ਪਿੰਡ ਸਰਾਭਾ ਦੇ ਸਾਰੇ ਸਰਕਾਰੀ ਸਕੂਲ ਬਣਨਗੇ ‘ਸਮਾਰਟ’

All schools,  village ,Sarabha , 'Smart'

ਪਿੰਡ ਸਰਾਭਾ ਵਿਖੇ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ

ਰਾਮ ਗੋਪਾਲ ਰਾਏਕੋਟੀ/ਲੁਧਿਆਣਾ। ਖੁਰਾਕ ਤੇ ਸਿਵਲ ਸਪਲਾਈ ਕੈਬਨਿਟ ਮੰਤਰੀ ਪੰਜਾਬ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਨੂੰ ਹਰ ਸਹੂਲਤ ਮੁਹੱਈਆ ਕਰਾਉਣ ਲਈ ਯਤਨਸ਼ੀਲ ਹੈ। ਇਸੇ ਕੋਸ਼ਿਸ਼ ਤਹਿਤ ਪਿੰਡ ਦੇ ਸਾਰੇ ਸਰਕਾਰੀ ਸਕੂਲਾਂ ਨੂੰ ‘ਸਮਾਰਟ’ ਬਣਾਇਆ ਜਾਵੇਗਾ ਇਸ ਤੋਂ ਇਲਾਵਾ ਪਿੰਡ ਦੀ ਦਾਣਾ ਮੰਡੀ ਦਾ ਫੜ ਜਲਦ ਤੋਂ ਜਲਦ ਪੱਕਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਪਿੰਡ ਦੀ ਕਲੱਬ ਨੂੰ 5 ਲੱਖ ਰੁਪਏ ਗਰਾਂਟ ਜਾਰੀ ਕਰਨ ਦਾ ਵੀ ਐਲਾਨ ਕੀਤਾ। ਉਹ ਅੱਜ ਪਿੰਡ ਸਰਾਭਾ ਦੇ ਖੇਡ ਸਟੇਡੀਅਮ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਸਬੰਧੀ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।  ਸ੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੀ ਸੋਚ ‘ਤੇ ਪਹਿਰਾ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਸੁਫਨਿਆਂ ਮੁਤਾਬਿਕ ਦੇਸ਼ ਅਤੇ ਸਮਾਜ ਸਿਰਜਣ ਵਾਲੇ ਪਾਸੇ ਲੱਗੀ ਹੋਈ ਹੈ, ਜਿਸ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੂਰਨ ਵਚਨਬੱਧਤਾ ਹੈ।

ਉਨ੍ਹਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦੇਸ਼ ਨੂੰ ਆਜ਼ਾਦ ਕਰਾਉਣ ਅਤੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਾਉਣ ਲਈ ਪਾਏ ਯੋਗਦਾਨ ਦਾ ਜ਼ਿਕਰ ਕੀਤਾ । ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਕੌਮੀ ਸ਼ਹੀਦ’ ਦਾ ਦਰਜਾ ਦਿਵਾਉਣ ਲਈ ਕੇਂਦਰ ਸਰਕਾਰ ‘ਤੇ ਦਬਾਅ ਬਣਾਇਆ ਜਾਵੇਗਾ। ਸਮਾਗਮ ਨੂੰ ਸਾਬਕਾ ਮੰਤਰੀ ਸ੍ਰ. ਮਲਕੀਤ ਸਿੰਘ ਦਾਖਾ ਨੇ ਵੀ ਸੰਬੋਧਨ ਕਰਦਿਆਂ ਸ਼ਹੀਦ ਕਰਤਾਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਸੰਘਰਸ਼ਮਈ ਜੀਵਨ ਬਾਰੇ ਬਾਖੂਬੀ ਚਾਨਣਾ ਪਾਇਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੌਮੀ ਸ਼ਹੀਦ ਤੋਂ ਵੀ ਉੱਪਰ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਰਾਜ ਪੱਧਰੀ ਸਮਾਗਮ ਆਯੋਜਨ ਕਰ ਰਹੀ ਹੈ ਅਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਸੰਘਰਸ਼ਮਈ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ।

ਇਸ ਤੋਂ ਪਹਿਲਾਂ ਸ੍ਰੀ ਆਸ਼ੂ, ਕੈਪਟਨ ਸੰਧੂ ਸਮੇਤ ਸਾਰੀਆਂ ਪ੍ਰਮੁੱਖ ਸਖ਼ਸ਼ੀਅਤਾਂ ਨੇ ਸ਼ਹੀਦ ਦੇ ਬੁੱਤ, ਸਮਾਰਕ ਅਤੇ ਜੱਦੀ ਘਰ ਵਿਖੇ ਉਨ੍ਹਾਂ ਨੂੰ ਫੁੱਲ ਮਾਲਾਵਾਂ ਨਾਲ ਸ਼ਰਧਾਂਜਲੀ ਭੇਂਟ ਕੀਤੀ। ਉਪਰੰਤ ਉਨ੍ਹਾਂ ਖੇਡ ਮੇਲੇ ਦੌਰਾਨ ਫੁੱਟਬਾਲ ਫਾਈਨਲ ਮੁਕਾਬਲੇ ਦੀ ਜੇਤੂ ਰਹੀਆਂ ਟੀਮਾਂ ਇੰਡੀਅਨ ਏਅਰ ਫੋਰਸ ਅਤੇ ਉੱਪ ਜੇਤੂ ਸੀ. ਆਰ. ਪੀ. ਐੱਫ਼. ਜਲੰਧਰ ਦੀਆਂ ਟੀਮਾਂ ਨੂੰ ਇਨਾਮਾਂ ਦੀ ਵੀ ਵੰਡ ਕੀਤੀ। ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਪਰਿਵਾਰਕ ਮੈਂਬਰ ਸ੍ਰੀਮਤੀ ਸੁਖਦੇਵ ਕੌਰ ਸਮੇਤ ਪ੍ਰਮੁੱਖ ਸਖ਼ਸ਼ੀਅਤਾਂ ਦਾ ਕਲੱਬ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਕਰਨ ਵੜਿੰਗ ਉੱਪ ਚੇਅਰਮੈਨ ਪੇਡਾ, ਕਰਨਜੀਤ ਸਿੰਘ ਸੋਨੀ ਗਾਲਿਬ ਜ਼ਿਲ੍ਹਾ ਪ੍ਰਧਾਨ ਕਾਂਗਰਸ (ਦਿਹਾਤੀ), ਗੁਰਦੇਵ ਸਿੰਘ ਲਾਪਰਾਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਮੇਜਰ ਸਿੰਘ ਭੈਣੀ ਸੀਨੀਅਰ ਕਾਂਗਰਸੀ ਆਗੂ, ਐੱਸ. ਡੀ. ਐੱਮ. ਲੁਧਿਆਣਾ (ਪੱਛਮੀ) ਅਮਰਿੰਦਰ ਸਿੰਘ ਮੱਲੀ, ਜਗਪਾਲ ਸਿੰਘ ਖੰਗੂੜਾ, ਮਨਪ੍ਰੀਤ ਸਿੰਘ ਸਰਾਭਾ, ਹਰਨੇਕ ਸਿੰਘ ਸਰਾਭਾ, ਭੁਪਿੰਦਰ ਸਿੰਘ ਕਲੱਬ ਪ੍ਰਧਾਨ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।