ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨੌਜਵਾਨਾਂ ਨੂੰ ਸੱਦਾ
- ਪੰਜਾਬ ਵਿੱਚ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਮਿਲਣ ਨਾਲ ਪਰਵਾਸ ਨੂੰ ਪੁੱਠਾ ਗੇੜਾ ਆਇਆ
- ਨਸ਼ਿਆਂ ਵਿਰੁੱਧ ਲੜਾਈ ਵਿੱਚ ਖੇਡਾਂ ਅਹਿਮ ਰੋਲ ਨਿਭਾ ਸਕਦੀਆਂ ਨੇ
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਤੋਂ ਗੈਰ-ਕਾਨੂੰਨੀ ਪਰਵਾਸੀਆਂ ਦੀ ਵਾਪਸੀ ਤੋਂ ਸਬਕ ਸਿੱਖਣ ਅਤੇ ਗਲਤ ਤਰੀਕਿਆਂ ਨਾਲ ਵਿਦੇਸ਼ ਜਾਣ ਦੀ ਸੋਚ ਤਿਆਗ ਕੇ ਆਪਣੇ ਸੂਬੇ ਨੂੰ ਦੇਸ਼ ਵਿੱਚ ਮੋਹਰੀ ਬਣਾਉਣ ਲਈ ਸਖਤ ਮਿਹਨਤ ਕਰਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ’ਤੇ ਜਨਮ ਲੈਣਾ ਸਾਡੇ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਇੱਥੋਂ ਦੀ ਧਰਤੀ ਦੁਨੀਆ ਦੀ ਸਭ ਤੋਂ ਉਪਜਾਊ ਧਰਤੀ ਹੈ। ਉਨ੍ਹਾਂ ਅਫਸੋਸ ਪ੍ਰਗਟਾਇਆ ਕਿ ਸੂਬੇ ਵਿੱਚ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਨੌਜਵਾਨ ਬਿਹਤਰ ਭਵਿੱਖ ਦੀ ਭਾਲ ਵਿੱਚ ਹੋਰ ਮੁਲਕਾਂ ਵੱਲ ਪਰਵਾਸ ਕਰਨ ਲਈ ਮਜ਼ਬੂਰ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਰੀਕਾ ਤੋਂ ਸਮੂਹਿਕ ਵਾਪਸੀ ਸਾਡੇ ਸਾਰਿਆਂ ਲਈ ਅੱਖਾਂ ਖੋਲ੍ਹਣ ਵਾਲੀ ਹੈ ਅਤੇ ਹੁਣ ਸਾਨੂੰ ਗੈਰ-ਕਾਨੂੰਨੀ ਢੰਗ ਨਾਲ ਵਿਦੇਸ ਨਹੀਂ ਜਾਣਾ ਚਾਹੀਦਾ, ਸਗੋਂ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਲਈ ਸਖਤ ਮਿਹਨਤ ਕਰਨੀ ਚਾਹੀਦੀ ਹੈ।
ਨਸ਼ਿਆਂ ਵਿਰੁੱਧ ਲੜਾਈ ਵਿੱਚ ਅਹਿਮ ਰੋਲ ਨਿਭਾ ਸਕਦੀਆਂ ਨੇ ਖੇਡਾਂ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਪੰਜਾਬ ਦੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ ਇੰਨੀ ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਰੁਝਾਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਕਿਉਂਕਿ ਸੂਬੇ ਦੇ ਨੌਜਵਾਨਾਂ ਲਈ ਵੱਡੀ ਗਿਣਤੀ ਵਿੱਚ ਭਰਤੀ ਦੀ ਤਿਆਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਰਨ ਪੰਜਾਬ ਵਿੱਚ ਪਰਵਾਸ ਨੂੰ ਮੋੜਾ ਪਿਆ ਹੈ ਕਿਉਂਕਿ ਨੌਜਵਾਨ ਸੂਬੇ ਵਿੱਚ ਸਰਕਾਰੀ ਨੌਕਰੀਆਂ ਲੈਣ ਲਈ ਵਿਦੇਸ਼ਾਂ ਤੋਂ ਪਰਤ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਦਰਸੀ ਭਰਤੀ ਨਾਲ ਨੌਜਵਾਨਾਂ ਦਾ ਸੂਬਾ ਸਰਕਾਰ ਲਈ ਕੰਮ ਕਰਨ ਪ੍ਰਤੀ ਵਿਸਵਾਸ ਵਧਿਆ ਹੈ, ਜਿਸ ਕਾਰਨ ਉਹ ਵਿਦੇਸ਼ ਜਾਣ ਦਾ ਵਿਚਾਰ ਤਿਆਗ ਕੇ ਇੱਥੇ ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇਕ ਰਿਕਾਰਡ ਹੈ ਕਿ ਵਿਦੇਸ਼ ਜਾਣ ਦੇ ਪੁਰਾਣੇ ਰੁਝਾਨ ਦੇ ਉਲਟ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਵਿੱਚ ਦਾਖਲੇ ਵਿੱਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇੱਕ ਪਾਸੇ ਪੁਲਿਸ ਵਿਭਾਗ ਦੀ ਕਾਰਜਕੁਸਲਤਾ ਵਿੱਚ ਵਾਧਾ ਕਰਨ ਅਤੇ ਦੂਜੇ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਸੂਬਾ ਸਰਕਾਰ ਨੇ ਪੁਲਿਸ ਮੁਲਾਜਮਾਂ ਦੀ ਕਮੀ ਦੂਰ ਕਰਨ ਲਈ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਸਿਪਾਹੀ ਅਤੇ 300 ਸਬ ਇੰਸਪੈਕਟਰ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਅਸਾਮੀਆਂ ਲਈ ਹਰ ਸਾਲ ਲਗਭਗ 2.50 ਲੱਖ ਉਮੀਦਵਾਰਾਂ ਵੱਲੋਂ ਅਪਲਾਈ ਕਰਨ ਦੀ ਸੰਭਾਵਨਾ ਹੈ, ਇਸ ਲਈ ਸਾਰੇ ਚਾਹਵਾਨ ਪ੍ਰੀਖਿਆਰਥੀ ਪ੍ਰੀਖਿਆ ਪਾਸ ਕਰਨ ਲਈ ਅਕਾਦਮਿਕ ਦੇ ਨਾਲ-ਨਾਲ ਆਪਣੀ ਸਰੀਰਕ ਯੋਗਤਾ ਨੂੰ ਸੁਧਾਰਨਗੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਵਿੱਚ 10,000 ਨਵੀਂ ਭਰਤੀ ਕਰਨ ਦਾ ਫੈਸਲਾ ਵੀ ਕੀਤਾ ਹੈ, ਜਿਸ ਲਈ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਇਸ ਗੱਲੋਂ ਸਾੜਾ ਰੱਖਦੀਆਂ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਸਮਝਦੇ ਹਨ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਇਲਾਹੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਹਜਮ ਨਹੀਂ ਹੋ ਰਿਹਾ ਕਿ ਇੱਕ ਆਮ ਆਦਮੀ ਰਾਜ ਨੂੰ ਕੁਸਲਤਾ ਨਾਲ ਚਲਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣ ਵਾਲੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ‘ਉੱਤਰ ਕਾਟੋ ਮੈਂ ਚੜ੍ਹਾਂ’ ਦੀ ਸਿਆਸਤ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸਾਡੀ ਸਰਕਾਰ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਉਨ੍ਹਾਂ ਨੂੰ ਇਸ ਲਈ ਨਿੰਦਦੇ ਹਨ ਕਿਉਂਕਿ ਸਾਡੀ ਸਰਕਾਰ ਵੱਲੋਂ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ।