ਖੇਤੀਬਾੜੀ ਮੰਤਰੀ ਨੇ ਕਿਹਾ ‘ਆਪ ਸਰਕਾਰ’ ਕਿਸਾਨ ਹਿਤੈਸ਼ੀ, ਭਾਜਪਾ ’ਤੇ ਲਾਏ ਨਿਸ਼ਾਨੇ

Kuldeep Singh Dhaliwal

ਜਲੰਧਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਖੇਤੀਬਾੜੀ, ਪੰਚਾਇਤ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Agriculture Minister) ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਸਿਆਸੀ ਹਮਲਾ ਬੋਲਦੇ ਹੋਏ ਇਲਜਾਮ ਲਾਇਆ ਕਿ ਉਹ ਕਿਸਾਨਾਂ ਤੋਂ ਉਨ੍ਹਾਂ ਦਾ ਹੱਕ ਖੋਹ ਰਹੀ ਹੈ। ਕੁਲਦੀਪ ਧਾਲੀਵਾਲ ਨੇ ਟਵੀਟ ਕਰਦੇ ਹੋਏ ਕਿਹਾ ਕਿ ਹਰਿਆਣਾ ਸਰਕਾਰ ਨੇ ਗੰਨੇ ਦਾ ਭਾਅ ਵਧਾ ਕੇ ਭਾਵੇਂ 372 ਰੁਪਏ ਪ੍ਰਤੀ ਕੁਇੰਟਲ ਕੀਤਾ ਹੈ ਪਰ ਉਹ ਹੁਣ ਵੀ ਪੰਜਾਬ ਨਾਲੋਂ ਘੱਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਅਸੀਂ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਦਿਵਾਉਣਾ ਜਾਣਦੇ ਹਾਂ। ਧਾਲੀਵਾਲ ਨੇ ਕਿਹਾ ਕਿ ਭਾਜਪਾ ਵਾਂਗ ਅਸੀਂ ਕਦੇ ਵੀ ਕਿਸਾਨਾਂ ਨੂੰ ਧੋਖਾ ਨਹੀਂ ਦਿੰਦੇ ਹਾਂ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਦਿਵਾ ਚੁੱਕੀ ਹੈ।

ਕਿਸਾਨਾਂ ਨੂੰ ਸੜਕਾਂ ’ਤੇ ਉਤਰਨਾ ਪਿਆ (Agriculture Minister)

ਪੰਜਾਬ ’ਚ ਗੰਨੇ ਦੀ ਕੀਮਤ ਇਸ ਵੇਲੇ ਦੇਸ ’ਚ ਸਭ ਤੋਂ ਵੱਧ ਹੈ। ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਭਾਜਪਾ ਨੇ ਹੀ ਧੋਖਾ ਦਿੱਤਾ ਹੈ। ਪਹਿਲਾਂ ਭਾਜਪਾ ਨੇ ਖੇਤੀਬਾੜੀ ਕਾਨੂੰਨ ਬਣਾਏ ਸਨ, ਜੋ ਕਿਸਾਨਾਂ ਦੇ ਖਿਲਾਫ਼ ਸਨ, ਜਿਸ ਕਾਰਨ ਕਿਸਾਨਾਂ ਨੂੰ ਸੜਕਾਂ ’ਤੇ ਉਤਰਨਾ ਪਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੇ ਸਾਰੇ ਮਸਲਿਆਂ ਨੂੰ ਹੱਲ ਕੀਤਾ ਹੈ। ਪਹਿਲੀ ਵਾਰ ਸੂਬੇ ’ਚ ਮੂੰਗੀ ਦੀ ਬਿਜਾਈ ਕੀਤੀ ਗਈ ਅਤੇ ਕਿਸਾਨਾਂ ਨੂੰ ਝੋਨੇ ਦੀ ਖੇਤੀ ਤੋਂ ਵੱਖ ਕੀਤਾ ਗਿਆ ਤਾਂ ਕਿ ਪੰਜਾਬ ’ਚ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰ ਰਹੀ ਹੈ ਅਤੇ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਿਸਾਨਾਂ ਦੇ ਨਾਲ ਜੋ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਵੀ ਮੁੱਖ ਮੰਤਰੀ ਭਗਵੰਤ ਮਾਨ ’ਤੇ ਮਾਣ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ’ਚ ‘ਆਪ’ ਸਰਕਾਰ ਨੇ ਪਿੰਡਾਂ ਦੀਆਂ ਪੰਚਾਇਤੀ ਜਮੀਨਾਂ ਨੂੰ ਨਾਜ਼ਾਇਜ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ। ਕੋਈ ਵੀ ਪਹਿਲੀ ਸਰਕਾਰ ਇਹ ਕੰਮ ਨਹੀਂ ਕਰ ਸਕੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ।