ਏ.ਐਸ.ਆਈ 5 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜੀਰੋ ਸਹਿਣਸ਼ੀਲਤਾ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਮੁਹਿੰਮ ਦੌਰਾਨ ਇੱਕ ਪ੍ਰਾਈਵੇਟ ਵਿਅਕਤੀ ਕਰਮਜੀਤ ਸਿੰਘ ਕੰਮਾ ਨੂੰ ਬਿਜਲੀ ਚੋਰੀ ਵਿਰੁੱਧ ਪੁਲਿਸ ਥਾਣਾ, ਪੀ.ਐਸ.ਪੀ.ਸੀ.ਐਲ., ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ ਹਰਪ੍ਰੀਤ ਸਿੰਘ ਦੀ ਤਰਫੋਂ 5,000 ਰੁਪਏ ਦੀ ਰਿਸਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਹਰਪ੍ਰੀਤ ਸਿੰਘ ਅਤੇ ਕਰਮਜੀਤ ਸਿੰਘ ਨੂੰ ਤਰਲੋਚਨ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ, ਜ਼ਿਲਾ ਫਤਹਿਗੜ੍ਹ ਸਾਹਿਬ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ ਲਾਇਆ ਹੈ ਕਿ ਉਕਤ ਏ.ਐਸ.ਆਈ. ਉਸ ਦੇ ਘਰੇਲੂ ਬਿਜਲੀ ਚੋਰੀ ਦੇ ਕੇਸ ਨੂੰ ਨਿਪਟਾਉਣ ਲਈ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 5,000 ਰੁਪਏ ਵਿੱਚ ਹੋਇਆ ਹੈ।
ਇਹ ਵੀ ਪੜ੍ਹੋ : ਮਾਨ ਸਰਕਾਰ ਖ਼ਿਲਾਫ਼ ਚੰਡੀਗੜ੍ਹ ਵਿਖੇ ਪ੍ਰਦਰਸ਼ਨ, ਪੁਲਿਸ ਵੱਲੋਂ ਜਲਤੋਪਾਂ ਦਾ ਇਸਤੇਮਾਲ
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੇ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਏਐਸਆਈ ਦੇ ਵਿਚੋਲੇ ਵਜੋਂ ਇੱਕ ਪ੍ਰਾਇਵੇਟ ਵਿਅਕਤੀ ਕਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਏਐਸਆਈ ਹਰਪ੍ਰੀਤ ਸਿੰਘ ਦੀ ਤਰਫੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨਾਂ ਅੱਗੇ ਦੱਸਿਆ ਕਿ ਇਸ ਸਬੰਧ ਵਿਚ ਐਫ.ਆਈ.ਆਰ. ਨੰਬਰ 15 ਮਿਤੀ 16.09.2022 ਤਹਿਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਤਹਿਤ ਵਿਜੀਲੈਂਸ ਥਾਣਾ ਫਲਾਇੰਗ ਸਕੁਐਡ-1, ਪੰਜਾਬ ਐਸ.ਏ.ਐਸ.ਨਗਰ ਵਿਖੇ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ