ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ਲਈ ਭਰਤੀ ਨੂੰ ਪ੍ਰਵਾਨਗੀ

Punjab Cabinet Meeting

ਭਰਤੀ ਮੁਹਿੰਮ ਲਈ ਮੁੱਖ ਵਿਭਾਗਾਂ ਵਿੱਚ ਗ੍ਰਹਿ ਮਾਮਲੇ, ਸਕੂਲ ਸਿੱਖਿਆ, ਸਿਹਤ, ਬਿਜਲੀ ਅਤੇ ਤਕਨੀਕੀ ਸਿੱਖਿਆ ਸ਼ਾਮਿਲ

(ਅਸ਼ਵਨੀ ਚਾਵਲਾ) ਚੰਡੀਗੜ। ਨੌਜਵਾਨਾਂ ਨੂੰ ਰੁਜ਼ਗਾਰ ਦੇ ਲਾਹੇਵੰਦ ਮੌਕੇ ਪ੍ਰਦਾਨ ਕਰਨ ਲਈ ਇੱਕ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਮੰਤਰੀ ਮੰਡਲ (Punjab Cabinet) ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ’ਤੇ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਇਹ ਅਸਾਮੀਆਂ ਗਰੁੱਪ ਏ, ਬੀ ਅਤੇ ਸੀ ਨਾਲ ਸਬੰਧਤ ਹਨ। ਇਸ ਪ੍ਰਕਿਰਿਆ ਵਿੱਚ ਮੁੱਖ ਤੌਰ ’ਤੇ ਗ੍ਰਹਿ ਮਾਮਲੇ, ਸਕੂਲ ਸਿੱਖਿਆ, ਸਿਹਤ, ਬਿਜਲੀ ਅਤੇ ਤਕਨੀਕੀ ਸਿੱਖਿਆ ਵਿਭਾਗ ਸ਼ਾਮਿਲ ਹੋਣਗੇ।

ਮੰਤਰੀ ਮੰਡਲ ਨੇ (Punjab Cabinet) ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਭਰਤੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਗਰੁੱਪ-ਸੀ ਦੀਆਂ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਨਹੀਂ ਲਈ ਜਾਵੇਗੀ। ਇਹ ਫੈਸਲਾ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਸਹਾਈ ਹੋਵੇਗਾ। ਇਸ ਤੋਂ ਇਲਾਵਾ ਇਹ ਕਦਮ ਸਰਕਾਰੀ ਵਿਭਾਗਾਂ ਦੇ ਕੰਮਕਾਜ ਨੂੰ ਵੀ ਬੇਹਤਰ ਕਰੇਗਾ ਕਿਉਂਕਿ ਉਹ ਜਿੱਥੇ ਇਹ ਇੱਕ ਪਾਸੇ ਲੋੜੀਂਦੇ ਮਨੁੱਖੀ ਸਰੋਤ ਨਾਲ ਕੰਮ ਕਰਨਾ ਸ਼ੁਰੂ ਕਰਨਗੇ, ਉਥੇ ਦੂਜੇ ਪਾਸੇ ਰਾਜ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨਗੇ।

ਮੋਟਰ ਵਹੀਕਲ ਟੈਕਸ ਵਸੂਲਣ ਲਈ 6 ਮਈ ਤੋਂ 5 ਅਗਸਤ, 2022 ਤੱਕ ਮੁਆਫੀ ਸਕੀਮ ਨੂੰ ਮਨਜੂਰੀ

ਵਪਾਰਕ ਵਾਹਨ ਚਾਲਕਾਂ ਨੂੰ ਲੋੜੀਂਦੀ ਰਾਹਤ ਦੇਣ ਲਈ ਮੰਤਰੀ ਮੰਡਲ ਨੇ 6 ਮਈ ਤੋਂ 5 ਅਗਸਤ, 2022 ਤੱਕ ਵਪਾਰਕ ਵਾਹਨ ਜੁਰਮਾਨੇ ਤੋਂ ਮੋਟਰ ਵਾਹਨ ਟੈਕਸ ਵਸੂਲਣ ਲਈ ਰਾਜ ਟਰਾਂਸਪੋਰਟ ਵਿਭਾਗ ਦੀ ਮੁਆਫੀ (ਐਮਨੈਸਟੀ) ਸਕੀਮ ਨੂੰ ਹਰੀ ਝੰਡੀ ਦੇ ਦਿੱਤੀ ਹੈ। ਹਾਲਾਂਕਿ, ਵਿਭਾਗ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਸਮੇਂ ਨਾ ਤਾਂ ਵਿਆਜ ਅਤੇ ਨਾ ਹੀ ਲੇਟ ਫੀਸ ਵਸੂਲੇਗਾ। ਗੌਰਤਲਬ ਹੈ ਕਿ ਕੋਵਿਡ-19 ਕਾਰਨ ਲਗਾਏ ਗਏ ਲੌਕਡਾਊਨ ਨੇ ਸੂਬੇ ਭਰ ਦੇ ਟਰਾਂਸਪੋਰਟ ਸੈਕਟਰ ਨੂੰ ਬੁਰੀ ਤਰਾਂ ਪ੍ਰਭਾਵਿਤ ਕੀਤਾ ਹੈ। ਨਤੀਜੇ ਵਜੋਂ, ਕਈ ਵਪਾਰਕ ਵਾਹਨ ਚਾਲਕ ਸਮੇਂ ਸਿਰ ਮੋਟਰ ਵਹੀਕਲ ਟੈਕਸ ਜਮਾ ਨਹੀਂ ਕਰਵਾ ਸਕੇ, ਜਿਸ ਕਾਰਨ ਇਨਾਂ ਚਾਲਕਾਂ ਨੂੰ ਫਿਟਨੈਸ ਸਰਟੀਫਿਕੇਟ ਜਾਰੀ ਨਹੀਂ ਕੀਤਾ ਜਾ ਸਕਿਆ ਕਿਉਂਕਿ ਫਿਟਨੈਸ ਸਰਟੀਫਿਕੇਟ ਸਿਰਫ ਉਨਾਂ ਵਾਹਨਾਂ ਨੂੰ ਜਾਰੀ ਕੀਤਾ ਜਾਂਦਾ ਹੈ, ਜਿਨਾਂ ਦਾ ਮੋਟਰ ਵਹੀਕਲ ਟੈਕਸ ਸਮੇਂ ਸਿਰ ਜਮਾਂ/ਜਮਾ ਕਰਵਾਇਆ ਜਾਂਦਾ ਹੈ।

ਮੰਤਰੀ ਮੰਡਲ ਨੇ ਥਰਮਲ ਪਲਾਂਟਾਂ ਵਿੱਚ ਆਯਾਤ ਕੋਲੇ ਦੇ ਮਿਸਰਣ ਬਾਰੇ ਦਿੱਤੀ ਜਾਣਕਾਰੀ

ਖਾਸ ਤੌਰ ’ਤੇ ਝੋਨੇ ਦੇ ਸੀਜ਼ਨ ਦੌਰਾਨ ਘਰੇਲੂ ਕੋਲੇ ਦੀ ਸਪਲਾਈ ਦੀ ਕਮੀ ਨੂੰ ਦੂਰ ਕਰਨ ਲਈ, ਮੰਤਰੀ ਮੰਡਲ (Punjab Cabinet) ਨੂੰ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਦੇ 7 ਦਸੰਬਰ, 2021 ਦੇ ਪੱਤਰ ਬਾਰੇ ਜਾਣੂ ਕਰਵਾਇਆ ਗਿਆ, ਜਿਸ ਵਿੱਚ ਸਾਲ ਲਈ 4 ਫੀਸਦੀ ਦੀ ਹੱਦ ਤੱਕ ਆਯਾਤ ਕੀਤੇ ਕੋਲੇ ਨੂੰ ਮਿਸ਼ਰਣ ਦੇ ਉਦੇਸ਼ ਲਈ ਵਿੱਤੀ ਸਾਲ 2022-23 ਲਈ ਵਰਤਣ ਦੀ ਸਲਾਹ ਦਿੱਤੀ ਗਈ ਸੀ। ਇਸ ਲਈ ਤੁਰੰਤ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਤਾਂ ਜੋ ਮਈ, 2022 ਤੱਕ ਕੋਲੇ ਦੇ ਆਯਾਤ ਦਾ ਪ੍ਰਬੰਧ ਕੀਤਾ ਜਾ ਸਕੇ, ਭਾਵ ਬਰਸਾਤ ਦੇ ਮੌਸਮ ਦੇ ਸੁਰੂ ਹੋਣ ਤੋਂ ਪਹਿਲਾਂ, ਕੋਲੇ ਦੇ ਭੰਡਾਰਾਂ ਦੀ ਘਾਟ ਤੋਂ ਬਚਿਆ ਜਾ ਸਕੇ, ਅਤੇ ਲੋੜੀਂਦੇ ਕੋਲੇ ਦੇ ਭੰਡਾਰਾਂ ਨੂੰ ਬਣਾਇਆ ਜਾ ਸਕੇ।

ਇਸ ਤੋਂ ਇਲਾਵਾ, ਬਿਜਲੀ ਮੰਤਰਾਲਾ, ਭਾਰਤ ਸਰਕਾਰ ਨੇ 28 ਅਪ੍ਰੈਲ, 2022 ਦੇ ਪੱਤਰ ਰਾਹੀਂ ਬਿਜਲੀ ਦੀ ਵਧਦੀ ਮੰਗ ਅਤੇ ਖਪਤ ਦੇ ਮੱਦੇਨਜ਼ਰ ਹਿਦਾਇਤ ਕੀਤੀ ਹੈ ਕਿ ਸਟੇਟ ਜੈਨਕੋਸ ਅਤੇ ਆਈਪੀਪੀਜ਼ ਦੀ ਮਲਕੀਅਤ ਵਾਲੇ ਥਰਮਲ ਪਾਵਰ ਪਲਾਂਟਾਂ ਨੂੰ ਲੋੜ ਨੂੰ ਪੂਰਾ ਕਰਨ ਲਈ ਮਿਸ਼ਰਣ ਦੇ ਉਦੇਸ਼ ਲਈ ਕੋਲਾ ਆਯਾਤ ਕਰਨਾ ਚਾਹੀਦਾ ਹੈ ਤਾਂ ਜੋ ਕੁੱਲ ਲੋੜ ਦੇ 10% ਨੂੰ ਪੂਰਾ ਕੀਤਾ ਜਾ ਸਕੇ ਅਤੇ ਸਬੰਧਤ ਰਾਜਾਂ ਵਿੱਚ ਨਿਰੰਤਰ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣਿਆ ਜਾ ਸਕੇ। Punjab Cabinet

ਬਿਜਲੀ ਮੰਤਰਾਲੇ ਨੇ ਅੱਗੇ ਨਿਰਦੇਸ਼ ਦਿੱਤੇ ਹਨ ਕਿ ਮਾਨਸੂਨ ਦੀ ਸੁਰੂਆਤ ਤੋਂ ਪਹਿਲਾਂ ਪਾਵਰ ਪਲਾਂਟਾਂ ਵਿੱਚ ਘੱਟੋ-ਘੱਟ ਲੋੜੀਂਦੇ ਕੋਲੇ ਦੇ ਸਟਾਕ ਨੂੰ ਯਕੀਨੀ ਬਣਾਇਆ ਜਾਵੇ, ਇਹ ਜ਼ਰੂਰੀ ਹੈ ਕਿ ਮਿਸ਼ਰਣ ਦੇ ਉਦੇਸ਼ ਲਈ ਕੋਲਾ ਆਯਾਤ ਕਰਨ ਲਈ ਅਵਾਰਡਾਂ ਦੀ ਪਲੇਸਮੈਂਟ 31 ਮਈ, 2022 ਤੱਕ ਪੂਰੀ ਕੀਤੀ ਜਾਵੇ। ਸਾਰੇ ਜੈਨਕੋਜ 30 ਜੂਨ, 2022 ਤੱਕ ਨਿਰਧਾਰਿਤ ਮਾਤਰਾ ਦਾ 50 ਫੀਸਦੀ, 31 ਅਗਸਤ, 2022 ਤੱਕ 40 ਫੀਸਦੀ ਅਤੇ 31 ਅਕਤੂਬਰ, 2022 ਤੱਕ ਬਾਕੀ 10 ਫੀਸਦੀ ਦੀ ਡਿਲਿਵਰੀ ਯਕੀਨੀ ਬਣਾਉਣਗੇ ਅਤੇ ਰਾਜਾਂ ਨੂੰ ਆਯਾਤ ਕੀਤੇ ਕੋਲੇ ਦੇ ਮਿਸ਼ਰਣ ਲਈ, ਜਿੱਥੇ ਵੀ ਲੋੜ ਹੋਵੇ ਸਮੇਂ ਸਿਰ ਕਲੀਅਰੈਂਸ ਦਿੱਤੀ ਜਾਵੇ।

ਬਿਜਲੀ ਮੰਤਰਾਲਾ, ਭਾਰਤ ਸਰਕਾਰ ਨੇ ਅੱਗੇ ਦੱਸਿਆ ਹੈ ਕਿ 10 ਫੀਸਦੀ ਦੀ ਦਰ ਨਾਲ ਮਿਸ਼ਰਣ ਦੀ ਲੋੜ ਸਰਕਾਰੀ ਮਾਲਕੀ ਵਾਲੇ ਥਰਮਲ ਪਲਾਂਟਾਂ ਲਈ 5.94 ਲੱਖ ਮੀਟਰਕ ਟਨ, ਐਨਪੀਐਲ ਲਈ 3.81 ਲੱਖ ਮੀਟਰਕ ਟਨ ਅਤੇ ਟੀਐਸਪੀਐਲ ਲਈ 6.50 ਲੱਖ ਮੀਟਰਕ ਟਨ ਹੈ। ਇੱਥੇ ਇਹ ਵਰਣਨਯੋਗ ਹੈ ਕਿ ਇਤਿਹਾਸਕ ਤੌਰ ’ਤੇ ਝੋਨੇ ਦੇ ਸੀਜ਼ਨ ਤੋਂ ਬਾਅਦ ਬਿਜਲੀ ਦੀ ਮੰਗ ਕਾਫੀ ਘੱਟ ਜਾਂਦੀ ਹੈ ਅਤੇ ਅਕਤੂਬਰ ਤੋਂ ਬਾਅਦ ਦਰਾਮਦ ਕੀਤੇ ਕੋਲੇ ਦੀ ਲੋੜ ਇਸ ਅਨੁਸਾਰ ਘਟਦੀ ਹੈ। ਅਕਤੂਬਰ 2022 ਤੋਂ ਮਾਰਚ 2023 ਤੱਕ ਆਯਾਤ ਕੀਤੇ ਕੋਲੇ ਦੀ ਵਰਤੋਂ ਦੀ ਵਿਸਤਿ੍ਰਤ ਗਣਨਾ ਨੂੰ ਬਾਅਦ ਵਿੱਚ ਮੰਤਰੀ ਮੰਡਲ ਦੇ ਸਾਹਮਣੇ ਰੱਖਿਆ ਜਾਵੇਗਾ।

ਸ੍ਰੀ ਮੁਕਤਸਰ ਸਾਹਿਬ ਵਿੱਚ ਖ਼ਰਾਬ ਨਰਮੇ ਦੀ ਫਸਲ ਦਾ 5400 ਰੁਪਏ ਪ੍ਰਤੀ ਏਕੜ ਰਾਹਤ ਦੇਣ ਦੀ ਪ੍ਰਵਾਨਗੀ

ਸੂਬੇ ਦੇ ਬਜਟ ਵਿੱਚੋਂ ਕਿਸਾਨਾਂ ਨੂੰ ਵਿੱਤੀ ਰਾਹਤ ਦੇਣ ਲਈ ਮੰਤਰੀ ਮੰਡਲ ਨੇ ਸ੍ਰੀ ਮੁਕਤਸਰ ਸਾਹਿਬ ਵਿਚ ਸਮੁੱਚੇ ਖੇਤਰ ਵਿਚ ਨਰਮੇ ਦਾ 50 ਫੀਸਦੀ ਨੁਕਸਾਨ ਮੰਨਦੇ ਹੋਏ ਪ੍ਰਤੀ ਏਕੜ 5400 ਰੁਪਏ ਦੀ ਵਿੱਤੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਇਸ ਫੈਸਲੇ ਨਾਲ ਪ੍ਰਭਾਵਿਤ ਕਿਸਾਨਾਂ ਅਤੇ ਨਰਮਾ ਚੁਗਣ ਵਾਲੇ ਕਾਮਿਆਂ ਨੂੰ ਸੂਬੇ ਦੇ ਬਜਟ ਵਿੱਚੋਂ ਕ੍ਰਮਵਾਰ 38.08 ਕਰੋੜ ਰੁਪਏ ਅਤੇ 3.81 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨਰਮੇ ਦੀ ਫਸਲ ਨੂੰ ਹੋਏ ਨੁਕਸਾਨ ਦੇ ਇਵਜ਼ ਵਿਚ ਪ੍ਰਭਾਵਿਤ ਕਿਸਾਨਾਂ ਨੂੰ 4.74 ਕਰੋੜ ਰੁਪਏ ਅਤੇ ਨਰਮਾ ਚੁਗਣ ਵਾਲੇ ਕਾਮਿਆਂ ਨੂੰ 47.44 ਲੱਖ ਰੁਪਏ ਦੀ ਰਾਹਤ ਦਿੱਤੀ ਗਈ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ