ਕਿਸਾਨਾਂ ਨੂੰ ਬਿਨਾਂ ਅੱਗ ਲਾਏ ਕਣਕ ਦੀ ਬਿਜਾਈ ਕਰਨ ਲਈ ਉਤਸ਼ਾਹਿਤ ਕਰਦੇ ਰਹਿਣ ਲਈ ਆਖਿਆ
Stop Stubble Burning: ਸੁਨਾਮ ਉਧਮ ਸਿੰਘ ਵਾਲਾ (ਕਰਮ ਥਿੰਦ)। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੁਨਾਮ ਉਧਮ ਸਿੰਘ ਵਾਲਾ ਦੇ ਐਸਡੀਐਮ ਪ੍ਰਮੋਦ ਸਿੰਗਲਾ ਨੇ ਨੰਬਰਦਾਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਵਿੱਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਆਪਣੇ ਦਫ਼ਤਰ ਵਿਖੇ ਸਬ ਡਵੀਜ਼ਨ ਅਧੀਨ ਆਉਂਦੇ ਪਿੰਡਾਂ ਦੇ ਵੱਡੀ ਗਿਣਤੀ ਨੰਬਰਦਾਰਾਂ ਨਾਲ ਮੀਟਿੰਗ ਕਰਦਿਆਂ ਐਸ.ਡੀ.ਐਮ ਨੇ ਕਿਹਾ ਕਿ ਮਿਲਵਰਤਨ ਅਤੇ ਸਾਂਝੇ ਹੰਭਲਿਆਂ ਨਾਲ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾਵੇ। ਐਸਡੀਐਮ ਨੇ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਤੇ ਉਹਨਾਂ ਦੇ ਪਰਿਵਾਰਿਕ ਮੈਂਬਰ, ਆਪਣੀਆਂ ਫਸਲਾਂ ਦੀ ਰਹਿੰਦ ਖੂਹੰਦ ਨੂੰ ਸਾੜਨ ਤੋਂ ਗੁਰੇਜ ਕਰਨ ਕਿਉਂਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਸਾਰੇ ਅਧਿਕਾਰੀਆਂ, ਕਰਮਚਾਰੀਆਂ, ਨੰਬਰਦਾਰਾਂ ਆਦਿ ਨੂੰ ਸਖਤ ਦਿਸ਼ਾ ਨਿਰਦੇਸ਼ ਦਿੱਤੇ ਹੋਏ ਹਨ।
ਇਹ ਵੀ ਪੜ੍ਹੋ: Ration Card Update: ਰਾਸ਼ਨ ਕਾਰਡ ਵਿੱਚੋਂ ਕੱਟਿਆ ਜਾ ਸਕਦੈ ਤੁਹਾਡਾ ਨਾਂਅ, ਅੱਜ ਹੀ ਕਰ ਲਓ ਇਹ ਕੰਮ, ਸਰਕਾਰ ਨੇ ਜਾਰੀ ਕ…
ਐਸਡੀਐਮ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਬਸਿਡੀ ’ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਅਤੇ ਇਸ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਸ਼ਾਸਨ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਲਗਾਤਾਰ ਚੌਕਸੀ ਟੀਮਾਂ ਪਿੰਡਾਂ ਵਿੱਚ ਅਭਿਆਨ ਚਲਾ ਰਹੀਆਂ ਹਨ। ਉਹਨਾਂ ਨੇ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਬਿਨਾਂ ਅੱਗ ਲਾਏ ਕਣਕ ਦੀ ਬਿਜਾਈ ਕਰਨ ਲਈ ਉਤਸ਼ਾਹਿਤ ਕਰਦੇ ਰਹਿਣ। ਇਸ ਮੌਕੇ ਸਮੂਹ ਨੰਬਰਦਾਰਾਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਉਹ ਪ੍ਰਸ਼ਾਸਨ ਨੂੰ ਇਸ ਮੁਹਿੰਮ ਵਿੱਚ ਭਰਵਾਂ ਸਹਿਯੋਗ ਦੇਣਗੇ।