ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਪਾਬੰਦੀਸ਼ੁਦਾ ਸੰਗਠਨ ਦੀ ਕਿਸੇ ਵੀ ਕੋਸ਼ਿਸ਼ ਦਾ ਢੁੱਕਵਾਂ ਜਵਾਬ ਦੇਣ ਦੀ ਚਿਤਾਵਨੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਪੁਲਿਸ ਵੱਲੋਂ ਸੂਬੇ ’ਚ ਹਿੰਸਾ ਦਾ ਮਾਹੌਲ ਪੈਦਾ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕਰਨ ਅਤੇ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦੇਣ ਲਈ ਆਈ.ਐਸ.ਆਈ. ਤੋਂ ਸਮਰਥਨ ਪ੍ਰਾਪਤ ਖਾਲਿਸਤਾਨ ਪੱਖੀ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਐਫ.ਆਈ.ਆਰ ਦਰਜ ਕਰ ਲਈ ਗਈ ਹੈ ਇਸ ਦੇ ਨਾਲ ਹੀ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਪੰਨੂ ਨੂੰ ਸੂਬੇ ਦੀ ਸ਼ਾਂਤੀ, ਸਥਿਰਤਾ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਕਰੜੀ ਚਿਤਾਵਨੀ ਦਿੱਤੀ ਹੈ।
ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪਾਬੰਦੀਸ਼ੁਦਾ ਸਿੱਖਸ ਫਾਰ ਜਸਟਿਸ (ਐਸ.ਐਫ.ਜੇ) ਤੇ ਇਸ ਦੇ ਆਪ ਬਣੇ ਜਨਰਲ ਕੌਂਸਲ ਵੱਲੋਂ ਪੰਜਾਬ ਵਿੱਚ ਮਾਹੌਲ ਖਰਾਬ ਪੈਦਾ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਉਨ੍ਹਾਂ ਦੀ ਸਰਕਾਰ ਵੱਲੋਂ ਕਰਾਰਾ ਜਵਾਬ ਦਿੱਤਾ ਜਾਵੇਗਾ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਅਤੇ ਸਾਡੇ ਲੋਕਾਂ ਨੂੰ ਮੁੜ ਅੱਤਵਾਦ ਦੇ ਕਾਲੇ ਦਿਨਾਂ ਵੱਲ ਧੱਕਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ, ਜਿਸ ਨੇ ਹਜ਼ਾਰਾਂ ਨਿਰਦੋਸ਼ਾਂ ਦੀਆਂ ਜਾਨਾਂ ਲਈਆਂ। ਕੈਪਟਨ ਅਮਰਿੰਦਰ ਨੇ ਕਿਹਾ ਕਿ ਐਸ.ਐਫ.ਜੇ. ਦੀਆਂ ਮਾਹੌਲ ਖਰਾਬ ਕਰਨ ਅਤੇ ਵੰਡ ਪਾਉਣ ਦੀਆਂ ਕਾਰਵਾਈਆਂ ਦਾ ਢੁੱਕਵਾਂ ਜਵਾਬ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਰਾਜਨੀਤਿਕ ਆਗੂਆਂ ਤੇ ਪਾਰਟੀਆਂ ਨੇ ਪੰਨੂ ਦੀ ਪਾਕਿਸਤਾਨ ਆਈ.ਐਸ.ਆਈ ਤੋਂ ਫੰਡ ਪ੍ਰਾਪਤ ਵੱਖਰੇ ਮੁਲਕ ਦੀ ਮੰਗ ਕਰਨ ਮੁਹਿੰਮ ਦੀ ਨਿੰਦਾ ਕੀਤੀ ਸੀ। ਮੁੱਖ ਮੰਤਰੀ ਵੱਲੋਂ ਪੰਨੂ ਨੂੰ ਇਹ ਸਖਤ ਚਿਤਾਵਨੀ ਪੰਜਾਬ ਪੁਲਿਸ ਵੱਲੋਂ ਸੋਮਵਾਰ ਨੂੰ ਐਸ.ਐਫ.ਜੇ ਦੇ ਫੇਸਬੁੱਕ ਪੇਜ ’ਤੇ ਪੋਸਟ ਕੀਤੇ ਗਏ ਇੱਕ ਵੀਡੀਓ ਰਾਹੀਂ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਐਫ.ਆਈ.ਆਰ ਦਰਜ ਕਰਨ ਤੋਂ ਬਾਅਦ ਦਿੱਤੀ ਗਈ ਹੈ।
28 ਅਗਸਤ ਨੂੰ ਪੋਸਟ ਕੀਤੀ ਗਈ ਵੀਡੀਓ ਦੀ ਮੁੱਢਲੀ ਜਾਂਚ ਦਾ ਹਵਾਲਾ ਦਿੰਦਿਆਂ ਡੀ.ਜੀ.ਪੀ ਨੇ ਕਿਹਾ ਕਿ ਉਕਤ ਵੀਡੀਓ ਤੋਂ ਮੁੱਖ ਮੰਤਰੀ ਦੇ ਵਿਰੁੱਧ ਇੱਕ ਅਪਰਾਧਕ ਸਾਜਿਸ਼ ਦਾ ਸਪੱਸ਼ਟ ਤੌਰ ’ਤੇ ਪਤਾ ਚਲਦਾ ਹੈ, ਜਿਸ ਵਿੱਚ ਮੁੱਖ ਮੰਤਰੀ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਉਂਦੇ ਹੋਏ ਦਿਖਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੂਰੀ ਸਾਜਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ