ਇੱਕ ਸਾਲ ’ਚ 583 ਆਮ ਆਦਮੀ ਕਲੀਨਿਕਾਂ ’ਚ 44 ਲੱਖ ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ | Health News
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ 76ਵੇਂ ਆਜ਼ਾਦੀ ਦਿਹਾੜੇ ਮੌਕੇ ਸੂਬੇ ’ਚ 76 ਹੋਰ ਆਮ ਆਦਮੀ ਕਲੀਨਿਕ ਖੋਲ੍ਹੇਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਹ ਕਲੀਨਿਕ ਲੋਕਾਂ ਨੂੰ ਸਮਰਪਣ ਕਰਨਗੇ ਇਹ ਜਾਣਕਾਰੀ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਿਮਾਣੇ ਯਤਨ ਨੂੰ ਸੂਬੇ ਦੇ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ 14 ਅਗਸਤ, 2023 ਨੂੰ 76ਵੇਂ ਸੁਤੰਤਰਤਾ ਦਿਵਸ ਮੌਕੇ ਸੂਬੇ ਦੇ ਵਾਸੀਆਂ ਨੂੰ ਹੋਰ 76 ਆਮ ਆਦਮੀ ਕਲੀਨਿਕ ਸਮਰਪਿਤ ਕਰਨਗੇ, ਜਿਸ ਨਾਲ ਇਹਨਾਂ ਦੀ ਕੁੱਲ ਗਿਣਤੀ 659 ਹੋ ਜਾਵੇਗੀ।ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਲਈ 80 ਪ੍ਰਕਾਰ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਮਰੀਜ਼ਾਂ ਨੂੰ 20 ਲੱਖ ਤੋਂ ਵੱਧ ਮੁਫ਼ਤ ਟੈਸਟ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਨ੍ਹਾਂ ਦੀ ਕੀਮਤ ਲਗਭਗ 30.25 ਕਰੋੜ ਰੁਪਏ ਹੈ।
20 ਲੱਖ ਤੋਂ ਵੱਧ ਹੋਏ ਮੁਫ਼ਤ ਟੈਸਟ : ਬਲਬੀਰ ਸਿੰਘ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਸਿਹਤਮੰਦ ਅਤੇ ਬਿਮਾਰੀਆਂ ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਦਾ ਲਗਭਗ ਇੱਕ ਸਾਲ ਪੂਰਾ ਹੋ ਗਿਆ ਹੈ ਅਤੇ ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਇਨ੍ਹਾਂ ਕਲੀਨਿਕਾਂ ਤੋਂ 44 ਲੱਖ ਤੋਂ ਵੱਧ ਮਰੀਜ਼ ਲਾਭ ਲੈ ਚੁੱਕੇ ਹਨ ਅਤੇ 20 ਲੱਖ ਤੋਂ ਵੱਧ ਮਰੀਜ਼ਾਂ ਦੇ ਮੁਫ਼ਤ ਟੈਸਟ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਾਲ 75ਵੇਂ ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਸਨ, ਜਿਸ ਨਾਲ ਹੁਣ ਸੂਬੇ ਵਿੱਚ 583 ਆਮ ਆਦਮੀ ਕਲੀਨਿਕ ਹੋ ਗਏ ਹਨ। ਇਨ੍ਹਾਂ 583 ਆਮ ਆਦਮੀ ਕਲੀਨਿਕਾਂ ਵਿੱਚੋਂ, 180 ਆਮ ਆਦਮੀ ਕਲੀਨਿਕ ਸ਼ਹਿਰੀ ਖੇਤਰਾਂ ਵਿੱਚ ਜਦੋਂ ਕਿ 403 ਪੇਂਡੂ ਖੇਤਰਾਂ ਵਿੱਚ ਸਥਿਤ ਹਨ।