ ਕੰਡਕਟਰਾਂ ਨੂੰ ਸਵਾਰੀਆਂ ਉਤਾਰਨ ਅਤੇ ਚੜ੍ਹਾਉਣ ਲਈ ਹਦਾਇਤਾਂ ਜਾਰੀ ਕੀਤੀਆਂ
ਉਨ੍ਹਾਂ ਨਿਰਦੇਸ਼ ਦਿੱਤੇ ਕਿ ਡਰਾਈਵਰਾਂ ਤੇ ਕੰਡਕਟਰਾਂ ਨੂੰ ਨਿਰਧਾਰਤ ਬੱਸ ਸਟਾਪਜ਼ ’ਤੇ ਉਚਿਤ ਢੰਗ ਨਾਲ ਸਵਾਰੀਆਂ ਉਤਾਰਨ ਅਤੇ ਚੜ੍ਹਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਜਾਣ ਅਤੇ ਨਾਲ ਹੀ ਇਸ ਅਮਲ ਦੀ ਪੈਰਵੀ ਰੱਖਣੀ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੇ ਮਾਲਕਾਂ, ਉਨ੍ਹਾਂ ਦੇ ਪ੍ਰਾਈਵੇਟ ਪ੍ਰਬੰਧਕੀ ਅਦਾਰਿਆਂ ਨੂੰ ਆਮ ਸਵਾਰੀਆਂ ਨਾਲ ਉਚਿਤ ਵਿਹਾਰ ਕਰਨ ਅਤੇ ਆਪਣੇ ਡਰਾਈਵਰਾਂ/ਕੰਡਕਟਰਾਂ ਨੂੰ ਅਨੁਸਾਸ਼ਨ ਵਿੱਚ ਰਹਿਣ, ਸਵਾਰੀਆਂ ਨਾਲ ਮਿਲਵਰਤਣ ਰੱਖਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਜਾਣ। Punjab News