ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਕਾਲੀਆਂ ਝੰਡੀਆਂ ਦਿਖਾਉਣ ਆਏ ਸੀ ਠੇਕਾ ਮੁਲਾਜ਼ਮ
(ਸੁਖਜੀਤ ਮਾਨ) ਬਠਿੰਡਾ। ਲੰਬੇ ਸਮੇਂ ਤੋਂ ਮੰਗਾਂ ਪੂਰੀਆਂ ਕਰਨ ਦੀ ਮੰਗ ਕਰ ਰਹੇ ਠੇਕਾ ਮੁਲਾਜ਼ਮਾਂ ਨੂੰ ਅੱਜ ਬਠਿੰਡਾ ਪੁਲਿਸ ਦੀ ਖਿੱਚਧੂਹ ਦਾ ਸ਼ਿਕਾਰ ਹੋਣਾ ਪਿਆ ਇਹ ਠੇਕਾ ਮੁਲਾਜ਼ਮ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਕਾਲੀਆਂ ਝੰਡੀਆਂ ਦਿਖਾਉਣ ਪੁੱਜੇ ਸਨ ਮੰਤਰੀ ਦੇ ਆਉਣ ਤੋਂ ਪਹਿਲਾਂ ਹੀ ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਚੁੱਕ ਕੇ ਲੈ ਗਈ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀ ਖਿੱਚਧੂਹ ਦਾ ਵਿਰੋਧ ਕਰਦਿਆਂ ਡਟੇ ਰਹਿਣ ਲਈ ਕਾਫੀ ਜੋਰ ਲਾਇਆ ਤੇ ਸੜਕ ’ਤੇ ਲੰਬੇ ਪੈ ਗਏ ਪਰ ਦੋ ਡੀਐਸਪੀਜ਼ ਦੀ ਅਗਵਾਈ ਵਾਲੀ ਪੁਲਿਸ ਉਨ੍ਹਾਂ ਨੂੰ ਘੜੀਸਕੇ ਗੱਡੀਆਂ ’ਚ ਲੈ ਗਈ ਤੇ ਥਾਣਾ ਸਿਵਲ ਲਾਈਨ ’ਚ ਬੰਦ ਕਰ ਦਿੱਤਾ ਇਸ ਦੌਰਾਨ ਇੱਕ ਪ੍ਰਦਰਸ਼ਨਕਾਰੀ ਦੀ ਪੱਗ ਵੀ ਲਹਿ ਗਈ।
ਵੇਰਵਿਆਂ ਮੁਤਾਬਿਕ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਠੇਕਾ ਮੁਲਾਜਮਾਂ ਵੱਲੋਂ ਅੱਜ ਐਡਵੋਕੇਟ ਰਾਜਨ ਗਰਗ ਵੱਲੋਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ ਦਾ ਅਹੁਦਾ ਸੰਭਾਲਣ ਦੇ ਸਮਾਗਮ ’ਚ ਸ਼ਿਰਕਤ ਕਰਨ ਪੁੱਜੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਕਾਲੀਆਂ ਝੰਡੀਆਂ ਦਿਖਾਉਣੀਆਂ ਸਨ ਠੇਕਾ ਮੁਲਾਜ਼ਮਾਂ ਦੇ ਇਸ ਸੰਘਰਸ਼ ਦੀ ਭਿਣਕ ਪੈਣ ’ਤੇ ਪੁਲਿਸ ਨੇ ਪਹਿਲਾਂ ਹੀ ਸਖਤ ਪਹਿਰਾ ਲਾਇਆ ਹੋਇਆ ਸੀ ਜਿਉਂ ਹੀ ਠੇਕਾ ਮੁਲਾਜ਼ਮਾਂ ਨੇ ਹਨੂੰਮਾਨ ਚੌਂਕ ’ਚ ਪੁੱਜਕੇ ਨਾਅਰੇਬਾਜ਼ੀ ਸ਼ੁਰੂ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਪਹਿਲਾਂ ਤਾਂ ਟ੍ਰੈਫਿਕ ਜਾਮ ਨਾ ਕਰਨ ਦੀ ਗੱਲ ਕਹੀ ਪਰ ਜਦੋਂ ਠੇਕਾ ਮੁਲਾਜ਼ਮ ਨਾਅਰੇਬਾਜ਼ੀ ਕਰਦੇ ਰਹੇ ਤਾਂ ਪੁਲਿਸ ਨੇ ਬਾਹੋਂ ਫੜ੍ਹ-ਫੜ੍ਹ ਕੇ ਘੜੀਸਣਾ ਸ਼ੁਰੂ ਕਰ ਦਿੱਤਾ।
ਇਸ ਖਿੱਚਧੂਹ ’ਚ ਇੱਕ ਠੇਕਾ ਮੁਲਾਜ਼ਮ ਦੀ ਪੱਗ ਵੀ ਲਹਿ ਗਈ 30 ਦੇ ਕਰੀਬ ਇਨ੍ਹਾਂ ਠੇਕਾ ਮੁਲਾਜ਼ਮਾਂ ਨੂੰ ਫੜ੍ਹਕੇ ਪੁਲਿਸ ਥਾਣਾ ਸਿਵਲ ਲਾਈਨ ’ਚ ਲੈ ਗਈ ਗ੍ਰਿਫ਼ਤਾਰੀ ਦੇ ਵਿਰੋਧ ’ਚ ਬਾਕੀ ਠੇਕਾ ਮੁਲਾਜ਼ਮਾਂ ਤੇ ਹੋਰ ਸੰਘਰਸ਼ੀ ਭਰਾਤਰੀ ਜਥੇਬੰਦੀਆਂ ਨੇ ਥਾਣਾ ਸਿਵਲ ਲਾਈਨ ਕੋਲ ਜਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਪੁਲਿਸ ਨੇ ਬਾਅਦ ਦੁਪਹਿਰ ਕਰੀਬ 3:30 ਵਜੇ ਗ੍ਰਿਫ਼ਤਾਰ ਪ੍ਰਦਰਸ਼ਨਕਾਰੀਆਂ ਨੂੰ ਛੱਡ ਦਿੱਤਾ।
ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂੰ, ਵਰਿੰਦਰ ਸਿੰਘ ਬੀਬੀਵਾਲਾ, ਜਗਸੀਰ ਸਿੰਘ ਭੰਗੂ, ਸੇਵਕ ਸਿੰਘ ਦੰਦੀਵਾਲ, ਸੰਦੀਪ ਖ਼ਾਨ,ਜਗਜੀਤ ਬਰਾੜ ਤੇ ਜਸਵਿੰਦਰ ਸਿੰਘ ਆਦਿ ਨੇ ਕੈਪਟਨ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਕੈਪਟਨ ਸਰਕਾਰ ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਤ੍ਰਾਸ਼ਦੀ ਇਹ ਹੈ ਕਿ ਸਰਕਾਰ ਨੇ ਆਪਣੇ ਮੰਤਰੀਆਂ-ਵਿਧਾਇਕਾਂ ਦੇ ਪੁੱਤਰਾਂ ਨੂੰ ਤਾਂ ਪੱਕੀਆਂ ਨੌਕਰੀਆਂ ਦੇ ਦਿੱਤੀਆਂ ਪਰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸ ਰਹੇ ਠੇਕਾ ਮੁਲਾਜਮਾਂ ਨੂੰ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜ਼ਕਾਲ ਵਿੱਚ ਰੈਗੂਲਰ ਨਹੀਂ ਕੀਤਾ ਆਗੂਆਂ ਨੇ ਕਿਹਾ ਕਿ ਜਦ ਸਰਕਾਰ ਨੇ ਆਪਣੇ ਮੰਤਰੀਆਂ-ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣੀਆਂ ਹੁੰਦੀਆਂ ਹਨ ਜਾਂ ਆਪਣੀਆਂ ਤਨਖਾਹਾਂ ਵਿੱਚ ਵਾਧਾ ਕਰਨਾ ਹੁੰਦਾ ਤਾਂ ਸਰਕਾਰ ਦਾ ਖਜ਼ਾਨਾ ਵੀ ਨੱਕੋ-ਭਰ ਜਾਂਦਾ ਅਤੇ ਕਾਨੂੰਨੀ ਅੜਚਨਾਂ ਵੀ ਰਾਹ ਵਿੱਚ ਰੋੜਾ ਨਹੀਂ ਬਣਦੀਆਂ।
ਉਨ੍ਹਾਂ ਦੱਸਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਬਣਾਏ ਵੈੱਲਫੇਅਰ ਐਕਟ 2016 ਨੂੰ ਤੋੜਕੇ ਨਵਾਂ ਵੈੱਲਫੇਅਰ ਐਕਟ ਲਿਆਕੇ ਠੇਕਾ ਪ੍ਰਣਾਲੀ, ਆਊਟਸੋਰਸਿੰਗ ਆਦਿ ਕੈਟਾਗਿਰੀਆਂ ਰਾਹੀਂ ਕੰਮ ਕਰਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦਾ ਰਸਤਾ ਬੰਦ ਕੀਤਾ ਜਾ ਰਿਹਾ ਹੈ,ਜਿਸ ਦੇ ਵਿਰੋਧ ਵਜੋਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮ 3 ਅਤੇ 4 ਅਗਸਤ ਨੂੰ ਦੋ ਦਿਨਾਂ ਦੀ ਸਮੂਹਿਕ ਛੁੱਟੀ ਲੈਕੇ ਵਿਭਾਗਾਂ ਦੇ ਕੰਮ ਦਾ ਮੁਕੰਮਲ ਬਾਈਕਾਟ ਕਰਕੇ ਵਿਭਾਗਾਂ ਦੇ ਦਫਤਰਾਂ ਅੱਗੇ ਪਰਿਵਾਰਾਂ ਸਮੇਤ ਪ੍ਰਦਰਸ਼ਨ ਕੀਤੇ ਕਰਨਗੇ।
ਠੇਕਾ ਮੁਲਾਜ਼ਮਾਂ ਲਈ ਬਣਾ ਰਹੇ ਹਾਂ ਨਵਾਂ ਕਾਨੂੰਨ : ਵਿੱਤ ਮੰਤਰੀ
ਪ੍ਰੈੱਸ ਕਾਨਫਰੰਸ ਦੌਰਾਨ ਜਦੋਂ ਪੱਤਰਕਾਰਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਠੇਕਾ ਮੁਲਾਜ਼ਮਾਂ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਬਾਰੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਜੋ ਮੁਲਾਜ਼ਮ ਸਰਕਾਰ ਨਾਲ ਕੰਟਰੈਕਟ ਬੇਸ ’ਤੇ ਕੰਮ ਕਰ ਰਹੇ ਹਨ ਉਨ੍ਹਾਂ ਦੀ ਸਰਕਾਰ ’ਚ ਭਰਤੀ ਸਬੰਧੀ ਨਵਾਂ ਕਾਨੂੰਨ ਬਣਾਇਆ ਜਾ ਰਿਹਾ ਹੈ ਜਿਸ ਤਹਿਤ ਠੇਕਾ ਮੁਲਾਜ਼ਮਾਂ ਨੂੰ ਸਰਕਾਰ ’ਚ ਭਰਤੀ ਕਰ ਲਿਆ ਜਾਵੇਗਾ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ