ਅਮਨ ਅਰੋੜਾ ਨੇ ਸੂਚਨਾ ਅਤੇ ਲੋਕ ਸੰਪਰਕ ਅਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ

aman arora

ਲੋਕ ਭਲਾਈ ਸਕੀਮਾਂ ਤੇ ਪ੍ਰਾਜੈਕਟਾਂ ਦੀ ਜਾਣਕਾਰੀ ਆਧੁਨਿਕ ਤਕਨੀਕਾਂ ਰਾਹੀਂ ਲੋਕਾਂ ਤੱਕ ਪੁੱਜਦੀ ਕਰਾਂਗਾ : ਅਮਨ ਅਰੋੜਾ (Aman Arora)

  • ਪਾਰਦਰਸ਼ੀ, ਜਵਾਬਦੇਹ, ਸਕਾਰਾਤਮਕ ਅਤੇ ਚੰਗੀ ਦਿੱਖ ਵਾਲਾ ਪ੍ਰਸ਼ਾਸਨ ਦੇਣ ਦਾ ਅਹਿਦ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ਪਹਿਲਾਂ ਪਰਮਾਤਮਾ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਤੇ ਸਮਾਜ ਭਲਾਈ ਸਕੀਮਾਂ ਅਤੇ ਪ੍ਰਾਜੈਕਟਾਂ ਨੂੰ ਆਧੁਨਿਕ ਤਰੀਕੇ ਨਾਲ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਅਸਲ ਲਾਭਪਾਤਰੀ ਇਨਾਂ ਦਾ ਤੁਰੰਤ ਫ਼ਾਇਦਾ ਲੈ ਸਕਣ। ਉਨਾਂ ਕਿਹਾ ਕਿ ਮੀਡੀਆ ਨਾਲ ਪਾਰਦਰਸ਼ੀ, ਜਵਾਬਦੇਹ, ਸਕਰਾਤਮਕ ਸਾਂਝ ਨੂੰ ਮਜ਼ਬੂਤ ਕਰਨਗੇ ਅਤੇ ਸੂਬੇ ਦੇ ਲੋਕਾਂ ਨੂੰ ਚੰਗੀ ਦਿੱਖ ਵਾਲਾ ਪ੍ਰਸ਼ਾਸਨ ਦੇਣਾ ਯਕੀਨੀ ਬਣਾਉਣਗੇ।

ਅਮਨ ਅਰੋੜਾ (Aman Arora) ਦੇ ਅਹੁਦਾ ਸਾਂਭਣ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂੰ ਪ੍ਰਸਾਦ ਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਅਜੋਏ ਸਿਨਹਾ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ, ਸੀ.ਏ. ਗਮਾਡਾ ਅਰਸ਼ਦੀਪ ਸਿੰਘ ਥਿੰਦ, ਸੀ.ਈ.ਓ. ਪੇਡਾ ਸੁਮੀਤ ਜਾਰੰਗਲ ਅਤੇ ਪਰਿਵਾਰਕ ਮੈਂਬਰਾਂ ਵਿੱਚ ਕੈਬਨਿਟ ਮੰਤਰੀ ਦੇ ਮਾਤਾ ਸ੍ਰੀਮਤੀ ਪ੍ਰਮੇਸ਼ਵਰੀ ਦੇਵੀ, ਪਤਨੀ ਸ੍ਰੀਮਤੀ ਸ਼ਬੀਨਾ ਅਰੋੜਾ, ਪੁੱਤਰ ਭੁਵੀਰ ਅਰੋੜਾ, ਭੈਣ ਸ੍ਰੀਮਤੀ ਨੀਨਾ ਮਲਹੋਤਰਾ, ਸਹੁਰਾ ਸ੍ਰੀ ਸੰਦੀਪ ਗਿਲਹੋਤਰਾ, ਸੱਸ ਸ੍ਰੀਮਤੀ ਰੰਜਨਾ ਅਤੇ ਹੋਰ ਪਰਿਵਾਰਕ ਮੈਂਬਰ ਤੇ ਸਨੇਹੀ ਮੌਜੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ