31 ਕਿਸਾਨ ਜਥੇਬੰਦੀਆਂ ਵੱਲੋਂ ਅਗਲੇ ਸੰਘਰਸ ਦਾ ਐਲਾਨ, 1 ਅਕਤੂਬਰ ਤੋਂ ਪੰਜਾਬ ਅੰਦਰ ਅਣਮਿੱਥੇ ਸਮੇਂ ਲਈ ਰੇਲਾਂ ਰੋਕਣ ਦਾ ਐਲਾਨ

ਬੀਜੇਪੀ ਦੇ ਚੁਣੇ ਹੋਏ ਨੁਮਾਇੰਦਿਆਂ ਅਤੇ ਆਗੂਆਂ ਦੇ ਪੰਜਾਬ ਵਿਚ ਬਾਈਕਾਟ ਦਾ ਐਲਾਨ

ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਤੋਂ ਬਾਅਦ ਅਗਲੇ ਸੰਘਰਸ ਦਾ ਐਲਾਨ ਕਰ ਦਿੱਤਾ ਹੈ। 1 ਅਕਤੂਬਰ ਤੋਂ ਪੰਜਾਬ ਵਿੱਚ ਅਣਮਿੱਥੇ ਸਮੇਂ ਲਈ ਰੇਲਾ ਰੋਕਣ ਸਮੇਤ ਭਾਜਪਾ ਆਗੂਆਂ ਦੇ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜਿੰਨਾ ਚਿਰ ਇਹ ਖੇਤੀ ਬਿੱਲ ਰੱਦ ਨਹੀਂ ਕੀਤੇ ਜਾਂਦੇ, ਉਨਾਂ ਸਮਾਂ ਸੰਘਰਸ਼ ਦਾ ਪਿੜ ਠੰਢਾ ਨਹੀਂ ਹੋਵੇਗਾ।

ਜਾਣਕਾਰੀ ਅਨੁਸਾਰ ਪੰਜਾਬ ਦੀਆਂ 31 ਕਿਸਾਨ ਧਿਰਾਂ ਦੇ ਆਗੂਆਂ ਵੱਲੋਂ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਦੇ ਵੇਰਵੇ ਦਿੰਦਿਆਂ ਕਿਸਾਨ ਆਗੂ ਡਾ. ਦਰਸ਼ਨਪਾਲ ਸਿੰਘ ਅਤੇ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰੈਸ ਸਕੱਤਰ ਹਰਜੀਤ ਸਿੰਘ ਰਵੀ ਨੇ ਦੱਸਿਆ ਕਿ ਕਿਸਾਨਾਂ ਵਿਰੋਧੀ ਤਿੰਨ ਬਿੱਲਾਂ, ਬਿਜਲੀ ਬਿੱਲ 2020, ਤੇਲ ਦੀਆਂ ਕੀਮਤਾਂ ਘੱਟ ਕਰਨ ਅਤੇ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੰਘਰਸ਼ ਚੱਲ ਰਿਹਾ ਹੈ।

ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ 1 ਅਕਤੂਬਰ ਤੋਂ ਪੰਜਾਬ ‘ਚ ਅਣਮਿੱਥੇ ਸਮੇਂ ਲਈ ਰੇਲਾਂ ਰੋਕੀਆਂ ਜਾਣਗੀਆਂ ਅਤੇ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਸੱਦ ਕੇ ਬਿੱਲਾਂ ਦੇ ਰੱਦ ਕਰਨ ਦੇ ਮਤੇ ਪਵਾਏ ਜਾਣਗੇ ਅਤੇ ਭਾਰਤ ਸਰਕਾਰ ਅਤੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ। ਇਸ ਤੋਂ ਇਲਾਵਾ ਭਾਜਪਾ ਦੇ ਐਮ.ਐਲ.ਏ, ਐਮਪੀ, ਸੂਬਾ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨਾਂ ਖਿਲਾਫ ਧਰਨੇ ਮੁਜ਼ਾਹਰੇ ਕੀਤੇ ਜਾਣਗੇ  ਅਤੇ ਉਨ੍ਹਾਂ ਦਾ ਕਾਲੇ ਝੰਡੇ ਵਿਖਾਕੇ ਵਿਰੋਧ ਕੀਤਾ ਜਾਵੇਗਾ। ਕੇਂਦਰ ਸਰਕਾਰ ਵੱਲੋਂ ਬਣਾਏ ਕਾਨੂੰਨ ਰੱਦ ਕਰਵਾਉਣ ਲਈ ਅਤੇ ਪੰਜਾਬ ਸਰਕਾਰ ਵੱਲੋਂ ਅਸੈਂਬਲੀ ਇਜਲਾਸ ਵਿੱਚ ਬਿੱਲਾਂ ਨੂੰ ਰੱਦ ਕਰਾਉਣ ਦੇ ਮਤੇ ਪਾਉਣ ਤੱਕ ਅੰਦੋਲਨ ਲਗਾਤਾਰ ਜਾਰੀ ਰਹੇਗਾ।

ਉਨ੍ਹਾਂ ਦੱਸਿਆ ਕਿ 25 ਸਤੰਬਰ ਨੂੰ ਬੰਦ ਸਵੇਰ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਹੈ ਪਰ ਅਕਾਲੀ ਦਲ ਨੇ ਕਿਸਾਨਾਂ ਦੇ ਅੰਦੋਲਨ ਦੇ ਬਰਾਬਰ ਸੱਦਾ ਦੇ ਕੇ ਤਿੰਨ ਘੰਟੇ ਦੇ ਜਾਮ ਦਾ ਸੱਦਾ ਦੇ ਕੇ ਘਚੋਲਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।  ਬੀਜੇਪੀ ਸਰਕਾਰ ਵੱਲੋਂ ਜੋ ਸੱਦਾ ਦਿੱਤਾ ਗਿਆ ਹੈ ਕਿ ਸ਼ਹਿਰਾਂ ਵਿੱਚ ਕਾਨਫਰੰਸਾਂ ਸੱਦ ਕੇ ਬਿੱਲਾਂ ਨੂੰ ਸਹੀ ਪ੍ਰਚਾਰਿਆ ਜਾਵੇ ਉਸ ਦੀ ਕਿਸਾਨ ਆਗੂਆਂ ਵੱਲੋਂ ਵਿਰੋਧ ਜਿਤਾਉਂਦਿਆਂ ਇਸ ਨੂੰ ਕਿਸਾਨਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦੇ ਬਰਾਬਰ ਕਿਹਾ। ਉਨ੍ਹਾਂ ਕਿਹਾ ਕਿ ਬੀਜੇਪੀ ਦੇ ਆਗੂਆਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ ਅਤੇ ਬਾਈਕਾਟ ਕੀਤਾ ਜਾਵੇਗਾ। ਕਾਰਪੋਰੇਟ ਕੰਪਨੀਆਂ ਨੂੰ ਮੁਨਾਫ਼ੇ ਦੇਣ ਲਈ ਤੇਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਜਦੋਂ ਕਿ ਕੱਚਾ ਤੇਲ ਬਿਲਕੁੱਲ ਥੱਲੇ ਹੈ।  ਇਸ ਮੀਟਿੰਗ ਵਿੱਚ 31 ਕਿਸਾਨ ਜਥੇਬੰਦੀਆਂ ਆਗੂ ਹਾਜਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.