ਭਗਵੰਤ ਮਾਨ ਦੇ ਸਖ਼ਤ ਆਦੇਸ਼, ਅਗਲੇ 15 ਦਿਨਾਂ ’ਚ ਮੁਕੰਮਲ ਹੋਵੇ ਮੁਆਵਜੇ ਦਾ ਕੰਮ

Bhagwant Maan

ਕਿਹਾ, ਮੁਸ਼ਕਲ ਦੀ ਇਸ ਘੜੀ ਵਿੱਚ ਸਰਕਾਰ ਕਿਸਾਨਾਂ ਦੇ ਨਾਲ, ਇਕ-ਇਕ ਪੈਸੇ ਦੀ ਕੀਤੀ ਜਾਵੇਗੀ ਭਰਪਾਈ

  • ਪੰਜਾਬ ਵਿੱਚ ਗਿਰਦਾਵਰੀ ਕਰਨ ਲਈ ਪਟਵਾਰੀਆਂ ਨੂੰ 10 ਦਿਨ ਦਾ ਦਿੱਤਾ ਗਿਆ ਸਮਾਂ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਅੱਜ ਅਧਿਕਾਰੀਆਂ ਨੂੰ ਮੀਂਹ ਅਤੇ ਗੜੇਮਾਰੀ ਨਾਲ ਖ਼ਰਾਬ ਹੋਈ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਦੇ ਕੰਮ ਨੂੰ ਅਗਲੇ 15 ਦਿਨ ਵਿੱਚ ਹੀ ਮੁਕੰਮਲ ਕਰਨ ਦੇ ਸਖ਼ਤ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਭਗਵੰਤ ਮਾਨ ਵੱਲੋਂ ਹਰ ਹਾਲਤ ਵਿੱਚ 13 ਅਪ੍ਰੈਲ ਤੋਂ ਪਹਿਲਾਂ ਕਿਸਾਨਾਂ ਦੇ ਖ਼ਾਤੇ ਵਿੱਚ ਮੁਆਵਜਾ ਪਾਉਣ ਲਈ ਕਿਹਾ ਗਿਆ ਹੈ। ਇਸ ਲਈ ਪਟਵਾਰੀਆਂ ਨੂੰ 10 ਦਿਨ ਦਾ ਹੀ ਸਮਾਂ ਦਿੱਤਾ ਗਿਆ ਹੈ ਤਾਂ ਕਿ ਰਿਪੋਰਟ ਆਉਣ ਤੋਂ ਬਾਅਦ ਮੁਆਵਜਾ ਦੇਣ ਦੀ ਅਗਲੀ ਕਾਰਵਾਈ ਨੂੰ ਸ਼ੁਰੂ ਕੀਤਾ ਜਾ ਸਕੇ।

ਫ਼ਸਲ ਨੂੰ ਹਰ ਤਰ੍ਹਾਂ ਦੇ ਨੁਕਸਾਨ ਦਾ ਪਤਾ ਲਾਇਆ ਜਾਵੇ

ਮੀਂਹ ਅਤੇ ਗੜੇਮਾਰੀ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਗਿਰਦਾਵਰੀ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤੀ ਜਾਵੇ। ਉਨਾਂ ਕਿਹਾ ਕਿ ਫ਼ਸਲ ਨੂੰ ਹਰ ਤਰ੍ਹਾਂ ਦੇ ਨੁਕਸਾਨ ਦਾ ਪਤਾ ਲਾਇਆ ਜਾਵੇ ਤਾਂ ਜੋ ਪੀੜਤ ਧਿਰਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਉਨਾਂ ਕਿਸਾਨਾਂ ਨੂੰ ਹੀ ਮੁਆਵਜ਼ਾ ਮਿਲੇ, ਜਿਨਾਂ ਦੀ ਫ਼ਸਲ ਪ੍ਰਭਾਵਿਤ ਹੋਈ ਹੈ ਤਾਂ ਜੋ ਉਨਾਂ ਨੂੰ ਕਿਸੇ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ (Bhagwant Maan) ਨੇ ਕਿਹਾ ਕਿ ਮੁਆਵਜ਼ੇ ਦੀ ਵੰਡ ਤੋਂ ਪਹਿਲਾਂ ਜਨਤਕ ਅਨਾਊਂਸਮੈਂਟਾਂ ਕੀਤੀਆਂ ਜਾਣ ਤਾਂ ਜੋ ਸਾਰੇ ਲੋਕਾਂ ਨੂੰ ਇਸ ਬਾਰੇ ਪਤਾ ਲੱਗ ਸਕੇ। ਉਨਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜੇ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ।
ਇਸੇ ਤਰਾਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫ਼ੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ।

ਮਜ਼ਦੂਰਾਂ ਨੂੰ 10 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇਗਾ : Bhagwant Maan

ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਾਲ ਹੀ ਮਜ਼ਦੂਰਾਂ ਨੂੰ 10 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨਾਂ ਨੂੰ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ। ਉਨਾਂ ਇਹ ਵੀ ਕਿਹਾ ਕਿ ਜਿਨਾਂ ਦੇ ਮਕਾਨ ਪੂਰੀ ਤਰਾਂ ਨੁਕਸਾਨੇ ਗਏ ਹਨ, ਉਨਾਂ ਨੂੰ 95100 ਰੁਪਏ ਜਦਕਿ ਜਿਨਾਂ ਦੇ ਘਰਾਂ ਦਾ ਮਾਮੂਲੀ ਨੁਕਸਾਨ ਹੋਇਆ ਹੈ, ਨੂੰ 5200 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਰਾਹਤ ਦੇਣ ਲਈ ਇਸ ਕੰਮ ਨੂੰ ਜਲਦ ਤੋਂ ਜਲਦ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿੱਜੀ ਤੌਰ ’ਤੇ ਇਸ ਕੰਮ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਅਤੇ ਉਨਾਂ ਨੂੰ ਰੋਜ਼ਾਨਾ ਰਿਪੋਰਟ ਸੌਂਪਣ। ਭਗਵੰਤ ਮਾਨ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।