Punjab
Fatehgarh Sahib News: 15 ਸਾਲਾਂ ਬਾਅਦ ਪੂਰੀ ਹੋਈ ਇਲਾਕਾ ਨਿਵਾਸੀਆਂ ਦੀ ਮੰਗ, ਵਿਧਾਇਕ ਲਖਬੀਰ ਸਿੰਘ ਰਾਏ ਨੇ ਵਿਕਾਸ ਕਾਰਜ ਸ਼ੁਰੂ ਕਰਵਾਇਆ
ਸੜਕ ਦੀ ਖਸਤਾ ਹਾਲਤ ਕਾਰਨ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਰੋਜ਼ਾਨਾ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ
Fatehgarh Sahib News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਲਿੰਕਨ ਕਾਲਜ ਵਾਲੀ ਸੜਕ ਤੋਂ ਫ਼ਤਹਿ ਇਨਕਲੇਵ ਰਾਹੀਂ ਇਤਿਹਾਸਕ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਜਾਣ ਵਾਲੀ ਅਹਿਮ ਸੜਕ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਅਤੇ ਸ਼ਰਧਾਲੂਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ: ਲੋੜਵੰਦ ਪਰਿਵਾਰਾਂ ਦੀਆਂ ਧੀਆਂ ਨੂੰ ਬਿਨਾ ਕਿਸੇ ਬੇਨਿਯਮੀ ਤੋਂ ਸਿੱਧਾ ਲਾਭ, ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਪੂਰੀ ਜਾਣਕਾਰੀ
ਇਸ ਮੌਕੇ ਪੱਤਰਕਾਰਾਂ ਅਤੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਪਿਛਲੇ ਕਰੀਬ 15 ਸਾਲਾਂ ਦੌਰਾਨ ਸਮੇਂ ਦੀਆਂ ਸਰਕਾਰਾਂ ਵੱਲੋਂ ਇਸ ਅਹਿਮ ਰਸਤੇ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਸੀ। ਸੜਕ ਦੀ ਖਸਤਾ ਹਾਲਤ ਕਾਰਨ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਰੋਜ਼ਾਨਾ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਉਸਾਰੀ ਫ਼ਤਹਿ ਇਨਕਲੇਵ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਵੱਡੀ ਮੰਗ ਸੀ, ਜਿਸ ਨੂੰ 15 ਸਾਲ ਬਾਅਦ ਪੂਰਾ ਕੀਤਾ ਜਾ ਰਿਹਾ ਹੈ।
ਵਿਧਾਇਕ ਰਾਏ ਨੇ ਪ੍ਰੋਜੈਕਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਉੱਤੇ ਲਗਭਗ 24 ਲੱਖ 98 ਹਜ਼ਾਰ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਠੇਕੇਦਾਰ ਨੂੰ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਆਉਂਦੇ 15 ਤੋਂ 20 ਦਿਨਾਂ ਦੇ ਅੰਦਰ-ਅੰਦਰ ਇਸ ਪੌਸ਼ ਰਸਤੇ ਨੂੰ ਮੁਕੰਮਲ ਕਰਕੇ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਰਸਤੇ ਦੇ ਬਣਨ ਨਾਲ ਜਿੱਥੇ ਫ਼ਤਹਿ ਇਨਕਲੇਵ ਦੇ ਸਮੂਹ ਨਿਵਾਸੀਆਂ ਦਾ ਜੀਵਨ ਸੁਖਾਲਾ ਹੋਵੇਗਾ, ਉੱਥੇ ਹੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ-ਜਾਣ ਵਾਲੀ ਸੰਗਤ ਨੂੰ ਵੀ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ।
ਇਸ ਉਦਘਾਟਨੀ ਸਮਾਰੋਹ ਮੌਕੇ ਕੌਂਸਲਰ ਰਾਮਪਾਲ, ਕੌਂਸਲਰ ਦਵਿੰਦਰ ਕੌਰ, ਕੌਂਸਲਰ ਬਲਦੇਵ ਜਲਾਲ, ਕੌਂਸਲਰ ਜਸਵੀਰ ਸਿੰਘ ਬੰਟੀ, ਰਮੇਸ਼ ਕੁਮਾਰ ਸੋਨੂੰ, ਪ੍ਰਿਤਪਾਲ ਸਿੰਘ ਜੱਸੀ, ਜਗਜੋਤ ਸਿੰਘ, ਗੁਰਮੀਤ ਸਿੰਘ ਰੰਧਾਵਾ, ਸੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
ਫ਼ਤਹਿਗੜ੍ਹ ਸਾਹਿਬ : ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਂਦੇ ਹੋਏ ਵਿਧਾਇਕ ਲਖਬੀਰ ਸਿੰਘ ਰਾਏ। ਤਸਵੀਰ: ਅਨਿਲ ਲੁਟਾਵਾ
Comments