ਕਿਸਾਨਾਂ ਨੂੰ ਵੀ ਦਿੱਤਾ ਪਰਾਲੀ ਨਾ ਸਾੜਨ ਦਾ ਸੰਦੇਸ਼ ( Kuldeep Singh Dhaliwal )
(ਰਾਜਨ ਮਾਨ) ਅੰਮ੍ਰਿਤਸਰ। ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ( Kuldeep Singh Dhaliwal ) ਨੇ ਆਪਣੇ ਪਿੰਡ ਜਗਦੇਵ ਕਲਾਂ ਵਿਖੇ ਆਪਣੇ ਖੇਤਾਂ ਵਿੱਚ ਝੋਨੇ ਦੀ ਕਟਾਈ ਮਗਰੋਂ ਪਰਾਲੀ ਬੇਲਰ ਨਾਲ ਗੰਢਾਂ ਬੰਨ ਕੇ ਸਾਂਭੀ। ਇਸ ਮੌਕੇ ਉਨ੍ਹਾਂ ਪੰਜਾਬ ਦੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਸਾੜਨ ਦੀ ਥਾਂ ਸਾਂਭਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਖੇਤੀ ਵਿਭਾਗ ਇਸ ਲਈ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹੈ।
ਉਨ੍ਹਾਂ ਕਿਹਾ ਕਿ ਇਹ ਕੰਮ ਉਹਨਾਂ ਆਪਣੇ ਆਪ ਲਈ ਹੀ ਨਹੀਂ ਸਗੋਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਹੈ।ਉਹਨਾਂ ਕਿਹਾ ਕਿ ਸਾਡੀ ਸਰਕਾਰ ਲਈ ਖੁਸ਼ਹਾਲ ਕਿਸਾਨ ਵੱਡਾ ਮੁੱਦਾ ਹੈ ਅਤੇ ਅਸੀਂ ਖੇਤੀ ਨੂੰ ਮੁਨਾਫੇ ਵਿੱਚ ਲਿਆਉਣ ਲਈ ਕੰਮ ਕਰ ਰਹੇ ਹਾਂ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਖੇਤਾਂ ਨੂੰ ਬੰਜਰ ਨਾ ਕਰਨ ਸਗੋਂ ਇਹ ਰਹਿੰਦ-ਖੂੰਹਦ ਖੇਤ ਵਿੱਚ ਵਾਹ ਕੇ ਖੇਤ ਦੀ ਉਪਜਾਊ ਸ਼ਕਤੀ ਵਧਾਉਣ।
ਉਨ੍ਹਾਂ ਕਿਹਾ ਕਿ ਇਸ ਵਾਰ ਅਸੀਂ ਮਨਰੇਗਾ ਤਹਿਤ ਵੀ ਪਰਾਲੀ ਇਕੱਠੀ ਕਰਨ ਦਾ ਕੰਮ ਕਰਾਂਗੇ, ਤਾਂ ਜੋ ਕਿਸਾਨਾਂ ਦੀ ਬਾਂਹ ਫੜੀ ਜਾ ਸਕੇ। ਧਾਲੀਵਾਲ ਨੇ ਕਿਸਾਨਾਂ ਨੂੰ ਕਣਕ ਝੋਨੇ ਦੇ ਫਸਲੀ ਚੱਕਰ ਵਿੱਚੋਂ ਨਿਕਲ ਕੇ ਨਗਦੀ ਵਾਲੀਆਂ ਫਸਲਾਂ ਬੀਜਣ ਦੀ ਸਲਾਹ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਮਾਨ ਸਰਕਾਰ ਹਰ ਵੇਲੇ ਤੁਹਾਡੇ ਨਾਲ ਹੈ ਅਤੇ ਤੁਸੀਂ ਸਰਕਾਰ ਨਾਲ ਮਿਲ ਕੇ ਪੰਜਾਬ ਨੂੰ ਮੁੜ ਤਰੱਕੀ ਦੇ ਰਸਤੇ ਉਤੇ ਪਾਉ।ਉਨ੍ਹਾਂ ਆਪਣੇ ਟਰੈਕਟਰ ਨਾਲ ਬੇਲਰ ਚਲਾ ਕੇ ਗੰਢਾਂ ਬੰਨੀਆਂ। ਇਸ ਮੌਕੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਸ ਜਤਿੰਦਰ ਸਿੰਘ ਗਿੱਲ, ਖੇਤੀ ਵਿਸਥਾਰ ਅਫਸਰ ਪ੍ਰਭਦੀਪ ਸਿੰਘ ਗਿੱਲ ਚੇਤਨਪੁਰਾ, ਆਮ ਆਦਮੀ ਪਾਰਟੀ ਦੇ ਪ੍ਰਧਾਨ ਸ ਬਲਦੇਵ ਸਿੰਘ ਬੱਬੂ ਚੇਤਨਪੁਰਾ ਆਦਿ ਹਾਜਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ