ਹੜ੍ਹਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਕੀਤਾ ਸੁਖਦ ਐਲਾਨ, ਮਿਲੇਗੀ ਰਾਹਤ…

Punjab Government

ਚੰਡੀਗੜ੍ਹ। ਪੰਜਾਬ ਸਰਕਾਰ (Punjab Government) ਨੇ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਕਿਸਾਨਾਂ ਲਈ ਵੱਡਾ ਫ਼ੈਸਲਾ ਲਿਆ ਹੈ। ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਅਜਿਹੇ ਕਿਸਾਨ ਸਵੇਰੇ 8 ਵਜੇ ਤੋਂ ਰਾਤ 9:30 ਵਜੇ ਤੱਕ ਝੋਨੇ ਦੀ ਪਨੀਰੀ ਲਈ ਮੰਗ ਰੱਖ ਸਕਦੇ ਹਨ। ਇਸ ਲਈ ਉਨ੍ਹਾਂ ਮੋਬਾਇਲ ਨੰਬਰ 77106-65725 ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਕਿਸਾਨਾਂ ਦੀ ਮੱਦਦ ਲਈ ਪੂਰੀ ਵਾਹ ਲਾ ਰਹੀ ਹੈ।

ਖੇਤੀਬਾੜੀ ਮੰਤਰੀ ਨੇ ਸੰਗਰੂਰ ਜ਼ਿਲ੍ਹੇ ਵਿੱਚ 22 ਏਕੜ ਤੋਂ ਵੱਧ ਰਕਬੇ ਵਿੱਚ ਪਨੀਰੀ ਬੀਜਣ ਦੀ ਸ਼ੁਰੂਆਤ ਕੀਤੀ। ਵਿਭਾਗ ਵੱਲੋਂ ਕਿਸਾਨਾ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ 3500 ਕੁਇੰਟਲ ਤੋਂ ਵੱਧ ਝੋਨੇ ਦੀ ਪਨੀਰੀ ਦੀ ਬਿਜਾਈ ਕੀਤੀ ਜਾ ਰਹੀ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਇਸ ਮੁਸ਼ਕਲਘੜੀ ਵਿੱਚ ਉਨ੍ਹਾਂ ਦੇ ਨਾਲ ਖੜੀ ਹੈ। (Punjab Government)

ਇਹ ਵੀ ਪੜ੍ਹੋ : ਗੀਤਿਕਾ ਸ਼ਰਮਾ ਆਤਮਹੱਤਿਆ ਕੇਸ ’ਚ ਸਾਬਕਾ ਗ੍ਰਹਿ ਮੰਤਰੀ ਗੋਪਾਲ ਕਾਂਡਾ ਬਰੀ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਝੋਨੇ ਦੀ ਪਨੀਰੀ ਦੀ ਮੰਗ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ। ਸੂਬਾ ਸਰਕਾਰ ਹੜ੍ਹਾਂ ਕਾਰਨ ਨੁਕਸਾਨੀ ਗਈ ਝੋਨੇ ਦੀ ਫਸਲ ਵਾਲੇ ਖੇਤਰਾਂ ਵਿੱਚ ਮੁੜ ਲੁਆਈ ਲਈ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਖੇਤੀਬਾੜੀ ਮੰਤਰੀ ਨੇ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਦੀ ਮੱਦਦ ਕਰਨ ਵਾਲੇ ਕਿਸਾਨਾਂ ਦੇ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਮੁਸ਼ਕਿਲ ਸਮੇਂ ਵਿੱਚ ਇੱਕ-ਦੂਜੇ ਦੀ ਸਹਾਇਤਾ ਕਰਨ ਦੀ ਲੋੜ ਹੈ।