ਕਾਲਜ ਦੇ ਗੇਟ ’ਤੇ ਸਹਾਇਕ ਪ੍ਰੋਫੈਸਰਾਂ ਨੇ ਕੀਤਾ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਕਿਹਾ, ਸਿੱਖਿਆ ਸਕੱਤਰ ਦੇ ਲਾਰਿਆਂ ਦੀ ਪੰਡ ਫੂਕ ਰਹੇ ਹਾਂ

(ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿੱਚ ਕੰਮ ਕਰ ਰਹੇ ਸਮੂਹ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਵਿਰੋਧ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਸੂਬਾ ਪੱਧਰੀ ਐਸੋਸੀਏਸ਼ਨ ਦੇ ਸੱਦੇ ’ਤੇ ਚੰਨੀ ਸਰਕਾਰ, ਉੱਚ ਸਿੱਖਿਆ ਮੰਤਰੀ ਪਰਗਟ ਸਿੰਘ ਤੇ ਉਚੇਰੀ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।

ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ ਪੋਸਟਾਂ ਦਾ ਇਸ਼ਤਿਹਾਰ ਦਿੰਦੇ ਹੋਏ ਘਰ-ਘਰ ਰੁਜ਼ਗਾਰ ਦੇਣ ਦੀ ਗੱਲ ਕਹੀ ਰਹੀ ਹੈ ਪਰ ਉੱਥੇ ਹੀ ਇਨ੍ਹਾਂ ਕਾਲਜਾਂ ਵਿੱਚ ਲੰਬੇ ਸਮੇਂ ਤੋਂ ਪੜ੍ਹਾ ਰਹੇ 906 ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਬੇਰੋਜ਼ਗਾਰ ਕਰਨ ਦੀ ਵੀ ਤਿਆਰੀ ਨੇ ਸਰਕਾਰ ਦੇ ਝੂਠ ਦਾ ਪਰਦਾਫਾਸ਼ ਕਰ ਦਿੱਤਾ ਹੈ।

ਇਸ ਸਮੇਂ ਡਾ. ਕੁਲਦੀਪ ਸਿੰਘ ਬਾਹੀਆ, ਪ੍ਰੋ. ਚਮਕੌਰ ਸਿੰਘ,ਪ੍ਰੋ ਧਰਮਿੰਦਰ ਸਿੰਘ, ਡਾ. ਪਰਮਿੰਦਰ ਕੌਰ, ਡਾ ਮੁਨੀਤਾ ਜੋਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਕਾਲਜਾਂ ਦੀ ਹੋਂਦ ਬਚਾਈ ਬੈਠੇ ਇਹਨਾਂ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਤੋਂ ਰੁਜਗਾਰ ਖੋਹ ਕੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਿੱਤ ਮਰਨ ਵੱਲ ਧੱਕ ਦਿੱਤਾ ਹੈ। ਉਹਨਾਂ ਦੱਸਿਆ ਕਿ ਘਰ-ਘਰ ਰੁਜਗਾਰ ਦਾ ਨਾਅਰਾ ਲਾਉਣ ਵਾਲੀ ਕਾਂਗਰਸ ਸਰਕਾਰ ਨੇ 906 ਪਰਿਵਾਰਾਂ ਤੋਂ ਰੁਜਗਾਰ ਖੋਹਣ ਲਈ ਜੋ ਪਲੈਨ ਤਿਆਰ ਕੀਤਾ ਹੈ ਉਹ ਕਾਂਗਰਸ ਸਰਕਾਰ ਦੇ ਝੂਠੇ ਲਾਰਿਆਂ ਦਾ ਨਤੀਜਾ ਹੈ ਜੋ ਹੁਣ ਖੁਲ ਕੇ ਸਾਹਮਣੇ ਆ ਗਿਆ ਹੈ ਤੇ ਸਾਡੇ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਦੀ ਇਸ ਮਾਰੂ ਨੀਤੀ ਦੇ ਵਿਰੁੱਧ ਹੋਰ ਵੀ ਤਿੱਖਾ ਸੰਘਰਸ਼ ਕੀਤਾ ਜਾਵੇਗਾ । ਇਸ ਮੌਕੇ ਡਾ. ਪਰਮਜੀਤ ਕੌਰ,ਪ੍ਰੋ ਮਨਪ੍ਰੀਤ ਕੌਰ,ਪ੍ਰੋ ਮੁਹੰਮਦ ਅਨਵਰ,ਡਾ ਅੰਚਲਾ,ਪ੍ਰੋ ਰਾਜਵੀਰ ਕੌਰ,ਪ੍ਰੋ ਦਲਜੀਤ ਸਿੰਘ,ਪ੍ਰੋ ਰਮਨਦੀਪ ਸਿੰਘ ਅਤੇ ਹੋਰ ਸਟਾਫ ਮੈਂਬਰ ਵੀ ਮੌਜ਼ੂਦ ਰਹੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ