Punjab Government News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਆਈਏਐਸ ਅਧਿਕਾਰੀਆਂ ਤੇ ਪ੍ਰਸ਼ਾਸਕੀ ਸਕੱਤਰਾਂ ਨੂੰ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਆਪਣੀ ਰਿਹਾਇਸ਼ ’ਤੇ ਆਈਏਐਸ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ’ਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਬਾਵਜੂਦ, ਪੰਜਾਬ ਅਜੇ ਵੀ ਰਾਸ਼ਟਰੀ ਅਨਾਜ ਭੰਡਾਰ ’ਚ 17.5 ਮਿਲੀਅਨ ਮੀਟ੍ਰਿਕ ਟਨ ਝੋਨਾ ਪਾਉਣ ਦੀ ਸਥਿਤੀ ਵਿੱਚ ਹੈ। ਸੁਚਾਰੂ ਤੇ ਕੁਸ਼ਲ ਖਰੀਦ ਪ੍ਰਬੰਧਾਂ ਦੀ ਜ਼ਰੂਰਤ ’ਤੇ ਜ਼ੋਰ ਦਿੰਦੇ ਹੋਏ। Punjab Government News
ਇਹ ਖਬਰ ਵੀ ਪੜ੍ਹੋ : Gold News Today: ਧਨਤੇਰਸ 2025 ’ਤੇ ਸੋਨੇ ਤੇ ਚਾਂਦੀ ਦੀ ਰਿਕਾਰਡ ਵਿਕਰੀ, ਪੜ੍ਹੋ ਪੂਰੀ ਖਬਰ
ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਪੰਜਾਬ ਦੇ ਕਿਸਾਨਾਂ ਦੀ ਸਖ਼ਤ ਮਿਹਨਤ ਤੇ ਸਮਰਪਣ ਭਾਵਨਾ ਨਾਲ ਪੈਦਾ ਹੋਇਆ ਹਰ ਦਾਣਾ ਖਰੀਦਿਆ ਜਾਵੇ।ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਉਣੀ ਮਾਰਕੀਟਿੰਗ ਸੀਜ਼ਨ 2025-26 ਦੌਰਾਨ ਝੋਨੇ ਦੀ ਖਰੀਦ ਲਈ 1,822 ਨਿਯਮਤ ਖਰੀਦ ਕੇਂਦਰਾਂ ਨੂੰ ਸੂਚਿਤ ਕੀਤਾ ਹੈ। ਇਹ ਸਾਰੀਆਂ ਨੋਟੀਫਾਈਡ ਮੰਡੀਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਵੱਲੋਂ ਨਿਰਧਾਰਤ ਕੀਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਸ਼ੁੱਕਰਵਾਰ ਤੱਕ, ਸੂਬੇ ਦੀਆਂ ਮੰਡੀਆਂ ’ਚ 38.65 ਲੱਖ ਮੀਟ੍ਰਿਕ ਟਨ ਝੋਨਾ ਪਹੁੰਚਿਆ ਹੈ, ਜਿਸ ’ਚੋਂ 37.20 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ 100 ਫੀਸਦੀ ਲਿਫਟਿੰਗ ਪ੍ਰਾਪਤ ਕੀਤੀ ਗਈ ਹੈ, ਜੋ ਕਿ ਖਰੀਦ ਦੇ 72 ਘੰਟਿਆਂ ਦੇ ਅੰਦਰ ਲਿਫਟਿੰਗ ਨੂੰ ਯਕੀਨੀ ਬਣਾਉਣ ਦੇ ਸੂਬਾ ਸਰਕਾਰ ਦੇ ਮਾਪਦੰਡਾਂ ਦੀ ਪਾਲਣਾ ਕਰਦੀ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਖਰੀਦੇ ਗਏ ਅਨਾਜ ਲਈ ਕਿਸਾਨਾਂ ਨੂੰ ਕੁੱਲ 7,472.20 ਕਰੋੜ ਰੁਪਏ ਪਹਿਲਾਂ ਹੀ ਅਦਾ ਕੀਤੇ ਜਾ ਚੁੱਕੇ ਹਨ।
ਝੋਨੇ ਦੇ ਹਰੇਕ ਦਾਣੇ ਦੀ ਖਰੀਦ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਉਹ ਪੂਰੀ ਖਰੀਦ ਪ੍ਰਕਿਰਿਆ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ’ਚ ਨਿਰਵਿਘਨ, ਪਾਰਦਰਸ਼ੀ ਤੇ ਕੁਸ਼ਲ ਅਨਾਜ ਖਰੀਦ ਨੂੰ ਯਕੀਨੀ ਬਣਾਉਣ ਲਈ ਮਿਸਾਲੀ ਕਦਮ ਚੁੱਕੇ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜ਼ਮੀਨੀ ਪੱਧਰ ’ਤੇ ਮਜ਼ਬੂਤ ਪ੍ਰਬੰਧਾਂ ਰਾਹੀਂ ਕਿਸਾਨਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਮੁੱਖ ਸਕੱਤਰ ਕੇਏਪੀ ਸਿਨਹਾ ਸਮੇਤ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜ਼ੂਦ ਸਨ। Punjab Government News