ਭਾਜਪਾ ਦੇ ਸੀਨੀਅਰ ਆਗੂ ਅਕਾਲੀ ਦਲ ਵਿੱਚ ਹੋਏ ਸ਼ਾਮਲ
ਫਾਜ਼ਿਲਕਾ, (ਰਜਨੀਸ਼ ਰਵੀ)| ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ 2022 ਵਿੱਚ ਸੂਬੇ ਵਿੱਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਗਰੀਬੀ ਰੇਖਾ ਤੋਂ ਹੇਠਲੀਆਂ ਘਰ ਦੀ ਅਗਵਾਈ ਕਰ ਰਹੀਆਂ ਮਹਿਲਾਵਾਂ ਨੂੰ ਮਾਤਾ ਖੀਵੀ ਜੀ ਰਸੋਈ ਸੇਵਾ ਸਕੀਮ ਸ਼ੁਰੂ ਕਰਨ ਲਈ ਗਠਜੋੜ ਵਚਨਬੱਧ ਹੈ। ਅਕਾਲੀ ਦਲ ਦੇ ਪ੍ਰਧਾਨ ਇੱਥੇ ਭਾਜਪਾ ਦੇ ਸੀਨੀਅਰ ਆਗੂਆਂ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਮੌਕੇ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਭਾਜਪਾ ਦੇ ਸਾਬਕਾ ਬਲਾਕ ਪ੍ਰਧਾਨ ਤੇ ਜ਼ਿਲ੍ਹਾ ਕੋਆਰਡੀਨੇਟਰ ਲਖਬੀਰ ਸਿੰਘ, ਸਾਬਕਾ ਕੌਂਸਲਰ ਬਲਬੀਰ ਸਿੰਘ ਤੇ ਸ਼ਸ਼ੀ ਸੋਲੰਕ, ਲਾਧੂਕਾ ਮੰਡੀ ਦੇ ਸਾਬਕਾ ਬਲਾਕ ਪ੍ਰਧਾਨ ਲੇਖ ਰਾਜ ਤੇ ਸਾਬਕਾ ਸਰਪੰਚ ਗੁਰਜੀਤ ਸਿੰਘ ਅੱਜ ਸ੍ਰ. ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋਏ।
ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਮਜ਼ੋਰ ਵਰਗਾਂ ਦੀ ਆਰਥਿਕ ਹਾਲਾਤ ਸੁਧਾਰਨ ਵਾਸਤੇ ਦਿ੍ਰੜ੍ਹ ਸੰਕਲਪ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਸ਼੍ਰ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਸ਼ਗਨ ਸਕੀਮ, ਆਟਾ ਦਾਲ ਸਕੀਮ ਤੇ ਬੁਢਾਪਾ ਪੈਨਸ਼ਨ ਵਰਗੀਆਂ ਵਿਲੱਖਣ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਸਨ।
ਉਹਨਾਂ ਕਿਹਾ ਕਿ ਨਵੀਂ ਸਕੀਮ ਜਿਸ ਤਹਿਤ ਨੀਲਾ ਕਾਰਡ ਧਾਰਕ ਪਰਿਵਾਰਾਂ ਦੀ ਅਗਵਾਈ ਕਰਨ ਵਾਲੀਆਂ ਸਾਰੀਆਂ ਮਹਿਲਾਵਾਂ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਪ੍ਰਦਾਨ ਕੀਤੀਆਂ ਜਾਣਗੀਆਂ, ਸਮਾਜ ਦੇ ਕਮਜ਼ੋਰ ਵਰਗਾਂ ਵਾਸਤੇ ਬਹੁਤ ਲਾਹੇਵੰਦ ਸਾਬਤ ਹੋਵੇਗੀ। ਸ੍ਰ. ਬਾਦਲ ਨੇ ਦੱਸਿਆ ਕਿ ਪਹਿਲਾਂ ਐਸ ਸੀ ਤੇ ਬੀ ਸੀ ਪਰਿਵਾਰਾਂ ਨੂੰ ਪਹਿਲਾਂ 200 ਯੂਨਿਟ ਬਿਜਲੀ ਮੁਫਤ ਦਿੱਤੀ ਜਾ ਰਹੀ ਸੀ ਜਦਕਿ ਹੁਣ ਇਹ ਸਹੂਲਤ ਸਾਰੇ ਘਰੇਲੂ ਖਪਤਕਾਰਾਂ ਨੂੰ ਪ੍ਰਦਾਨ ਕੀਤੀ ਜਾਵੇਗੀ ਤੇ ਇਸ ਤਹਿਤ ਮੁਫਤ ਮਿਲਣ ਵਾਲੀਆਂ ਯੂਨਿਟਾਂ ਦੀ ਗਿਣਤੀ ਵੀ 400 ਕਰ ਦਿੱਤੀ ਗਈ ਹੈ
ਉਹਨਾਂ ਕਿਹਾ ਕਿ ਇਸਦੇ ਨਾਲ ਹੀ ਮਹਿਲਾਵਾਂ ਦੀ ਬੇਹਤਰੀ ਵਾਸਤੇ ਅਕਾਲੀ ਦਲ ਤੇ ਬਸਪਾ ਗਠਜੋੜ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਸਰਕਾਰੀ ਨੌਕਰੀਆਂ ਵਿੱਚ ਮਹਿਲਾਵਾਂ ਨੂੰ 50 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਇਸਦਾ ਮਕਸਦ ਮਹਿਲਾਵਾਂ ਨੂੰ ਮਜਬੂਤ ਕਰਨਾ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਹਰ ਪਰਿਵਾਰ ਲਈ 10 ਲੱਖ ਰੁਪਏ ਦੀ ਸਾਲਾਨਾ ਸਿਹਤ ਬੀਮਾ ਸਕੀਮ ਸ਼ੁਰੂ ਕੀਤੀ ਜਾਵੇਗੀ।
ਲੋਕਾਂ ਨੂੰ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਤੋਂ ਗੁੰਮਰਾਹ ਨਾ ਹੋਣ ਦੀ ਅਪੀਲ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਖਾਧੀ ਸੀ ਪਰ ਉਹ ਮੁੱਕਰ ਗਏ। ਇਸੇ ਤਰੀਕੇ ਜਿੱਥੋਂ ਤੱਕ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਸਵਾਲ ਹੈ ਤਾਂ ਉਹ ਪੰਜਾਬ ਤੇ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਵਿੱਚ ਦੋਗਲੇ ਮਾਪਦੰਡ ਅਪਣਾਉਂਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਹੰਸ ਰਾਜ ਜੋਸਨ, ਸਾਬਕਾ ਵਿਧਾਇਕ ਮਹਿੰਦਰ ਰਿਣਵਾ, ਗੁਰਤੇਜ ਸਿੰਘ ਘੁੜਿਆਣਾ ਤੇ ਪ੍ਰਕਾਸ਼ ਸਿੰਘ ਭੱਟੀ, ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਗਰੇਵਾਲ ਤੇ ਸਤਿੰਦਰਜੀਤ ਸਿੰਘ ਮੰਟਾ ਵੀ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ