ਚੰਡੀਗੜ੍ਹ (ਸੱਚ ਕਹੂੰ ਨਿਊਜ਼) । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਗਦੀ ਦੀ ਘਾਟ ਦਾ ਸਾਹਮਣਾ ਕਰ ਰਹੇ ਸੂਬੇ ਦੇ ਆਰਥਿਕ ਹਿੱਤਾਂ ਦੇ ਮੱਦੇਨਜ਼ਰ ਪਾਕਿਸਤਾਨ ਜਾਂ ਨੇਪਾਲ ਨੂੰ ਸੂਬਾ ਸਰਕਾਰ ਵੱਲੋਂ ਵਾਧੂ ਬਿਜਲੀ ਵੇਚਣ ਦੀ ਆਗਿਆ ਦੇਣ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹਿਯੋਗ ਦੀ ਮੰਗ ਕੀਤੀ ਹੈ ।
ਮੁੱਖ ਮੰਤਰੀ ਨੇ ਅੱਜ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਦੌਰਾਨ ਸੂਬੇ ਵਿੱਚ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵੀ ਕੇਂਦਰ ਤੋਂ ਸਹਾਇਤਾ ਦੀ ਮੰਗ ਕੀਤੀ ਤਾਂ ਜੋ ਘੱਟ ਕੀਮਤ ਭੁਗਤਾਨ ਦੇ ਵਿਧੀ ਵਿਧਾਨ ਨੂੰ ਦਰੁਸਤ ਕਰਕੇ ਝੋਨੇ ਦੀ ਖੇਤੀ ਦੀ ਥਾਂ ਹੋਰ ਫਸਲਾਂ ਦੀ ਕਾਸ਼ਤ ਲਈ ਕਿਸਾਨਾਂ ਨੂੰ ਉਤਸ਼ਾਹਤ ਕੀਤਾ ਜਾ ਸਕੇ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਨੇ ਇਹ ਪ੍ਰਗਟਾਵਾ ਮੁੱਖ ਮੰਤਰੀ ਦੀ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਚੱਲੀ ਇੱਕ ਘੰਟਾ ਲੰਮੀ ਮੀਟਿੰਗ ਤੋਂ ਬਾਅਦ ਕੀਤਾ।
ਪੰਜਾਬ ਦੇ ਸਰੱਹਦੀ ਖੇਤਰਾਂ ਵਿੱਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਇਨਾਂ ਕਿਸਾਨਾਂ ਲਈ ਕੇਂਦਰ ਸਰਕਾਰ ਦੇ ਮੁਆਵਜ਼ੇ ਵਿਚ ਵਾਧਾ ਕਰਨ ਦੀ ਅਪੀਲ ਕੀਤੀ ਤਾਂ ਜੋ ਯਕੀਨਨ ਸਰਹੱਦੀ ਪ੍ਰਬੰਧਨ ਨੂੰ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਬਣਾਇਆ ਜਾ ਸਕੇ । ਠੁਕਰਾਲ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਗੁਆਂਢੀ ਸੂਬੀਆਂ ਨੂੰ ਰਿਆਇਤਾਂ ਦਾ ਪੈਕੇਜ ਮੁੜ ਸੁਰਜੀਤ ਕਰਨ ਦੀਆਂ ਸੰਭਾਵਨਾਵਾਂ ਨੂੰ ਰੋਕਣ ਲਈ ਮੋਦੀ ਦੀ ਦਖਲ ਦੀ ਮੰਗ ਕੀਤੀ ਕਿਉਂਕਿ ਇਹ ਸੂਬੇ ਵਿਚ ਨਿਵੇਸ਼ ਲਿਆਉਣ, ਬੇਰੋਜ਼ਗਾਰ ਨੌਜੁਆਨਾਂ ਲਈ ਨੌਕਰੀ ਪੈਦਾ ਕਰਨਾ ਅਤੇ ਸੂਬੇ ਦੀ ਆਰਥਿਕਤਾ ਨੂੰ ਮੁੜ ਲੀਹ ‘ਤੇ ਲਿਆਉਣ ਲਈ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਢਾਹ ਲਾਵੇਗਾ।
ਪੰਜਾਬ ਦੀ ਘਰੇਲੂ ਮੰਗ ਨਾਲ ਨਿਪਟਣ ਤੋਂ ਬਾਅਦ ਸੂਬੇ ਵਿਚ 1000 ਮੈਗਾਵਾਟ ਵਾਧੂ ਬਿਜਲੀ ਹੋਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਪਾਕਿਸਤਾਨ ਜਾਂ ਨੇਪਾਲ ਨੂੰ ਬਿਜਲੀ ਵੇਚਣ ਲਈ ਵੀ ਮਦਦ ਦੇਣ ਦੀ ਮੰਗ ਕੀਤੀ ਕਿਉਂਕਿ ਇਸ ਨਾਲ ਸੂਬੇ ਦੇ ਲੋਕ ਕਿਸੇ ਵਾਧੂ ਟੈਕਸ ਦੇ ਬੋਝ ਤੋਂ ਬਚ ਸਕਣਗੇ ਅਤੇ ਇਸ ਨਾਲ ਬਿਜਲੀ ਖਪਤਕਾਰ ਬਿਜਲੀ ਉਤਪਾਦਨ ਇਕਾਈਆਂ ਦੀ ਤੈਅ ਕੀਤੀ ਲਾਗਤ ਦੇ ਬੋਝ ਤੋਂ ਵੀ ਬਚਣਗੇ।
ਉਨਾਂ ਕਿਹਾ ਕਿ ਪੰਜਾਬ ਦੀ ਸੀਮਾ ਪਾਕਿਸਤਾਨ ਨਾਲ ਲਗਦੀ ਹੈ ਅਤੇ ਗੋਇੰਦਵਾਲ ਸਾਹਿਬ ਥਰਮਲ ਪਾਵਰ ਪਲਾਂਟ ਅੰਤਰ-ਰਾਸ਼ਟਰੀ ਸਰਹੱਦ ਦੇ ਨੇੜੇ ਹੈ ਜਿਸ ਕਰਕੇ ਪਾਕਿਸਤਾਨ ਨੂੰ ਲਗਾਤਾਰ ਬਿਜਲੀ ਸਪਲਾਈ ਕਰਨਾ ਸੂਬੇ ਲਈ ਮੁਸ਼ਕਲ ਨਹੀਂ ਹੋਵੇਗਾ। ਉਨਾਂ ਅੱਗੇ ਕਿਹਾ ਕਿ ਜੇ ਭਾਰਤ ਸਰਕਾਰ ਸਹਿਮਤੀ ਦਿੰਦੀ ਹੈ ਤਾਂ ਉਹ ਨੇਪਾਲ ਨੂੰ ਵੀ ਬਿਜਲੀ ਸਪਲਾਈ ਕਰਕੇ ਖੁਸ਼ ਹੋਣਗੇ ਜੋ ਕਿ ਆਪਣੀ ਬਿਜਲੀ ਦੀ ਕਮੀ ਨਾਲ ਨਿਪਟਣ ਲਈ ਭਾਰਤ ਤੋਂ ਇਸ ਦੀ ਖਰੀਦ ਕਰਨੀ ਚਾਹੁੰਦਾ ਹੈ । ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਲਿਮਟਿਡ ਨੇ ਹਾਲ ਹੀ ਵਿਚ ਬਿਜਲੀ ਦੀ ਸਪਲਾਈ ਦੀ ਟੈਂਡਰਾਂ ਰਾਹੀ ਪੇਸ਼ਕਸ਼ ਕੀਤੀ ਹੈ ਪਰ ਇਸ ਨੂੰ ਇਸ ਵਿਚ ਸਫਲਤਾ ਨਹੀਂ ਮਿਲੀ। ਉਨਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੇਂਦਰੀ ਬਿਜਲੀ ਮੰਤਰਾਲੇ ਨੂੰ ਸਲਾਹ ਦੇਣ ਕਿ ਉਹ ਪਾਕਿਸਤਾਨ ਜਾਂ ਨੇਪਾਲ ਨੂੰ ਬਿਜਲੀ ਬੇਚਣ ਬਾਰੇ ਸੂਬਾ ਸਰਕਾਰ ਦੇ ਪ੍ਰਸਤਾਵ ਦੇ ਹਿੱਤ ਵਿਚ ਵਿਚਾਰ ਕਰੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।














