ਸਰਕਾਰ ਵੱਲੋਂ ਕਣਕ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ
(ਰਜਨੀਸ਼ ਰਵੀ) ਫਾਜਿ਼ਲਕਾ। ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਅੱਜ ਹਲਕਾ ਬੱਲੂਆਣਾ ਦੇ ਪਿੰਡ ਘੱਲੂ ਅਤੇ ਨਿਹਾਲ ਖੇੜਾ ਵਿਖੇ ਦਾਣਾ ਮੰਡੀ ਦਾ ਦੌਰਾ ਕੀਤਾ। ਉਨ੍ਹਾਂ ਨੇ ਆੜ੍ਹਤੀਆਂ ਐਸੋਸ਼ੀਏਸ਼ਨ, ਮਾਰਕੀਟ ਕਮੇਟੀ ਦੇ ਅਧਿਕਾਰੀ ਅਤੇ ਕਿਸਾਨਾਂ ਨਾਲ ਮੁਲਾਕਾਤ ਕਰਦਿਆਂ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀਆ ਨੂੰ ਹਦਾਇਤਾਂ ਦਿੱਤੀਆਂ ਕਿ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ।
ਇਸ ਮੌਕੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਣਕ ਦੀ ਖਰੀਦ ਤੇਜੀ ਨਾਲ ਕੀਤੀ ਜਾਵੇ ਅਤੇ ਯਕੀਨੀ ਬਣਾਇਆ ਜਾਵੇ ਕਿ ਖਰੀਦੀ ਗਈ ਕਣਕ ਦੀ ਲਿਫਟਿੰਗ ਨਾਲੋਂ ਨਾਲ ਹੋਵੇ ਤਾਂ ਜ਼ੋ ਹੋਰ ਕਿਸਾਨਾਂ ਨੂੰ ਮੰਡੀ ਵਿਚ ਕਣਕ ਲਿਆਉਣ ਲਈ ਥਾਂ ਮਿਲ ਸਕੇ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਵੇਚੀ ਗਈ ਕਣਕ ਦੀ 48 ਘੰਟੇ ਅੰਦਰ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਕਣਕ ਦਾ ਦਾਣਾ ਦਾਣਾ ਖਰੀਦ ਕੀਤਾ ਜਾਵੇਗਾ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਜੋਤੀ ਪ੍ਰਕਾਸ਼ ਜੀ, ਬਲਾਕ ਪ੍ਰਧਾਨ ਬਲਦੇਵ ਸਿੰਘ, ਸਰਕਲ ਪ੍ਰਧਾਨ ਸੁਸ਼ੀਲ, ਬੱਬਲੂ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।