Bathinda Police Operation: ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਤਿੰਨ ਪਿੰਡਾਂ 'ਚ ਚਲਾਇਆ ਸਰਚ ਆਪ੍ਰੇਸ਼ਨ
3 ਸ਼ੱਕੀ ਵਿਅਕਤੀ ਹਿਰਾਸਤ 'ਚ ਲਏ, 2 ਮੋਟਰਸਾਈਕਲ ਜ਼ਬਤ
Bathinda Police Operation: ਬਠਿੰਡਾ, (ਸੱਚ ਕਹੂੰ ਨਿਊਜ਼/ਹਿੰ.ਸ.)| ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ। ਡੀਆਈਜੀ ਹਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸਐੱਸਪੀ ਸੁਹੇਲ ਕਾਸਿਮ ਮੀਰ ਦੀ ਨਿਗਰਾਨੀ ਹੇਠ ਸਬ-ਡਿਵੀਜ਼ਨ ਭੁੱਚੋ ਦੇ ਤਿੰਨ ਪਿੰਡਾਂ ਵਿੱਚ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ।
ਡੀਐੱਸਪੀ ਭੁੱਚੋ ਪ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਵੱਲੋਂ ਥਾਣਾ ਨੇਹੀਆਂਵਾਲਾ ਅਧੀਨ ਆਉਂਦੇ ਪਿੰਡ ਜੀਦਾ, ਹਰਰਾਏਪੁਰ ਅਤੇ ਖੇਮੂਆਣਾ ਵਿੱਚ ਇਹ ਕਾਰਵਾਈ ਕੀਤੀ ਗਈ। ਡੀਐੱਸਪੀ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਸਰਚ ਆਪ੍ਰੇਸ਼ਨ ਸ਼ੁਰੂ ਕਰਨ ਤੋਂ ਪਹਿਲਾਂ ਤਿੰਨਾਂ ਪਿੰਡਾਂ ਦੇ ਮੁੱਖ ਰਸਤਿਆਂ 'ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।
ਇਹ ਵੀ ਪੜ੍ਹੋ: Anti Tobacco Campaign: ਸਿਹਤ ਵਿਭਾਗ ਦੀ ਟੀਮ ਨੇ ਕੋਟਪਾ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਕੱਟੇ ਚਲਾਨ
ਇਸ ਤੋਂ ਬਾਅਦ ਤਿੰਨ ਵੱਖ-ਵੱਖ ਪੁਲਿਸ ਟੀਮਾਂ ਬਣਾ ਕੇ ਨਿਰਧਾਰਤ ਇਲਾਕਿਆਂ ਵਿੱਚ ਘਰ-ਘਰ ਜਾ ਕੇ ਤਲਾਸ਼ੀ ਲਈ ਗਈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਤਿੰਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬਿਨਾਂ ਦਸਤਾਵੇਜ਼ਾਂ ਅਤੇ ਸ਼ੱਕੀ ਹਾਲਤ ਵਿੱਚ ਮਿਲੇ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਗਏ ਹਨ। ਪੁਲਿਸ ਵੱਲੋਂ ਇਨ੍ਹਾਂ ਵਾਹਨਾਂ ਦੀ ਵੀ ਤਸਦੀਕ ਕੀਤੀ ਜਾ ਰਹੀ ਹੈ।
ਡੀਐੱਸਪੀ ਨੇ ਸਪੱਸ਼ਟ ਕੀਤਾ ਕਿ ਨਸ਼ੇ ਦੀ ਲਤ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾ ਕੇ ਉਨ੍ਹਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਯਤਨ ਕੀਤੇ ਜਾ ਰਹੇ ਹਨ। ਦੂਜੇ ਪਾਸੇ, ਨਸ਼ਿਆਂ ਦਾ ਗੈਰ-ਕਾਨੂੰਨੀ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਜਾਰੀ ਰਹੇਗੀ।
ਪੁਲਿਸ ਅਧਿਕਾਰੀਆਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਲੇ-ਦੁਆਲੇ ਜਾਂ ਪਿੰਡ ਵਿੱਚ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਜਾਂ ਕਿਸੇ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਪੁਲਿਸ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
Comments