ਪੁਲਿਸ ਵੱਲੋਂ ਮਾਮਲਾ ਦਰਜ਼ ਨਾ ਕੀਤੇ ਜਾਣ ਤੋਂ ਖਫ਼ਾ | Patiala News
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਕੁੱਟਮਾਰ ਦਾ ਸ਼ਿਕਾਰ ਹੋਏ ਨੌਜਵਾਨ ਦੀ ਅੱਜ ਮੌਤ ਹੋ ਜਾਣ ਤੋਂ ਬਾਅਦ ਪਰਿਵਾਰ ਵੱਲੋਂ ਇੱਥੇ ਮੋਰਚਰੀ ਅੱਗੇ ਸਮਾਣਾ ਚੁੰਗੀ ਤੇ ਮੁੱਖ ਮਾਰਗ ‘ਤੇ ਧਰਨਾ ਦੇ ਕੇ ਆਵਜਾਈ ਠੱਪ ਕੀਤੀ ਗਈ। ਇਸ ਧਰਨੇ ਦਾ ਪਤਾ ਲੱਗਦਿਆਂ ਹੀ ਥਾਣਾ ਸਿਵਲ ਲਾਈਨ ਪੁਲਿਸ ਦੇ ਥਾਣਾ ਮੁਖੀ ਵੱਲੋਂ ਆ ਕੇ ਪਰਿਵਾਰਕ ਮੈਂਬਰਾਂ ਨੂੰ ਮਾਮਲਾ ਦਰਜ ਕਰਨ ਦਾ ਭਰੋਸਾ ਦਿੱਤਾ ਗਿਆ ਜਿਸ ਮਗਰੋਂ ਧਰਨਾਕਾਰੀਆਂ ਨੇ ਧਰਨਾ ਚੁੱਕ ਲਿਆ।
ਕੁਝ ਦਿਨ ਪਹਿਲਾਂ ਕੀਤੀ ਗਈ ਸੀ ਨੌਜਵਾਨ ਦੀ ਕੁੱਟਮਾਰ | Patiala News
ਜਾਣਕਾਰੀ ਅਨੁਸਾਰ ਸਪਿੰਦਰ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਪਿੰਡ ਅਬਲੋਵਾਲ, ਜਿਸ ਦੀ ਕੁਝ ਦਿਨ ਪਹਿਲਾਂ ਕੁਝ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਸੀ ਜਿਸ ਕਾਰਨ ਉਸਨੂੰ ਰਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ। ਇਸੇ ਦੌਰਾਨ ਹੀ ਉਸ ਨੂੰ ਹਸਪਤਾਲ ਤੋਂ ਛੁੱਟੀ ਵੀ ਮਿਲ ਗਈ ਸੀ ਪਰ ਕੱਲ੍ਹ ਉਕਤ ਨੌਜਵਾਨ ਨੂੰ ਮੁੜ ਦਰਦ ਉੱਠਿਆ ਤਾਂ ਉਸ ਨੂੰ ਰਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਅੱਜ ਉਸਦੀ ਮੌਤ ਹੋ ਗਈ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਗੁੱਸਾ ਭੜਕ ਉੱਠਿਆ ਅਤੇ ਉਨ੍ਹਾਂ ਨੇ ਸਮਾਣਾ ਚੁੰਗੀ ਤੇ ਪਟਿਆਲਾ-ਸੰਗਰੂਰ ਮੁੱਖ ਮਾਰਗ ‘ਤੇ ਜਾਮ ਲਾ ਦਿੱਤਾ।
ਧਰਨੇ ਮਗਰੋਂ ਪੁਲਿਸ ਵੱਲੋਂ ਮਾਮਲਾ ਦਰਜ਼ ਕਰਨ ਦਾ ਦਾਅਵਾ | Patiala News
ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਜਿਹੜੇ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਮੁੰਡੇ ਦੀ ਕੁੱਟਮਾਰ ਕੀਤੀ ਗਈ ਸੀ, ਪੁਲਿਸ ਵੱਲੋਂ ਉਨ੍ਹਾਂ ਖਿਲਾਫ਼ ਕਈ ਦਿਨ ਗੁਜ਼ਰਨ ਤੋਂ ਬਾਅਦ ਕਾਰਵਾਈ ਤਾਂ ਕੀ ਕਰਨੀ ਸੀ ਸਗੋਂ ਮਾਮਲਾ ਵੀ ਦਰਜ਼ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਨਹੀਂ ਹੁੰਦਾ ਉਹ ਆਪਣਾ ਧਰਨਾ ਜਾਰੀ ਰੱਖਣਗੇ। ਇਸ ਧਰਨੇ ਦਾ ਪਤਾ ਲੱਗਦਿਆਂ ਹੀ ਥਾਣਾ ਸਿਵਲ ਲਾਈਨ ਦੇ ਮੁਖੀ ਜਤਿੰਦਰਪਾਲ ਸਿੰਘ ਘਟਨਾ ਸਥਾਨ ‘ਤੇ ਪੁੱਜੇ ਅਤੇ ਉਨ੍ਹਾਂ ਪੀੜਤਾਂ ਨਾਲ ਗੱਲਬਾਤ ਕੀਤੀ ਅਤੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਨ ਦੀ ਗੱਲ ਆਖੀ, ਜਿਸ ਤੋਂ ਬਾਅਦ ਹੀ ਪਰਿਵਾਰ ਵੱਲੋਂ ਧਰਨਾ ਚੁੱਕਿਆ ਗਿਆ। (Patiala News)
ਥਾਣਾ ਸਿਵਲ ਲਾਈਨ ਪੁਲਿਸ ਵੱਲੋਂ ਕਥਿਤ ਤੌਰ ‘ਤੇ ਕੁੱਟਮਾਰ ਕਰਨ ਵਾਲੇ ਅਮਨ, ਰੋਹਿਤ, ਗੌਰਵ ਤੇ ਰਜਿੰਦਰ ਸਿੰਘ ਨਾਂਅ ਦੇ ਨੌਜਵਾਨਾਂ ਖਿਲਾਫ਼ ਧਾਰਾ 304, 323, 148, 149 ਤਹਿਤ ਮਾਮਲਾ ਦਰਜ਼ ਕਰ ਲਿਆ ਗਿਆ ਹੈ। ਥਾਣਾ ਸਿਵਲ ਲਾਈਨ ਦੀ ਸਬ ਇੰਸਪੈਕਟਰ ਰਣਜੀਤ ਕੌਰ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਨਾਮਜ਼ਦ ਮੁਲਜ਼ਮਾਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।