Asian Games:  ਸੋਨ ਤਮਗਾ ਜੇਤੂ ਤੀਰਅੰਦਾਜ਼ ਪ੍ਰਨੀਤ ਕੌਰ ਦਾ ਮੋਹਾਲੀ ਏਅਰਪੋਰਟ ਪਹੁੰਚਣ ਤੇ ਸ਼ਾਨਦਾਰ ਸਵਾਗਤ

Asian Games
ਮੁਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਰਨੀਤ ਕੌਰ ਦਾ ਸਵਾਗਤ ਕਰਦੇ ਹੋਏ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ।

ਮੁੱਖ ਮੰਤਰੀ ਤਮਗ਼ਾ ਜੇਤੂਆਂ ਨੂੰ ਜਲਦ ਕਰਨਗੇ ਨਗਦ ਰਾਸ਼ੀ ਨਾਲ ਸਨਮਾਨਿਤ

  • ਪੰਜਾਬ ਦੇ 32 ਖਿਡਾਰੀਆਂ ਨੇ 8 ਸੋਨੇ, 6 ਚਾਂਦੀ 6 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 20 ਤਮਗ਼ੇ ਜਿੱਤ ਕੇ 72 ਸਾਲ ਦਾ ਰਿਕਾਰਡ ਤੋੜਿਆ

ਮੋਹਾਲੀ (ਐੱਮ ਕੇ ਸ਼ਾਇਨਾ) Asian Games ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ ਸੋਨ ਤਮਗ਼ਾ ਜਿੱਤ ਕੇ ਪਹਿਲੀ ਵਾਰ ਪੰਜਾਬ ਪਰਤੀ ਤੀਰਅੰਦਾਜ਼ ਪ੍ਰਨੀਤ ਕੌਰ ਦਾ ਬੁੱਧਵਾਰ ਨੂੰ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਪੁੱਜਣ ਉੱਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਵਾਗਤ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਮੌਕੇ ਪੰਜਾਬ ਦੀ ਇਸ ਮਾਣਮੱਤੀ ਧੀ ਦੇ ਸਵਾਗਤ ਲਈ ਢੋਲੀ, ਭੰਗੜਾ ਟੀਮ ਦਾ ਪ੍ਰਬੰਧ ਕੀਤਾ ਹੋਇਆ ਸੀ ਤੇ ਇਸ ਦੇ ਹਵਾਈ ਅੱਡੇ ਤੋਂ ਬਾਹਰ ਆਉਂਦੇ ਹੀ ਢੋਲ ਦੇ ਡੱਗੇ ਅਤੇ ਭੰਗੜੇ ਨਾਲ ਉਸ ਦਾ ਸਵਾਗਤ ਕੀਤਾ ਗਿਆ।

ਪੰਜਾਬ ਦੇ 32 ਖਿਡਾਰੀਆਂ ਨੇ 8 ਸੋਨੇ, 6 ਚਾਂਦੀ ਤੇ 6 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 20 ਤਮਗ਼ੇ ਜਿੱਤੇ (Asian Games)

ਇਸ ਮੌਕੇ ਜ਼ਿਲ੍ਹੇ ਦੇ ਉਭਰਦੇ ਖਿਡਾਰੀ ਵੀ ਪੂਰੇ ਜੋਸ਼ ਨਾਲ ਸਵਾਗਤ ਕਰਨ ਪੁੱਜੇ ਹੋਏ ਸਨ। ਮੀਤ ਹੇਅਰ ਨੇ ਪ੍ਰਨੀਤ ਕੌਰ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਸਵਾਗਤ ਤੇ ਸਨਮਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੀ ਇਸ ਮਾਣਮੱਤੀ ਧੀ ਨੇ ਏਸ਼ੀਅਨ ਗੇਮਜ਼ ਵਿੱਚ ਪੰਜਾਬ ਅਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 32 ਖਿਡਾਰੀਆਂ ਨੇ 8 ਸੋਨੇ, 6 ਚਾਂਦੀ ਤੇ 6 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 20 ਤਮਗ਼ੇ ਜਿੱਤ ਕੇ, ਖੇਡਾਂ ਦੇ 72 ਸਾਲ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ ਕੀਤਾ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਨੂੰ ਮੁੜ ਖੇਡ ਨਕਸ਼ੇ ਉਤੇ ਨਾਂਅ ਚਮਕਾਉਣ ਵਾਲੇ ਤਮਗ਼ਾ ਜੇਤੂਆਂ ਨੂੰ ਜਲਦ ਹੀ ਦੇਸ਼ ਵਾਪਸ ਆਉਣ ਉੱਤੇ ਵਿਸ਼ੇਸ਼ ਸਮਾਗਮ ਦੌਰਾਨ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ। ਮੀਤ ਹੇਅਰ ਨੇ ਅੱਗੇ ਕਿਹਾ ਕਿ ਪ੍ਰਨੀਤ ਕੌਰ ਆਪਣੀ ਸਖਤ ਮਿਹਨਤ ਅਤੇ ਲਗਨ ਨਾਲ ਛੋਟੀ ਜਿਹੀ ਉਮਰ ਵਿੱਚ ਵਿਸ਼ਵ ਚੈਂਪੀਅਨਸ਼ਿਪ, ਵਿਸ਼ਵ ਕੱਪ ਅਤੇ ਏਸ਼ੀਅਨ ਗੇਮਜ਼ ਵਿੱਚ ਸੋਨ ਤਮਗ਼ਾ ਜਿੱਤ ਕੇ ਸੂਬੇ ਦੀਆਂ ਲੜਕੀਆਂ ਲਈ ਪ੍ਰੇਰਨਾ ਸ੍ਰੋਤ ਬਣੀ ਹੈ। ਉਨ੍ਹਾਂ ਉਸ ਦੀ ਪ੍ਰਾਪਤੀ ਦਾ ਸਿਹਰਾ ਮਾਪਿਆਂ ਤੇ ਕੋਚਾਂ ਸਿਰ ਬੰਨ੍ਹਿਆਂ। Asian Games

ਇਹ ਵੀ ਪੜ੍ਹੋ: ਪੰਜਾਬ ਦੇ ਰਾਜਪਾਲ ਵੱਲੋਂ ਦੇਸ਼ ਨੂੰ ਵਿਸ਼ਵ ਗੁਰੂ ਬਣਾਉਣ ਦਾ ਸੱਦਾ

ਇਸ ਮੌਕੇ ਪ੍ਰਨੀਤ ਕੌਰ ਨੇ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਨੂੰ ਖੇਡਾਂ ਦੀ ਤਿਆਰੀ ਲਈ ਪਹਿਲਾਂ ਹੀ 8 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਮੱਦਦ ਕੀਤੀ। ਉਸ ਨੇ ਕਿਹਾ ਕਿ ਉਹ ਭਵਿੱਖ ਵਿੱਚ ਇਸੇ ਤਰ੍ਹਾਂ ਦੇਸ਼ ਅਤੇ ਸੂਬੇ ਦਾ ਨਾਂਅ ਚਮਕਾਉਣ ਲਈ ਪੂਰੀ ਮਿਹਨਤ ਕਰੇਗੀ। ਖੇਡ ਮੰਤਰੀ ਮੀਤ ਹੇਅਰ ਨੇ ਪ੍ਰਨੀਤ ਕੌਰ, ਉਸ ਦੇ ਪਿਤਾ ਅਵਤਾਰ ਸਿੰਘ, ਮਾਤਾ ਜਗਮੀਤ ਕੌਰ, ਕੋਚ ਸੁਰਿੰਦਰ ਸਿੰਘ ਦਾ ਉਚੇਚਾ ਸਨਮਾਨ ਕੀਤਾ। ਇਸ ਮੌਕੇ ਡੇਰਾਬਸੀ ਤੋਂ ਵਿਧਾਇਕ ਸਿੰਘ ਰੰਧਾਵਾ, ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਮੁੱਖ ਮੰਤਰੀ ਦੇ ਫ਼ੀਲਡ ਅਫ਼ਸਰ ਇੰਦਰ ਪਾਲ, ਡਿਪਟੀ ਡਾਇਰੈਕਟਰ ਸਪੋਰਟਸ ਪਰਮਿੰਦਰ ਸਿੰਘ ਸਿੱਧੂ, ਜਿਲ੍ਹਾ ਖੇਡ ਅਫਸਰ ਗੁਰਦੀਪ ਕੌਰ ਸਣੇ ਵੱਡੀ ਗਿਣਤੀ ਵਿੱਚ ਖੇਡ ਪ੍ਰਸੰਸਕ ਤੇ ਖਿਡਾਰੀ ਵੀ ਹਾਜ਼ਰ ਸਨ।