ਅਦਾਲਤ ਨੇ ਵਿਜੀਲੈਂਸ ਵੱਲੋਂ ਮਾਮਲਾ ਰੱਦ ਕਰਨ ਦੀ ਰਿਪੋਰਟ ਨੂੰ ਕੀਤਾ ਮਨਜ਼ੂਰ | Amarinder Singh
- ਕੈਪਟਨ ਸਣੇ 15 ਹੋਰ ਵੀ ਹੋਏ ਬਰੀ | Amarinder Singh
ਮੋਹਾਲੀ (ਸੱਚ ਕਹੂੰ ਨਿਊਜ਼)। ਮੋਹਾਲੀ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਿਛਲੇ ਦਸ ਸਾਲਾਂ ਤੋਂ ਚੱਲ ਰਹੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਮਾਮਲੇ ‘ਚ ਵੱਡੀ ਰਾਹਤ ਦਿੱਤੀ ਹੈ ਮੋਹਾਲੀ ਅਦਾਲਤ ਨੇ ਵਿਜੀਲੈਂਸ ਵੱਲੋਂ ਕੇਸ ਰੱਦ ਕਰਨ ਲਈ ਦਾਇਰ ਕੀਤੀ ਰਿਪੋਰਟ ਨੂੰ ਮਨਜ਼ੂਰ ਕਰ ਲਿਆ ਹੈ ਕੈਪਟਨ ਸਣੇ 15 ਹੋਰ ਨੂੰ ਵੀ ਇਸ ਕੇਸ ਵਿੱਚੋਂ ਬਰੀ ਕਰ ਦਿੱਤਾ ਗਿਆ ਹੈ ਅੱਜ ਮੁੱਖ ਮੰਤਰੀ ਫੈਸਲਾ ਸੁਣਨ ਲਈ ਖ਼ੁਦ ਮੋਹਾਲੀ ਅਦਾਲਤ ਪਹੁੰਚੇ ਹੋਏ ਸਨ ਅਦਾਲਤ ਨੇ ਅੱਗੇ ਅਪੀਲ ਕਰਨ ਲਈ ਇੱਕ ਮਹੀਨੇ ਦੀ ਮੋਹਲਤ ਵੀ ਦਿੱਤੀ ਹੈ ਮਾਮਲੇ ਵਿੱਚ ਕੁੱਲ 18 ਮੁਲਜ਼ਮ ਸਨ ਤੇ ਤਿੰਨ ਦੀ ਮੌਤ ਹੋ ਗਈ ਸੀ।
ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਉੱਪਰ ਕੇਸ ਸਿਆਸੀ ਦਬਾਅ ਥੱਲੇ ਦਰਜ ਹੋਇਆ ਸੀ ਤੇ ਇਸ ਮਾਮਲੇ ‘ਚ ਜਿੱਥੇ ਉਨ੍ਹਾਂ ਨੂੰ ਪ੍ਰੇਸ਼ਾਨੀ ਹੋਈ, ਉਥੇ ਹੀ ਇਸ ਕੇਸ ‘ਚ 500 ਸੁਣਵਾਈਆਂ ਹੋਣ ਕਾਰਨ ਕੋਰਟ ਅਤੇ ਸਰਕਾਰ ਦਾ ਸਮਾਂ ਤੇ ਪੈਸਾ ਦੋਵੇਂ ਬਰਬਾਦ ਹੋਏ ਹਨ ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਕੈਪਟਨ ਅਮਰਿੰਦਰ ਸਿੰਘ ਸਮੇਤ 17 ਖਿਲਾਫ ਸਾਲ 2008 ‘ਚ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੀ 32 ਕਿੱਲੇ ਜ਼ਮੀਨ ਗ਼ੈਰਕਾਨੂੰਨੀ ਢੰਗ ਨਾਲ ਇੱਕ ਪ੍ਰਾਈਵੇਟ ਡਿਵੈਲਪਰ ਨੂੰ ਟਰਾਂਸਫਰ ਕਰਨ ਸਬੰਧੀ ਕੈਪਟਨ ਅਮਰਿੰਦਰ ਸਿੰਘ ਸਣੇ 17 ਲੋਕਾਂ ਖਿਲਾਫ ਕੇਸ ਦਰਜ ਕੀਤਾ ਸੀ।
ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਮਾਮਲੇ ਨੂੰ ਉਨ੍ਹਾਂ ਨੇ ਉਜਾਗਰ ਕੀਤਾ ਸੀ ਪਰ ਅਦਾਲਤ ਨੇ ਉਨ੍ਹਾਂ ਦੀ ਅਰਜ਼ੀ ਪਹਿਲਾਂ ਹੀ ਰੱਦ ਕਰ ਦਿੱਤੀ ਸੀ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਵਿਜੀਲੈਂਸ ਨੇ ਇਸ ਕੇਸ ‘ਚ ਕੈਪਟਨ ਸਮੇਤ 17 ਜਣਿਆਂ ਨੂੰ ਕਲੀਨ ਚਿੱਟ ਦੇ ਦਿੱਤੀ ਸੀ ਤੇ ਹੁਣ ਅਦਾਲਤ ਨੇ ਇਸ ਕੇਸ ਦੀ ਕੈਂਸੀਲੇਸ਼ਨ ਰਿਪੋਰਟ ਮਨਜ਼ੂਰ ਕਰ ਲਈ ਹੈ ਅਦਾਲਤ ਵਿੱਚ ਚੱਲ ਰਹੀ ਸੁਣਵਾਈ ਦੌਰਾਨ ਸਾਬਕਾ ਮੰਤਰੀ ਚੌਧਰੀ ਜਗਜੀਤ ਸਿੰਘ, ਸਾਬਕਾ ਵਿਧਾਨ ਸਭਾ ਸਪੀਕਰ ਕੇਵਲ ਕਿਸ਼ਨ ਅਤੇ ਸਾਬਕਾ ਮੰਤਰੀ ਰਘੂਨਾਥ ਸਹਾਇਪੁਰੀ ਦੀ ਮੌਤ ਵੀ ਹੋ ਗਈ ਸੀ।