ਖਾਲਿਸਤਾਨ ਵਿਰੋਧੀ ਮਾਰਚ : ਡਿਪਟੀ ਕਮਿਸ਼ਨਰ ਨੇ ਸ਼ਾਂਤੀ ਕਮੇਟੀ ਦੀ ਮੀਟਿੰਗ ਸੱਦੀ

Patiala photo-04

ਡੀਸੀ ਵੱਲੋਂ ਸਾਰੀਆਂ ਧਿਰਾਂ ਨੂੰ ਸ਼ਾਂਤੀ ਬਣਾਈ ਰੱਖਣ ਤੇ ਅਫਵਾਹਾਂ ਨਾ ਫੈਲਾਉਣ ਦੀ ਅਪੀਲ

  • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਜ਼ੇਰੇ ਇਲਾਜ ਵਿਅਕਤੀਆਂ ਦਾ ਹਾਲ-ਚਾਲ ਜਾਣਿਆ, ਇਲਾਜ ਦਾ ਖਰਚ ਪੰਜਾਬ ਸਰਕਾਰ ਕਰੇਗੀ (Anti-Khalistan March)

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ਼ਹਿਰ ਵਿੱਚ ਅੱਜ ਦੋ ਧਿਰਾਂ ਦਰਮਿਆਨ ਹੋਏ ਆਪਸੀ ਟਕਰਾਅ ਨੂੰ ਲੈਕੇ 30 ਅਪ੍ਰੈਲ ਨੂੰ ਸ਼ਾਂਤੀ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਵੇਗੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਦੌਰਾਨ ਅੱਜ ਵਾਪਰੀ ਘਟਨਾ ਵਿੱਚ ਜ਼ਖਮੀ ਹੋਏ ਅਤੇ ਇੱਥੇ ਰਾਜਿੰਦਰਾ ਹਪਸਤਾਲ ਵਿਖੇ ਜ਼ੇਰੇ ਇਲਾਜ ਚਾਰ ਵਿਅਕਤੀਆਂ ਦਾ ਹਾਲ ਚਾਲ ਜਾਣਿਆਂ, ਉਨ੍ਹਾਂ ਦੇ ਨਾਲ ਐਸ.ਐਸ.ਪੀ. ਡਾ. ਨਾਨਕ ਸਿੰਘ ਵੀ ਮੌਜੂਦ ਸਨ। (Anti-Khalistan March)

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ੇਰੇ ਇਲਾਜ ਵਿਅਕਤੀਆਂ ਦਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦਾਖਲ ਸਾਰੇ ਵਿਅਕਤੀ ਸਿਹਤਮੰਦ ਹਨ। ਰਾਜਿੰਦਰਾ ਹਸਪਤਾਲ ਵਿਖੇ ਜ਼ੇਰੇ ਇਲਾਜ ਵਿਅਕਤੀਆਂ ਨੇ ਵੀ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਦਿਆਂ ਸਮਾਜ ਵਿੱਚ ਆਪਸੀ ਭਾਈਚਾਰਕ ਸਾਂਝ ਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਸ਼ਾਂਤੀ ਅਤੇ ਸਦਭਾਵਨਾ ਸਾਡੇ ਸਾਰੇ ਧਰਮਾਂ ਦਾ ਧੁਰਾ ਹੋਣ ਦੇ ਨਾਲ ਨਾਲ ਸਾਡੇ ਧਰਮਾਂ ਦੇ ਮੂਲ ਸਿਧਾਂਤਾਂ ਦਾ ਕੇਂਦਰ ਵੀ ਹੈ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕਰਦਿਆਂ ਦੱਸਿਆ ਕਿ ਮੌਜੂਦਾ ਸਥਿਤੀ ਕਾਬੂ ਹੇਠ ਹੈ ਅਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਝਗੜਾ ਜਾਂ ਗ਼ਲਤ ਫ਼ਹਿਮੀ ਹੈ ਤਾਂ ਵੀ ਗੱਲਬਾਤ ਰਾਹੀਂ ਹੱਲ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲਾ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਸਾਰੇ ਉਪਾਅ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਮੁੜ ਅਪੀਲ ਕੀਤੀ ਕਿ ਲੋਕ ਬੇਬੁਨਿਆਦ ਖ਼ਬਰਾਂ ਜਾ ਗ਼ਲਤ ਜਾਣਕਾਰੀ ਸੋਸ਼ਲ ਮੀਡੀਆ ’ਤੇ ਅੱਗੇ ਨਾ ਫੈਲਾਉਣ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ