ਅਧਿਆਪਕਾਂ ‘ਤੇ ਲਾਠੀਚਾਰਜ ਦੀ ਭਗਵੰਤ ਮਾਨ ਤੇ ਹਰਪਾਲ ਚੀਮਾ ਵੱਲੋਂ ਨਿਖੇਧੀ

Bhagwant Mann , Harpal Cheema , Lashed , Teachers

ਕਿਹਾ, ਅਧਿਆਪਕ ਕੁੱਟਣ ‘ਚ ਅਮਰਿੰਦਰ ਸਰਕਾਰ ਨੇ ਬਾਦਲ ਸਰਕਾਰ ਨੂੰ ਮਾਤ ਪਾਈ

ਨਰੇਸ਼ ਕੁਮਾਰ/ਸੰਗਰੂਰ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿਖੇ ਬੇਰੁਜ਼ਗਾਰ ਅਧਿਆਪਕਾਂ ‘ਤੇ ਹੋਏ ਅੰਨ੍ਹੇ ਪੁਲਿਸ ਲਾਠੀਚਾਰਜ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਭਗਵੰਤ ਮਾਨ ਅਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਤਾਨਾਸ਼ਾਹੀ ‘ਤੇ ਉਤਰ ਆਈ ਹੈ ਅਤੇ ਭੁੱਲ ਗਈ ਹੈ ਕਿ ਲੋਕਾਂ ਨੇ ਉਨ੍ਹਾਂ ਦੇ ਚੋਣ ਵਾਅਦਿਆਂ ਉੱਪਰ ਵਿਸ਼ਵਾਸ ਕਰਕੇ ਲੋਕਤੰਤਰ ਤਰੀਕੇ ਨਾਲ ਸੱਤਾ ਦੀ ਜ਼ਿੰਮੇਵਾਰੀ ਸੌਂਪੀ ਸੀ ਪ੍ਰੰਤੂ ਸੱਤਾ ‘ਚ ਆਉਣ ਉਪਰੰਤ ਕੈਪਟਨ ਅਮਰਿੰਦਰ ਸਿੰਘ ਸਰਕਾਰ ਆਪਣੇ ਸਾਰੇ ਚੋਣ ਵਾਅਦਿਆਂ ਤੋਂ ਮੁੱਕਰ ਗਈ ਹੈ । ਜਿਸ ਦੇ ਵਿਰੋਧ ਵਿੱਚ ਅੱਜ ਹਰੇਕ ਵਰਗ ਸੜਕਾਂ ‘ਤੇ ਹੈ ਅਤੇ ਆਪਣੇ ਹੱਕਾਂ ਲਈ ਲੋਕਤੰਤਰਿਕ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੈ।

ਆਪ ਆਗੂਆਂ ਨੇ ਕਿਹਾ ਕਿ ਬੀਐੱਡ ਅਤੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਕੋਈ ਭੀਖ ਨਹੀਂ ਬਲਕਿ ਕਾਂਗਰਸ ਦੇ ਚੋਣ ਵਾਅਦੇ ਮੁਤਾਬਕ ਆਪਣੇ ਹੱਕ ਮੰਗ ਰਹੀ ਹੈ । ਇਹ ਸਾਰੇ ਅਧਿਆਪਨ ਦੇ ਕਾਰਜ ਲਈ ਯੋਗ ਉਮੀਦਵਾਰ ਹਨ। ਭਗਵੰਤ ਮਾਨ ਅਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਵੱਡੀ ਘਾਟ ਹੈ ਅਤੇ ਹਜ਼ਾਰਾਂ ਪਦ ਖਾਲੀ ਪਏ ਹਨ, ਜਿਸ ਦਾ ਖਮਿਆਜ਼ਾ ਇਨ੍ਹਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਦਲਿਤਾਂ, ਗਰੀਬਾਂ ਅਤੇ ਆਮ ਲੋਕਾਂ ਦੇ ਬੱਚੇ ਭੁਗਤ ਰਹੇ ਹਨ। ਅਧਿਆਪਕਾਂ ਤੋਂ ਵਾਂਝੇ ਇਨ੍ਹਾਂ ਸਰਕਾਰੀ ਸਕੂਲਾਂ ਕਾਰਨ ਪੰਜਾਬ ਵਿੱਚ ਮੁੱਢਲੀ ਸਿੱਖਿਆ ਦਾ ਪੱਧਰ ਬੇਹੱਦ ਨਿੱਘਰ ਚੁੱਕਾ ਹੈ, ਜਿਸ ਦੇ ਸੁਧਾਰ ਲਈ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਪਹਿਲ ਦੇ ਅਧਾਰ ‘ਤੇ ਸਰਕਾਰੀ ਸਕੂਲਾਂ ਵਿੱਚ ਖਾਲੀ ਪਏ ਪਦਾਂ ਨੂੰ ਭਰਦੀ ਪ੍ਰੰਤੂ ਯੋਗ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਕੋਹ-ਕੋਹ ਕੁੱਟਣ ਲੱਗੀ ਹੈ ।

ਭਗਵੰਤ ਮਾਨ ਅਤੇ ਹਰਪਾਲ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਘਰ-ਘਰ ਸਰਕਾਰੀ ਨੌਕਰੀ ਦਾ ਚੋਣ ਵਾਅਦਾ ਯਾਦ ਕਰਵਾਉਂਦੇ ਹੋਏ ਕਿਹਾ ਕਿ ਰੁਜ਼ਗਾਰ ਮੰਗਦੇ ਪੰਜਾਬ ਦੇ ਨੌਜਵਾਨਾਂ ਨੂੰ ਕੁੱਟਣ ਅਤੇ ਉਨ੍ਹਾਂ ਦੀਆਂ ਪੱਗਾਂ ਅਤੇ ਚੁੰਨੀਆਂ ਸਾਲ ‘ਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪਿਛਲੀ ਬਾਦਲ ਸਰਕਾਰ ਨੂੰ ਵੀ ਮਾਤ ਦੇ ਦਿੱਤੀ ਹੈ । ਆਪ ਆਗੂਆਂ ਨੇ ਸਿੱਖਿਆ ਮੰਤਰੀ ਵਜਿੰਦਰ ਸਿੰਗਲਾ ਦੇ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਕਿ ਸਿੱਖਿਆ ਮੰਤਰੀ ਨੂੰ ਆਪਣੇ ਅਹੁਦੇ ‘ਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਰਹਿ ਗਿਆ । ਭਗਵੰਤ ਮਾਨ ਅਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਸਰਕਾਰ ਵਿੱਚ ਜਰਮਨ ਦੇ ਤਾਨਾਸ਼ਾਹ ਹਿਟਲਰ ਦੀ ਰੂਹ ਪ੍ਰਵੇਸ਼ ਕਰ ਚੁੱਕੀ ਹੈ। ਮਨਮਾਨੀਆਂ ‘ਤੇ ਉੱਤਰੀ ਇਹ ਸਰਕਾਰ ਇੱਕ ਪਾਸੇ ਵਿਦੇਸ਼ਾਂ ਵਿੱਚ ਸ਼ਿਕਾਰ-ਸ਼ਿਕਾਰ ਖੇਡ ਰਹੀ ਹੈ ਦੂਜੇ ਪਾਸੇ ਹੱਕਾਂ ਲਈ ਅਵਾਜ਼ ਉਠਾਉਣ ਵਾਲੇ ਯੋਗ ਨੌਜਵਾਨ ਲੜਕੇ ਲੜਕੀਆਂ ‘ਤੇ ਬੇਰਹਿਮੀ ਨਾਲ ਡਾਂਗਾਂ ਚਲਾ ਰਹੀ ਹੈ।

ਆਪ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ  ਇਕਜੁੱਟ ਹੋ ਕੇ ਕੈਪਟਨ ਅਤੇ ਬਾਦਲਾਂ ਦੇ ਮਾਫੀਆ ਰਾਜ ਨੂੰ ਚੱਲਦਾ ਕਰਨ ਦਾ ਪ੍ਰਣ ਲੈਣ । ਉਨ੍ਹਾਂ ਕਿਹਾ ਕਿ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਪੰਜਾਬ ਵਿੱਚ ਵੀ ਕੇਜਰੀਵਾਲ ਸਰਕਾਰ ਦਾ ਮਾਡਲ ਪਹਿਲ ਦੇ ਅਧਾਰ ‘ਤੇ ਲਾਗੂ ਕੀਤਾ ਜਾਵੇਗਾ ਅਤੇ ਸਾਰੀਆਂ ਖਾਲੀ ਪਈਆਂ ਆਸਾਮੀਆਂ ਭਰ ਭਰੀਆਂ ਜਾਣਗੀਆਂ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।