ਇਤਿਹਾਸ ਦੀ ਕਿਤਾਬ ‘ਤੇ ਨਜ਼ਰਸਾਨੀ ਲਈ 6 ਮੈਂਬਰੀ ਕਮੇਟੀ ਦਾ ਐਲਾਨ, ਦੇਵੇਗੀ ਆਪਣੀ ਰਿਪੋਰਟ

6-Member, Committee, Announced, History, Book, Report, Report

ਕਮੇਟੀ ਦੀ ਅਗਵਾਈ ਉੱਘੇ ਇਤਿਹਾਸਕਾਰ ਪ੍ਰੋ. ਕਿਰਪਾਲ ਸਿੰਘ ਕਰਨਗੇ

  • ਸਾਲ 2014 ਦੇ ਪੈਨਲ ਦੀਆਂ ਸਿਫਾਰਸ਼ਾਂ ਦੀ ਘੋਖ ਕਰੇਗੀ ਕਮੇਟੀ

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰੋ. ਕਿਰਪਾਲ ਸਿੰਘ ਦੀ ਅਗਵਾਈ ਵਿੱਚ 6 ਮੈਂਬਰੀ ਨਿਗਰਾਨ ਕਮੇਟੀ ਕਾਇਮ ਕਰਨ ਦਾ ਐਲਾਨ ਕੀਤਾ ਹੈ ਜੋ ਸਾਲ 2014 ਵਿੱਚ ਗਠਿਤ ਕੀਤੇ ਪੈਨਲ ਵੱਲੋਂ ਇਤਿਹਾਸ ਦੇ ਸਿਲੇਬਸ ਦੀ ਸਮੀਖਿਆ ਕਰਨ ਬਾਰੇ ਕੀਤੀਆਂ ਸਿਫਾਰਸ਼ਾਂ ਦੀ ਘੋਖ ਕਰਨ ਦੇ ਨਾਲ-ਨਾਲ ਭਵਿੱਖ ਵਿੱਚ ਸਾਰੀਆਂ ਇਤਿਹਾਸਕ ਕਿਤਾਬਾਂ ਦੀ ਵੀ ਨਜ਼ਰਸਾਨੀ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਤਿਹਾਸਕ ਕਿਤਾਬਾਂ ਦੇ ਸਿਆਸੀਕਰਨ ਨੂੰ ਰੋਕਣ ਲਈ ਸਥਾਈ ਕਮੇਟੀ ਕਾਇਮ ਕਰਨ ਦਾ ਫੈਸਲਾ ਕੀਤਾ ਹੈ ਜੋ ਸਿਲੇਬਸ ਨੂੰ ਤਿਆਰ ਕਰਨ ਅਤੇ ਇਸ ਵਿਸ਼ੇ ‘ਤੇ ਗਲਤੀਆਂ ਰਹਿਤ ਕਿਤਾਬਾਂ ਯਕੀਨੀ ਬਣਾਉਣ ਵਿੱਚ ਕੰਮ ਕਰੇਗੀ।

ਮੁੱਖ ਮੰਤਰੀ ਨੇ ਇਸ ਮਾਮਲੇ ‘ਤੇ ਪੈਦਾ ਹੋਏ ਵਿਵਾਦ ਨੂੰ ਸਿਆਸੀ ਤੌਰ ‘ਤੇ ਪ੍ਰੇਰਿਤ ਦੱਸਦਿਆਂ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਾਲ 2014 ਵਿੱਚ ਅਕਾਲੀ-ਭਾਜਪਾ ਸਰਕਾਰ ਦੌਰਾਨ ਐਨ.ਸੀ.ਆਈ.ਆਰ.ਟੀ. ਦੇ ਸਿਲੇਬਸ ਮੁਤਾਬਕ ਸਿਲੇਬਸ ਤੇ ਕਿਤਾਬਾਂ ਪ੍ਰਕਾਸ਼ਿਤ ਕਰਨ ਬਾਰੇ ਨਜ਼ਰਸਾਨੀ ਕਰਨ ਦਾ ਫੈਸਲਾ ਕੀਤਾ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਅਸਲ ਵਿੱਚ ਇਸ ਤੋਂ ਪਹਿਲਾਂ ਇਤਿਹਾਸ ਦੀ ਕੋਈ ਕਿਤਾਬ ਹੀ ਨਹੀਂ ਸੀ ਅਤੇ ਜਿਸ ਦਾ ਜ਼ਿਕਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਜਾ ਰਿਹਾ ਹੈ, ਉਹ ਮਹਿਜ਼ ਗਾਈਡ ਹੈ।

ਇਸ ਉਪਰੰਤ ਮੁੱਖ ਮੰਤਰੀ ਵੱਲੋਂ ਐਲਾਨੀ ਕਮੇਟੀ ਬਾਰੇ ਸਰਕਾਰੀ ਬੁਲਾਰੇ ਨੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਪ੍ਰੋ. ਕਿਰਪਾਲ ਸਿੰਘ ਤੋਂ ਇਲਾਵਾ ਇਹ ਕਮੇਟੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਪ੍ਰੋ ਜੇ.ਐਸ. ਗਰੇਵਾਲ, ਸਾਬਕਾ ਪ੍ਰੋ-ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਅਤੇ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਦੇ ਐਮੀਰਾਈਟਸ ਪ੍ਰੋਫੈਸਰ ਇੰਦੂ ਬਾਂਗਾ ‘ਤੇ ਅਧਾਰਿਤ ਹੋਵੇਗੀ ਅਤੇ ਇਸ ਕਮੇਟੀ ਵਿੱਚ ਦੋ ਉੱਘੇ ਇਤਿਹਾਸਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਮਜ਼ਦ ਕੀਤੇ ਜਾਣਗੇ।