ਆਖਰੀ ਦਿਨ ਵੀ ਨਾਮਜ਼ਦਗੀ ਪੱਤਰ ਦਾਖਲ ਨਾ ਕਰਵਾ ਸਕੇ ਅਕਾਲੀ-ਭਾਜਪਾ ਦੇ ਉਮੀਦਵਾਰ

Akali, BJP, Candidates, Nomination, Papers

ਕਾਂਗਰਸੀਆਂ ਦੀ ਧੱਕੇਸ਼ਾਹੀ ਖਿਲਾਫ਼ ਚੋਣ ਕਮਿਸ਼ਨ ਨੂੰ ਕੀਤੀ ਜਾਵੇਗੀ ਸ਼ਿਕਾਇਤ : ਭਾਜਪਾ ਆਗੂ

ਫਿਰੋਜ਼ਪੁਰ, ਸਤਪਾਲ ਥਿੰਦ

19 ਸਤੰਬਰ ਨੂੰ ਪੰਜਾਬ ‘ਚ ਹੋਣ ਜਾ ਰਹੀਆਂ ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਬੰਧੀ ਕੀਤੇ ਜਾ ਰਹੇ ਨਾਮਜ਼ਦਗੀ ਪੱਤਰ ਸਬੰਧੀ ਪੰਜਾਬ ‘ਚ ਕਾਂਗਰਸ ਦੀਆਂ ਕਥਿੱਤ ਧੱਕੇਸ਼ਾਹੀਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ ਤੇ ਜ਼ਿਲ੍ਹਾ ਫਿਰੋਜ਼ਪੁਰ ‘ਚ ਅੱਜ ਦੂਜੇ ਦਿਨ ਫਿਰ ਕਥਿਤ ਧੱਕੇਸ਼ਾਹੀ ਦਾ ਸ਼ਿਕਾਰ ਹੋਏ ਅਕਾਲੀ-ਭਾਜਪਾ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ ਜਾ ਸਕੇ ਭਾਵੇਂ ਕਿ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦਾ ਆਖਰੀ ਦਿਨ ਸੀ, ਜਿਸ ਕਾਰਨ ਅਕਾਲੀ-ਭਾਜਪਾ ਵਰਕਰਾਂ ‘ਚ ਰੋਸ ਜਤਾਇਆ ਜਾ ਰਿਹਾ ਹੈ। ਇਸ ਸਬੰਧੀ ਭਾਜਪਾ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਜਾਜ ਨੇ ਦੱਸਿਆ ਕਿ ਕਾਂਗਰਸ ਨੇ ਧੱਕੇਸ਼ਾਹੀ ਕਰਦਿਆਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਣ ਦਿੱਤੇ ਇਸ ਦੌਰਾਨ ਉਹਨਾਂ ਦੀ ਗੱਡੀ ‘ਤੇ ਹਮਲਾ ਵੀ ਕੀਤਾ ਗਿਆ।

ਉਹਨਾਂ ਦੱਸਿਆ ਕਿ ਕਾਂਗਰਸ ਦੀ ਕਥਿੱਤ ਧੱਕੇਸ਼ਾਹੀ ਖਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਗੁਰੂਹਰਸਹਾਏ ਤੋਂ ਅਕਾਲੀ ਦਲ ਦੇ ਸੀਨੀ ਆਗੂ ਵਰਦੇਵ ਸਿੰਘ ਮਾਨ ਨੇ ਵੀ ਦੱਸਿਆ ਕਿ ਅਖਾਰੀ ਦਿਨ ਵੀ ਪੁਲਿਸ ਨੇ ਸਿਆਸੀ ਸ਼ਹਿ ‘ਤੇ ਉਹਨਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਦਫ਼ਤਰ ਅੰਦਰ ਦਾਖਲ ਨਹੀਂ ਹੋਣ ਦਿੱਤਾ। ਉੱਥੇ ਹੀ ਨਾਮਜ਼ਦਗੀ ਭਰਨ ਦੇ ਆਖਰੀ ਦਿਨ ਫ਼ਿਰੋਜ਼ਪੁਰ ਜ਼ਿਲ੍ਹਾ ਮੈਜਿਸਟਰੇਟ ਕੰਪਲੈਕਸ ਪੁਲਿਸ ਛਾਉਣੀ ਵਿੱਚ ਤਬਦੀਲ ਹੋਇਆ ਰਿਹਾ ਸਾਰਾ ਦਿਨ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਦੇ ਬਾਹਰ ਸੈਂਕੜੇ ਪੁਲਿਸ ਮੁਲਾਜ਼ਮ ਤਾਇਨਾਤ ਰਹੇ ਅਤੇ ਨਾਲ ਹੀ ਦੋਵਾਂ ਪਾਸਿਓਂ ਤੋਂ ਬੈਰੀਗੇਟਸ ਲਗਾਏ ਗਏ ਸਨ

ਲੱਗਦਾ ਇੱਕ ਤਰਫ਼ਾ ਹੀ ਹੋਣਗੀਆਂ ਚੋਣਾਂ

ਸ਼੍ਰੋਮਣੀ ਅਕਾਲੀ ਦਲ-ਭਾਜਪਾ ਅਤੇ ਆਮ ਆਦਮੀ ਪਾਰਟੀ ਵੱਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਸਿਆਸੀ ਦਬਾਅ ਕਾਰਨ ਉਹਨਾਂ ਨਾਲ ਧੱਕੇਸ਼ਾਹੀਆਂ ਹੋ ਰਹੀਆਂ ਹਨ ਅਤੇ ਉਹਨਾਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਣ ਦਿੱਤੇ ਜਾ ਰਹੇ । ਉਥੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਬਲਵਿੰਦਰ ਸਿੰਘ ਧਾਲੀਵਾਲ ਨੇ ਪ੍ਰੈਸ ਨੋਟ ਜਾਰੀ ਕਰਦਿਆ ਦੱਸਿਆ ਕਿ 19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀ ਚੋਣਾਂ ਦੇ ਮੱਦੇਨਜ਼ਰ  ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ  43 ਉਮੀਦਵਾਰਾਂ ਅਤੇ ਪੰਚਾਇਤ ਸੰਮਤੀ ਲਈ ਕੁੱਲ 276 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ ਅਤੇ ਆਖਰੀ ਦਿਨ 7 ਸਤੰਬਰ ਨੂੰ ਜ਼ਿਲਾ ਪ੍ਰੀਸ਼ਦ ਲਈ 29 ਅਤੇ  ਪੰਚਾਇਤ ਸੰਮਤੀਆਂ  ਲਈ 137 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ, ਜਿਨ੍ਹਾਂ ‘ਚ ਬਲਾਕ ਫ਼ਿਰੋਜ਼ਪੁਰ ਤੋਂ 40, ਜ਼ੀਰਾ ਤੋ 8, ਮੱਖੂ ਤੋਂ 12, ਗੁਰੂਹਰਸਹਾਏ ਤੋਂ 23, ਮਮਦੋਟ ਤੋਂ 22 ਅਤੇ ਘੱਲਖੁਰਦ ਤੋਂ 32 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here